ਚੰਡੀਗੜ੍ਹ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ’ਚ 2022 ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸੂਬੇ ਦਾ ਬਜਟ ਲੋਕ ਰਾਇ ਨਾਲ ਤਿਆਰ ਕੀਤਾ ਜਾਵੇਗਾ। ਬਜਟ ਤਿਆਰ ਕਰਨ ਤੋਂ ਪਹਿਲਾਂ ਵਪਾਰੀਆਂ-ਕਾਰੋਬਾਰੀਆਂ, ਕਿਸਾਨਾਂ-ਮਜ਼ਦੂਰਾਂ, ਔਰਤਾਂ, ਨੌਜਵਾਨਾਂ-ਬਜ਼ੁਰਗਾਂ ਅਤੇ ਮੁਲਾਜ਼ਮਾਂ ਸਮੇਤ ਸਾਰੇ ਵਰਗਾਂ ਦੀ ਰਾਇ ਜ਼ਰੂਰ ਲਈ ਜਾਵੇਗੀ। ਇਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਲੋਕਾਂ ਦੇ ਸੁਝਾਅ ਨਾਲ ਹੀ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਅਗਲੇ ਵਿੱਤੀ ਸਾਲ 2022-23 ਦੇ ਬਜਟ ਲਈ ਸਲਾਹ-ਮਸ਼ਵਰਾ ਸ਼ੁਰੂ ਕਰ ਦਿੱਤਾ ਹੈ।
ਬਜਟ ਤਿਆਰ ਕਰਨ ਲਈ ਦਿੱਲੀ ਵਾਸੀਆਂ ਅਤੇ ਵਪਾਰੀਆਂ-ਕਾਰੋਬਾਰੀਆਂ ਤੋਂ ਸੁਝਾਅ ਮੰਗੇ ਜਾ ਰਹੇ ਹਨ।ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਬਣਨ ਵਾਲੀ ‘ਆਪ’ ਦੀ ਸਰਕਾਰ ਪੰਜਾਬ ਦੇ ਲੋਕਾਂ ਅਤੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਮੀਟਿੰਗ ਦੌਰਾਨ ਮਿਲੇ ਸੁਝਾਵਾਂ ਨੂੰ ਬਜਟ ਵਿੱਚ ਸ਼ਾਮਲ ਕਰੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਲੋਕ ਰਾਇ ਨਾਲ ਤਿਆਰ ਕੀਤਾ ਜਾਣ ਵਾਲ ਬਜਟ ‘ਸਵਰਾਜ ਬਜਟ’ ਹੈ।
ਇਸ ਤਹਿਤ ਦਿੱਲੀ ਦੇ ਆਮ ਲੋਕਾਂ ਅਤੇ ਵਪਾਰੀਆਂ-ਕਾਰੋਬਾਰੀਆਂ ਨੂੰ ਸੂਬੇ ਦਾ ਬਜਟ ਤਿਆਰ ਕਰਨ ’ਚ ਭਾਗੀਦਾਰ ਬਣਾਇਆ ਜਾਵੇਗਾ। ਉਨ੍ਹਾਂ ਦੀ ਰਾਇ ਅਤੇ ਸੁਝਾਅ ਅਗਲੇ ਸਾਲ ਦੇ ਸਾਲਾਨਾ ਬਜਟ ’ਚ ਸ਼ਾਮਲ ਕੀਤੇ ਜਾਣਗੇ। ਦਿੱਲੀ ’ਚ ਕੇਜਰੀਵਾਲ ਸਰਕਾਰ ਨੇ ਸੂਬੇ ’ਚ ਜਾਗਰੂਕਤਾ ਮੁਹਿੰਮ ਚਲਾਈ ਹੈ, ਜਿਸ ਤਹਿਤ ਸੂਬੇ ਦੇ ਲੋਕਾਂ, ਕਾਰੋਬਾਰੀਆਂ ਤੇ ਕਾਰੋਬਾਰੀਆਂ ਤੋਂ ਬਜਟ ਤਿਆਰ ਕਰਨ ਲਈ ਸੁਝਾਅ ਮੰਗੇ ਜਾ ਰਹੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly