ਚੰਡੀਗੜ੍ਹ (ਸਮਾਜ ਵੀਕਲੀ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਰਾਜਪਾਲ ਵੱਲੋਂ ਰੇਤ ਮਾਫ਼ੀਆ ’ਚ ਮੁੱਖ ਮੰਤਰੀ ਚੰਨੀ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਲਈ ਡੀਜੀਪੀ ਨੂੰ ਦਿੱਤੇ ਹੁਕਮਾਂ ਦਾ ਸਵਾਗਤ ਕੀਤਾ ਹੈ। ‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਰਾਜਪਾਲ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪ ਕੇ ਮੁੱਖ ਮੰਤਰੀ ਚੰਨੀ ਖ਼ਿਲਾਫ਼ ਜਾਂਚ ਦੀ ਮੰਗ ਕੀਤੀ ਸੀ। ਸ੍ਰੀ ਚੱਢਾ ਨੇ ਰਾਜਪਾਲ ਦਾ ‘ਆਪ’ ਦੀ ਮੰਗ ਨੂੰ ਮੰਨਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਪੁਲੀਸ ਇਸ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਕਰੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦੇਵੇਗੀ। ਸ੍ਰੀ ਚੱਢਾ ਨੇ ਕਿਹਾ ਕਿ ਰਾਜਪਾਲ ਨੇ ਡੀਜੀਪੀ ਵੀਕੇ ਭਾਵਰਾ ਨੂੰ ਹੁਕਮ ਦਿੱਤੇ ਹਨ ਕਿ ਉਹ ਚੰਨੀ ਵਿਰੁੱਧ ਉਨ੍ਹਾਂ ਦੇ ਹਲਕੇ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ’ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਉੱਚ ਪੱਧਰੀ ਜਾਂਚ ਕਰਨ ਅਤੇ ਪੂਰੇ ਮਾਮਲੇ ਦੀ ਰਿਪੋਰਟ ਉਨ੍ਹਾਂ ਨੂੰ ਸੌਂਪਣ। ‘ਆਪ’ ਆਗੂ ਨੇ ਡੀਜੀਪੀ ਅਤੇ ਪੰਜਾਬ ਪੁਲੀਸ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਸਿਆਸੀ ਦਬਾਅ ਹੇਠ ਨਾ ਆਉਣ।
ਚੋਣ ਕਮਿਸ਼ਨ ਹੁਕਮਾਂ ’ਤੇ ਰੋਕ ਲਾਵੇ: ਜਾਖੜ
ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਟਵੀਟ ਕਰਕੇ ਰਾਜਪਾਲ ਦੇ ਇਨ੍ਹਾਂ ਹੁਕਮਾਂ ’ਤੇ ਇਤਰਾਜ਼ ਜਤਾਇਆ ਹੈ। ਜਾਖੜ ਨੇ ਕਿਹਾ ਕਿ ਜ਼ਾਹਿਰਾ ਤੌਰ ’ਤੇ ਸੁਪਰੀਮ ਕੋਰਟ ਨੇ ਵੀ ਅੱਜ ਡਰੱਗ ਕੇਸ ਦਾ ਫ਼ੈਸਲਾ ਕਰਨ ਸਮੇਂ ਚੋਣ ਪ੍ਰਕਿਰਿਆ ਨੂੰ ਧਿਆਨ ਵਿਚ ਰੱਖਿਆ ਪ੍ਰੰਤੂ ਰਾਜਪਾਲ ਨੇ ਮੁੱਖ ਮੰਤਰੀ ਖ਼ਿਲਾਫ਼ ਪੜਤਾਲ ਦੇ ਹੁਕਮ ਜਾਰੀ ਕਰਨ ਲਈ ਚੋਣਾਂ ਦੇ ਸਮੇਂ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੜਤਾਲ ਕੀਤੇ ਜਾਣ ’ਤੇ ਕੋਈ ਇਤਰਾਜ਼ ਨਹੀਂ ਹੈ ਪ੍ਰੰਤੂ ਚੋਣਾਂ ਮੌਕੇ ਪੜਤਾਲ ਦੀ ਟਾਈਮਿੰਗ ਗ਼ਲਤ ਹੈ। ਜਾਖੜ ਨੇ ਕਿਹਾ ਕਿ ਸੰਵਿਧਾਨਕ ਮਰਿਆਦਾ ਦੀ ਉਲੰਘਣਾ ਕਰਕੇ ਸੰਘਵਾਦ ਨੂੰ ਢਾਹ ਲਾਈ ਜਾ ਰਹੀ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਇਨ੍ਹਾਂ ਹੁਕਮਾਂ ਦੇ ਅਮਲ ’ਤੇ ਰੋਕ ਲਾਈ ਜਾਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly