HOME ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਨੇ ਮੈਰਾਥਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਨੇ ਮੈਰਾਥਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

2

ਜ਼ਿਲ੍ਹਾ ਵਾਸੀਆਂ ਨੂੰ ਸਨਿੱਚਰਵਾਰ ਸਵੇਰੇ 6.30 ਵਜੇ ਆਈ.ਟੀ.ਆਈ ਗਰਾਊਂਡ ਪਹੁੰਚਣ ਦਾ ਦਿੱਤਾ ਸੱਦਾ

ਨਵਾਂਸ਼ਹਿਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਵੱਲੋਂ 26 ਅਪ੍ਰੈਲ, ਦਿਨ ਸਨਿੱਚਰਵਾਰ ਨੂੰ ਕਰਵਾਈ ਜਾ ਰਹੀ ਵਿਸ਼ਾਲ ਮੈਰਾਥਨ ਦੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜੀਵ ਵਰਮਾ ਵੱਲੋਂ ਜਾਇਜ਼ਾ ਲਿਆ ਗਿਆ। ਇਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਅਗਵਾਈ ਹੇਠ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਕਰਵਾਈ ਜਾ ਰਹੀ ਇਸ ਮੈਰਾਥਨ ਵਿਚ ਜ਼ਿਲ੍ਹੇ ਦੀਆਂ ਉੱਘੀਆਂ ਸ਼ਖਸੀਅਤਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਵਿਦਿਆਰਥੀ, ਅਧਿਆਪਕ, ਖਿਡਾਰੀ, ਪਿੰਡਾਂ ਦੇ ਪੰਚ-ਸਰਪੰਚ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਅਤੇ ਜ਼ਿਲ੍ਹਾ ਵਾਸੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਨਸ਼ਿਆਂ ਦੇ ਖਿਲਾਫ਼ ਲੜਾਈ ਵਿਚ ਮੋਹਰੀ ਭੂਮਿਕਾ ਨਿਭਾਉਣ ਦਾ ਅਹਿਦ ਲੈਣ ਦੇ ਨਾਲ-ਨਾਲ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਗਰੂਕ ਕਰਨ ਲਈ ਵੀ ਆਪਣਾ ਫਰਜ਼ ਨਿਭਾਉਣਗੇ। ਇਸ ਦੌਰਾਨ ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ, ਤਾਂ ਜੋ ਇਸ ਮੈਰਾਥਨ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੈਰਾਥਨ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਸਮਾਜ ਦੀ ਨਸ਼ਿਆਂ ਖ਼ਿਲਾਫ਼ ਜੰਗ ਵਿਚ ਭਾਗੀਦਾਰੀ ਵਧਾਉਣਾ ਹੈ। ਉਨ੍ਹਾਂ ਦੱਸਿਆ ਕਿ ਇਹ ਮੈਰਾਥਨ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਸਵੇਰੇ 6.30 ਵਜੇ ਸ਼ੁਰੂ ਹੋਵੇਗੀ ਅਤੇ ਰਾਜਾ ਹਸਪਤਾਲ, ਬਾਰਾਦਰੀ ਬਾਗ਼, ਸਰਕਾਰੀ ਮੁੜ ਵਸੇਬਾ ਕੇਂਦਰ ਅਤੇ ਬਾਬਾ ਸਾਹਿਬ ਡਾ. ਬੀ. ਆਰ ਅੰਬੇਡਕਰ ਚੌਕ ਤੋਂ ਹੁੰਦੀ ਹੋਈ ਵਾਪਸ ਆਈ.ਟੀ.ਆਈ ਗਰਾਊਂਂਡ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸਨਿਚਰਵਾਰ ਨੂੰ ਸਵੇਰੇ 6.30 ਵਜੇ ਆਈ.ਟੀ.ਆਈ ਗਰਾਊਂਂਡ ਪਹੁੰਚ ਕੇ ਇਸ ਮੈਰਾਥਨ ਦਾ ਹਿੱਸਾ ਬਣਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿਚ ਆਪਣਾ ਵਡਮੁੱਲਾ ਯੋਗਦਾਨ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਸਹਾਇਕ ਕਮਿਸ਼ਨਰ ਜਨਰਲ ਰੋਹਿਤ ਜਿੰਦਲ, ਸੀ.ਐਮ ਫੀਲਡ ਅਫ਼ਸਰ ਜਗਦੀਪ ਸਿੰਘ, ਜਿਲਾ ਮਾਲ ਅਫ਼ਸਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨਿਧੀ ਸਿਨਹਾ, ਡੀ.ਐਸ.ਪੀ ਸੁਰਿੰਦਰ ਚਾਂਦ, ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਿੱਖਿਆ  ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਪੰਜਾਬ ਸਰਕਾਰ   ਵਚਨਬੱਧ: ਜੈ ਕ੍ਰਿਸ਼ਨ  ਸਿੰਘ ਰੌੜੀ
Next articleਅਹਿਮਦੀਆ ਮੁਸਲਿਮ ਜਮਾਤ ਵੱਲੋਂ ਹਮਾਇਤ ਕਰਨ ਨਾਲ ਢਿੱਲੋਂ ਦੀ ਚੋਣ ਮੁਹਿੰਮ ਨੂੰ ਹੁੰਗਾਰਾ