ਨਵੀਂ ਦਿੱਲੀ (ਸਮਾਜ ਵੀਕਲੀ): ਤਾਲਿਬਾਨ ਨੇ ਅੱਜ ਕਿਹਾ ਹੈ ਕਿ ਅਫਗਾਨੀ ਹਿੰਦੂ ਤੇ ਸਿੱਖਾਂ ਨੂੰ ਦੇਸ਼ ਤੋਂ ਬਾਹਰ ਜਾਣ ’ਤੇ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਦੂਜੇ ਪਾਸੇ ਕਾਬੁਲ ਵਿਚਲੇ ਮੁੱਖ ਸਿੱਖ ਆਗੂਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮਾਂ ਵਿਚ ਸ਼ਿਰਕਤ ਕਰਨ ਦੀ ਆਗਿਆ ਦੇਣੀ ਚਾਹੀਦੀ ਹੈ ਤੇ ਆਪਣੇ ਵਾਅਦੇ ਨਿਭਾਉਣੇ ਚਾਹੀਦੇ ਹਨ। ਕਾਬੁਲ ਵਿਚਲੀ ਪਰਵਾਨ ਕਮੇਟੀ ਦੇ ਚੇਅਰਮੈਨ ਗੁਰਨਾਮ ਸਿੰਘ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਇਥੋਂ ਦੇ 150 ਹਿੰਦੂ ਤੇ ਸਿੱਖ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਨ ਭਾਰਤ ਆਉਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਭਾਰਤ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਉਹ ਭਾਰਤ ਜਾਣ ਲਈ ਤਿਆਰ ਸਨ ਜਿਸ ਲਈ ਹਵਾਈ ਜਹਾਜ਼ ਆਇਆ ਤੇ ਉਹ 14 ਘੰਟੇ ਇੰਤਜ਼ਾਰ ਕਰਦੇ ਰਹੇ ਪਰ ਉਨ੍ਹਾਂ ਨੂੰ ਹਵਾਈ ਜਹਾਜ਼ ਵਿਚ ਜਾਣ ਨਹੀਂ ਦਿੱਤਾ ਗਿਆ। ਜੇ ਉਨ੍ਹਾਂ ਨੂੰ ਹੁਣ ਵੀ ਜਾਣ ਦੀ ਆਗਿਆ ਦਿੱਤੀ ਜਾਵੇ ਤਾਂ ਵੀ ਉਹ ਕੁਝ ਸਮਾਗਮਾਂ ਵਿਚ ਸ਼ਾਮਲ ਹੋ ਸਕਦੇ ਹਨ ਕਿਉਂਕਿ ਕਈ ਸਮਾਗਮਾਂ ਲਈ ਸੱਤ ਦਿਨ ਰਹਿ ਗਏ ਹਨ ਪਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਨਾ ਹੀ ਹਾਂ ਕਹੀ ਹੈ ਤੇ ਨਾ ਹੀ ਉਨ੍ਹਾਂ ਦੀ ਮੰਗ ਨਕਾਰੀ ਹੈ।
ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਅਫਗਾਨੀ ਮੀਡੀਆ ਨੂੰ ਦੱਸਿਆ ਕਿ ਹਿੰਦੂਆਂ ਤੇ ਸਿੱਖਾਂ ਨੂੰ ਭਾਰਤ ਜਾਣ ਲਈ ਕੋਈ ਰੁਕਾਵਟ ਨਹੀਂ ਹੈ, ਉਹ ਕਾਬੁਲ ਦੇ ਹਵਾਈ ਅੱਡੇ ’ਤੇ ਜਾ ਕੇ ਭਾਰਤ ਵਿਚਲੇ ਧਾਰਮਿਕ ਸਮਾਗਮਾਂ ਵਿਚ ਸ਼ਾਮਲ ਹੋ ਸਕਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly