ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਲਖੀਮਪੁਰ ਖੀਰੀ ਵਿੱਚ ਆਸ਼ੀਸ਼ ਮਿਸ਼ਰਾ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਸ੍ਰੀ ਸਿੱਧੂ ਨੇ ਭੁੱਖ ਹੜਤਾਲ ਖ਼ਤਮ ਕਰਨ ਦਾ ਫੈਸਲਾ ਉਸ ਸਮੇਂ ਲਿਆ ਜਦੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਉੱਤਰ ਪ੍ਰਦੇਸ਼ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਗੇ ਪੇਸ਼ ਹੋਇਆ। ਸ੍ਰੀ ਸਿੱਧੂ ਅਤੇ ਹੋਰ ਆਗੂਆਂ ਦੀ ਭੁੱਖ ਹੜਤਾਲ ਸਥਾਨਕ ਬੱਚੀਆਂ ਨੇ ਉਨ੍ਹਾਂ ਨੂੰ ਜੂਸ ਅਤੇ ਦੁੱਧ ਪਿਆ ਕੇ ਖ਼ਤਮ ਕਰਵਾਈ। ਭੁੱਖ ਹੜਤਾਲ ਖ਼ਤਮ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਇਹ ਸੱਚ ਦੀ ਲੜਾਈ ਸੀ ਅਤੇ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਦੇ ਪੀੜਤ ਪਰਿਵਾਰਾਂ ਨਾਲ ਉਹ ਚੱਟਾਨ ਵਾਂਗ ਖੜ੍ਹੇ ਹਨ ਅਤੇ ਇਨ੍ਹਾਂ ਪਰਿਵਾਰਾਂ ਦੀ ਹਰ ਤਰੀਕੇ ਨਾਲ ਮਦਦ ਕੀਤੀ ਜਾਵੇਗੀ। ਕਾਂਗਰਸ ਆਗੂ ਨੇ ਕਿਹਾ,‘‘ਭਾਜਪਾ ਸ਼ਾਸਨ ਦੌਰਾਨ ਲੋਕਾਂ ’ਤੇ ਜ਼ੁਲਮ ਵਧਿਆ ਹੈ। ਰੱਬ ਨੇ ਮੈਨੂੰ ਇਹ ਲੜਾਈ ਲੜਨ ਦੀ ਤਾਕਤ ਦਿੱਤੀ ਸੀ।’’ ਕਿਸਾਨ ਅੰਦੋਲਨ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਹੱਕ-ਸੱਚ ਦੀ ਲੜਾਈ ਲੜ ਰਿਹਾ ਹੈ ਅਤੇ ਕਿਸਾਨ ਵਿਰੋਧੀ ਤਾਕਤਾਂ ਅੰਨਦਾਤੇ ਨੂੰ ਬਦਨਾਮ ਕਰਨ ’ਤੇ ਲੱਗੀਆਂ ਹੋਈਆਂ ਹਨ। ਸ੍ਰੀ ਸਿੱਧੂ ਸ਼ੁੱਕਰਵਾਰ ਸ਼ਾਮ ਤੋਂ ਹੀ ਲਖੀਮਪੁਰ ਖੀਰੀ ਕਾਂਡ ਵਿੱਚ ਮਾਰੇ ਗਏ ਪੱਤਰਕਾਰ ਰਤਨ ਕਸ਼ਿਅਪ ਦੇ ਘਰ ਭੁੱਖ ਹੜਤਾਲ ਅਤੇ ਮੌਨ ਵਰਤ ’ਤੇ ਬੈਠੇ ਸਨ। ਉਨ੍ਹਾਂ ਮੰਗ ਕੀਤੀ ਸੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਮੰਤਰੀ ਵਿਜੈਇੰਦਰ ਸਿੰਗਲਾ, ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਵਿਧਾਇਕ ਰਾਜ ਕੁਮਾਰ ਚੱਬੇਵਾਲ ਅਤੇ ਮਦਨ ਲਾਲ ਜਲਾਲਪੁਰ ਵੀ ਹਾਜ਼ਰ ਸਨ।
ਸਿੱਧੂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਆਗੂਆਂ ਦਾ ਵਫ਼ਦ ਵੀਰਵਾਰ ਨੂੰ ਪੰਜਾਬ ਤੋਂ ਲਖੀਮਪੁਰ ਖੀਰੀ ਲਈ ਰਵਾਨਾ ਹੋਇਆ ਸੀ। ਇਸ ਵਫ਼ਦ ਦੇ ਆਗੂਆਂ ਨੂੰ ਉੱਤਰ ਪ੍ਰਦੇਸ਼ ’ਚ ਦਾਖ਼ਲ ਹੁੰਦਿਆਂ ਸਾਰ ਹੀ ਹਿਰਾਸਤ ’ਚ ਲੈ ਲਿਆ ਗਿਆ ਸੀ ਪਰ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੀ ਇਜਾਜ਼ਤ ਮਿਲ ਗਈ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly