ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਪੱਦੀ ਸੂਰਾ ਸਿੰਘ ਵਿਖੇ ਖੇਤ ਦਿਵਸ ਦਾ ਆਯੋਜਨ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਪਰਾਲੀ ਪ੍ਰਬੰਧਨ ਅਪਣਾਏ ਪਿੰਡ ਪੱਦੀ ਸੂਰਾ ਸਿੰਘ ਵਿਖੇ ਪਰਾਲੀ ਪ੍ਰਬੰਧਨ ਉਪਰੰਤ ਬੀਜੀ ਕਣਕ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ।ਕੈਂਪ ਦੀ ਸ਼ੁਰੂਆਤ ਵਿੱਚ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਮਨਿੰਦਰ ਸਿੰਘ ਬੌਂਸ  ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਅਤੇ ਉਪਲਬੱਧ ਮਸ਼ੀਨਰੀ ਤੇ ਤਕਨੀਕਾਂ ਰਾਂਹੀ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲਾਂ ਦੀ ਤਰਾਂ ਇਸ ਵਾਰ ਵੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹਿੰਮ ਰੂਪ ਵਿੱਚ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਪਾਂ, ਸਿਖਲਾਈ ਪ੍ਰੋਗਰਾਮਾਂ, ਪ੍ਰਦਰਸ਼ਨੀਆਂ, ਹੋਰਡਿੰਗ ਤੇ ਖੇਤੀ ਸਾਹਿੱਤ ਰਾਂਹੀ ਅਤੇ ਮਸ਼ੀਨਰੀ ਉਪਲਬੱਧ ਕਰਵਾ ਕੇ ਵੱਖ-ਵੱਖ ਪਸਾਰ ਗਤੀਵਿਧੀਆਂ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਯੋਗ ਅਗਵਾਈ ਹੇਠ ਵਿਭਾਗਾਂ ਦੀ ਪਹਿਲਕਦਮੀ ਅਤੇ ਕਿਸਾਨਾਂ ਦੇ ਭਰਪੂਰ ਸਹਿਯੋਗ ਸਦਕਾ ਇਸ ਸਾਲ ਪਰਾਲੀ ਸਾੜਣ ਦੇ ਕੇਸਾਂ ਵਿੱਚ ਬਹੁਤ ਗਿਰਾਵਟ ਆਈ ਹੈ ਅਤੇ ਜ਼ਿਲ੍ਹੇ ਵਿੱਚ ਸਿਰਫ 29 ਕੇਸ ਹੀ ਦਰਜ ਹੋਏ ਹਨ। ਉਨ੍ਹਾਂ ਨੇ ਪੱਦੀ ਸੂਰਾ ਸਿੰਘ ਦੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਵੀ ਕੀਤੀ, ਜਿਨ੍ਹਾਂ ਨੇ ਇਸ ਮਨੋਰਥ ਨੂੰ ਪੂਰਾ ਕਰਨ ਵਿੱਚ ਪੂਰਾ ਯੋਗਦਾਨ ਪਾਇਆ ਅਤੇ ਪਿੰਡ ਵਿੱਚ ਪਰਾਲੀ ਸਾੜਣ ਦਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ ਇਸ ਮੌਕੇ ਸਹਾਇਕ ਪ੍ਰੌਫੈਸਰ (ਖੇਤੀਬਾੜੀ ਇੰਜੀਨਿਅਰਿੰਗ) ਡਾ. ਅਜੈਬ ਸਿੰਘ  ਨੇ ਪਰਾਲੀ ਪ੍ਰਬੰਧਨ ਉਪਲਬੱਧ ਮਸ਼ੀਨਰੀ ਸਰਫੇਸ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਉਲਟਾਵਾਂ ਹੱਲ, ਜੀਰੋ ਟਿੱਲ ਡਰਿੱਲ, ਰੋਟਾਵੇਟਰ ਤੇ ਬੇਲਰ ਦੀ ਵਰਤੋਂ ਤੇ ਕਾਰਗੁਜਾਰੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਪਰਾਲੀ ਦੀ ਪਸ਼ੂ ਖੁਰਾਕ, ਮਲਚ, ਖੁੰਬ ਉਤਪਾਦਨ, ਊਰਜਾ, ਖਾਦ ਤੇ ਗੱਤਾ ਉਦਯੋਗ ਵਿੱਚ ਵਰਤੋਂ ਬਾਰੇ ਵੀ ਜਾਗਰੂਕ ਕੀਤਾ।ਪ੍ਰੋਗਰਾਮ ਸਹਾਇਕ, ਕ੍ਰਿਸ਼ੀ ਵਿਗਿਆਨ ਕੇਂਦਰ ਸੁਨੀਤਾ ਨੇ ਮਿੱਟੀ ਪਰਖ ਦੀ ਮਹੱਤਤਾ ਤੇ ਮਿੱਟੀ ਪਰਖ ਲਈ ਨਮੂਨੇ ਲੈਣ ਦੀ ਵਿਧੀ ਬਾਰੇ ਦੱਸਿਆ ਗਿਆ।ਕਿਸਾਨਾਂ ਨੇ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਉਪਰੰਤ ਕਣਕ ਦੀ ਬਿਜਾਈ ਦੀ ਪ੍ਰਦਰਸ਼ਨੀ ਵਾਲੇ ਖੇਤਾਂ ਦਾ ਦੌਰਾ ਵੀ ਕੀਤਾ, ਜਿੱਥੇ ਕੇ.ਵੀ.ਕੇ. ਦੇ ਵਿਗਿਆਨੀਆਂ ਨੇ ਕਿਸਾਨਾਂ ਨਾਲ ਉਨ੍ਹਾਂ ਦੇ ਖਦਸ਼ਿਆਂ ਬਾਰੇ ਵਿਚਾਰ-ਚਰਚਾ ਕੀਤੀ।ਖੇਤ ਦਿਵਸ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਗਰਮੀ ਦੀਆਂ ਸਬਜੀਆਂ ਦੀਆਂ ਕਿੱਟਾਂ ਤੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਵੀ ਵਿੱਕਰੀ ਲਈ ਉਪਲਬੱਧ ਕਰਵਾਇਆ ਗਿਆ ਅਤੇ ਖੇਤੀ ਸਾਹਿੱਤ ਮੁਹੱਈਆ ਕਰਵਾਇਆ ਗਿਆ। ਅਖੀਰ ਵਿੱਚ ਪਿੰਡ ਪੱਦੀ ਸੂਰਾ ਸਿੰਘ ਦੇ ਪੰਚ ਕੁਲਵੰਤ ਸਿੰਘ ਵੱਲੋਂ ਆਏ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਆਪ ਦੀ ਸਰਕਾਰ ਵਲੋਂ ਐਸਸੀ ਕਮਿਸ਼ਨ ਵਿੱਚ ਐਸਸੀ ਚੇਅਰਮੈਨ ਨਾ ਲਗਾਉਣ ਕਰਕੇ ਹੀ ਐਸਸੀ ਸਮਾਜ ਦੇ ਲੋਕਾਂ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ : ਬੇਗਮਪੁਰਾ ਟਾਈਗਰ ਫੋਰਸ
Next articleਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਨਸ਼ਾ ਮੁਕਤ ਪੰਜਾਬ ਮਿਸ਼ਨ ਸਮਾਈਲ ਤਹਿਤ ਲਗਾਇਆ ਹੈਲਪ ਡੈਸਕ