(ਸਮਾਜ ਵੀਕਲੀ) ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਸਮਰਾਲਾ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ ਇਹ ਬਿਜਾਈ ਡਾ ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ ਅਤੇ ਡਾ ਗੌਰਵਧੀਰ ਖੇਤੀਬਾੜੀ ਅਫਸਰ ਸਮਰਾਲਾ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਮਰਾਲਾ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਲੋੜ ਹੈ ਜਮੀਨ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਵੇਖਦੇ ਹੋਏ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬਚਤ ਹੁੰਦੀ ਹੈ ਉਹਦੇ ਨਾਲ ਨਾਲ ਕਿਸਾਨਾਂ ਦੇ ਖੇਤੀ ਖਰਚੇ ਵੀ ਘੱਟਦੇ ਹਨ ਇਸ ਮੌਕੇ ਉਹਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕਿਸਾਨ ਵੀਰਾਂ ਨੂੰ ਝੋਨੇ ਦੀ ਨਾੜ ਨੂੰ ਸਾਂਭਣ ਲਈ ਇੱਕ ਹਫਤੇ ਦਾ ਵੱਧ ਸਮਾਂ ਮਿਲ ਜਾਂਦਾ ਹੈ। ਝੋਨੇ ਦੀ ਬਿਜਾਈ ਇਸ ਢੰਗ ਨਾਲ ਕਰਨ ਨਾਲ ਬਿਮਾਰੀਆਂ ਦਾ ਹਮਲਾ ਵੀ ਘੱਟ ਹੁੰਦਾ ਹੈ। ਹਾੜੀ ਦੇ ਸੀਜਨ ਵਿੱਚ ਕਣਕ ਦਾ ਝਾੜ ਵੀ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਲਗਭਗ ਇੱਕ ਕੁਇੰਟਲ ਵੱਧ ਨਿਕਲਦਾ ਹੈ। ਉਹਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨ ਵੀਰਾਂ ਨੂੰ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ ਤੇ ਇਹ ਸਹਾਇਤਾ ਪ੍ਰਾਪਤ ਕਰਨ ਲਈ ਕਿਸਾਨ ਵੀਰ ਪੋਰਟਲ ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰਨ। ਇਸ ਮੌਕੇ ਉਹਨਾਂ ਦੱਸਿਆ ਕਿ ਇਲਾਕੇ ਦੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਪਿਛਲੇ ਸਾਲ ਨਾਲੋਂ ਰਕਬਾ ਵੱਧ ਹੋਣ ਦੀ ਆਸ ਹੈ। ਇਸ ਮੌਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਵੀਰ ਬਲਦੇਵ ਸਿੰਘ ਰਾਜੇਵਾਲ,ਦਿਲਬਾਗ ਸਿੰਘ ਸੰਗਤਪੁਰਾ, ਜਗਰੂਪ ਸਿੰਘ ਘਰਖਣਾ,ਬੀਰ ਸਿੰਘ, ਚਰਨਜੀਤ ਸਿੰਘ ਚੱਕਮਾਫੀ, ਸਰਬਪ੍ਰੀਤ ਸਿੰਘ ਮਾਨੂੰਪੁਰ, ਕੁਲਵਿੰਦਰ ਸਿੰਘ ਢਿਲਵਾਂ ਹਾਜ਼ਰ ਸਨ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



