ਹੈਦਰਾਬਾਦ (ਸਮਾਜ ਵੀਕਲੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਵਿਸ਼ਵ ਪੱਧਰ ’ਤੇ ਖੇਤੀਬਾੜੀ ਖੇਤਰ ਵਿੱਚ ਦਰਪੇਸ਼ ਚੁਣੌਤੀਆਂ ਨੂੰ ਉਭਾਰਦਿਆਂ ਜੀ-20 ਦੇਸ਼ਾਂ ਦੇ ਖੇਤੀਬਾੜੀ ਮੰਤਰੀਆਂ ਨੂੰ ਆਲਮੀ ਖੁਰਾਕ ਸੁਰੱਖਿਆ ਹਾਸਲ ਕਰਨ ਲਈ ਸਮੂਹਿਕ ਕਾਰਵਾਈ ਦੇ ਤਰੀਕਿਆਂ ’ਤੇ ਵਿਚਾਰ ਕਰਨ ਦਾ ਸੱਦਾ ਦਿੱਤਾ। ਖੇਤੀਬਾੜੀ ਸਬੰਧੀ ਹੈਦਰਾਬਾਦ ਵਿੱਚ ਜੀ-20 ਦੇਸ਼ਾਂ ਦੀ ਤਿੰਨ ਰੋਜ਼ਾ ਮੀਟਿੰਗ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਕਰੋਨਾ ਮਹਾਮਾਰੀ ਕਾਰਨ ਖੁਰਾਕੀ ਪਦਾਰਥਾਂ ਦੀ ਸਪਲਾਈ ਪ੍ਰਭਾਵਿਤ ਹੋਈ ਹੈ।
ਉਨ੍ਹਾਂ ਕਿਹਾ, ‘‘ਮੈਂ ਤੁਹਾਨੂੰ ਆਲਮੀ ਖੁਰਾਕ ਸੁਰੱਖਿਆ ਹਾਸਲ ਕਰਨ ਲਈ ਸਮੂਹਿਕ ਕਾਰਵਾਈ ਦੇ ਤਰੀਕਿਆਂ ’ਤੇ ਵਿਚਾਰ-ਚਰਚਾ ਕਰਨ ਦੀ ਅਪੀਲ ਕਰਦਾ ਹਾਂ। ਸਾਨੂੰ ਮੱਧਵਰਗੀ ਕਿਸਾਨਾਂ ’ਤੇ ਕੇਂਦਰਿਤ ਟਿਕਾਊ ਅਤੇ ਸਮਾਵੇਸ਼ੀ ਭੋਜਨ ਪ੍ਰਣਾਲੀ ਤਿਆਰ ਕਰਨ ਦੇ ਤਰੀਕੇ ਲੱਭਣੇ ਚਾਹੀਦੇ ਹਨ। ਸਾਨੂੰ ਗਲੋਬਲ ਖਾਦ ਸਪਲਾਈ ਲੜੀ ਨੂੰ ਮਜ਼ਬੂਤ ਕਰਨ ਦੇ ਢੰਗ ਖੋਜਣੇ ਚਾਹੀਦੇ ਹਨ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ, ਫ਼ਸਲਾਂ ਦੀ ਸੰਭਾਲ ਅਤੇ ਬਿਹਤਰ ਝਾੜ ਲਈ ਆਧੁਨਿਕ ਖੇਤੀ ਦੇ ਤਰੀਕਿਆਂ ਨੂੰ ਅਪਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਰਹਿੰਦ-ਖੂੰਹਦ ਅਤੇ ਅਨਾਜ ਦੀ ਬਰਬਾਦੀ ਨੂੰ ਘਟਾਉਣਾ ਸਮੇਂ ਦੀ ਮੁੱਖ ਲੋੜ ਹੈ। ਪ੍ਰਧਾਨ ਮੰਤਰੀ ਨੇ ਖੇਤੀਬਾੜੀ ਰਹਿੰਦ-ਖੂੰਹਦ ਨੂੰ ਕਮਾਈ ਦਾ ਸਾਧਨ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੀ ਨੀਤੀ ‘ਬੁਨਿਆਦੀ ਮੁੱਦਿਆਂ ’ਤੇ ਪਰਤਣ’ ਅਤੇ ‘ਭਵਿੱਖ ਵੱਲ ਵਧਣ’ ਦਾ ਸੁਮੇਲ ਹੈ ਅਤੇ ਇਸੇ ਦੇ ਮੱਦੇਨਜ਼ਰ ਦੇਸ਼ ਵਿੱਚ ਕੁਦਰਤੀ ਖੇਤੀ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਅਤੇ ਕਿਸਾਨ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਤੋਂ ਗੁਰੇਜ਼ ਕਰ ਰਹੇ ਹਨ।
ਨਰਿੰਦਰ ਮੋਦੀ ਨੇ ਕਿਹਾ ਕਿ ਧਰਤੀ ਮਾਂ ਦੀ ਸੁਰੱਖਿਆ ਦੇ ਮੱਦੇਨਜ਼ਰ ‘ਪ੍ਰਤੀ ਬੂੰਦ, ਵੱਧ ਫ਼ਸਲ’ ਤਹਿਤ ਆਰਗੈਨਿਕ ਖੇਤੀ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਪੈਦਾਵਰ ਵਧਾਉਣ ਲਈ ਆਧੁਨਿਕ ਤਕਨਾਲੋਜੀ ਅਤੇ ਖੇਤਾਂ ਵਿੱਚ ਸੂਰਜੀ ਊਰਜਾ ਦਾ ਲਾਹਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਚੋਣ ਲਈ ਮਿੱਟੀ ਸਿਹਤ ਕਾਰਡ ਦੀ ਵਰਤੋਂ ਹੋ ਰਹੀ ਹੈ ਤੇ ਪੌਸ਼ਟਿਕ ਤੱਤਾਂ ਦੇ ਛਿੜਕਾਅ ਅਤੇ ਫ਼ਸਲਾਂ ’ਤੇ ਨਿਗਰਾਨੀ ਲਈ ਡਰੋਨਾਂ ਦੀ ਵਰਤੋਂ ਕਰ ਰਹੇ ਹਨ। -ਪੀਟੀਆਈ
ਚੰਗੀ ਸਿਹਤ ਅਤੇ ਤੰਦਰੁਸਤੀ ਲਈ ਯੋਗ ਦੁਨੀਆ ਨੂੰ ਜੋੜਦੈ: ਮੋਦੀ
ਨਵੀਂ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗ ਦੇ ਵਿਸ਼ਵ ਪੱਧਰ ’ਤੇ ਹੋਰ ਮਕਬੂਲ ਹੋਣ ਦੀ ਕਾਮਨਾ ਕਰਦਿਆਂ ਕਿਹਾ ਕਿ ਚੰਗੀ ਸਿਹਤ ਅਤੇ ਤੰਦਰੁਸਤ ਲਈ ਯੋਗ ਦੁਨੀਆ ਨੂੰ ਜੋੜਦਾ ਹੈ। ਪ੍ਰਧਾਨ ਮੰਤਰੀ ਨੇ ਯੋਗ ਦਿਵਸ ਤੋਂ ਕੁੱਝ ਦਿਨ ਪਹਿਲਾਂ ਟਵੀਟ ਜ਼ਰੀਏ ਸੰਯੁਕਤ ਰਾਸ਼ਟਰ ਮਹਾਸਭਾ ਦੇ ਪ੍ਰਧਾਨ ਕਸਾਬਾ ਕੋਰੋਸ਼ੀ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਹ ਆਪਣੇ ਅਮਰੀਕਾ ਦੌਰੇ ਦੌਰਾਨ 21 ਜੂਨ ਨੂੰ ਨਿਊਯਾਰਕ ਸਥਿਤ ਯੂਐੱਨ ਹੈੱਡਕੁਆਰਟਰ ਵਿੱਚ ਕੌਮਾਂਤਰੀ ਯੋਗ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly