ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਡਰਾਮਾ ਕਰ ਰਹੇ ਨੇ ਅਕਾਲੀ ਤੇ ‘ਆਪ’: ਸਿੱਧੂ

ਚੰਡੀਗੜ੍ਹ  (ਸਮਾਜ ਵੀਕਲੀ) :ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਕੇਂਦਰ ਦੇ ਵਿਵਾਦਤ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਉਹ ਇਸ ਮੁੱਦੇ ’ਤੇ ਡਰਾਮਾ ਰਚ ਰਹੇ ਹਨ। ਆਮ ਆਦਮੀ ਪਾਰਟੀ (ਆਪ) ਨੇ ਸਿੱਧੂ ’ਤੇ ਜਵਾਬੀ ਹਮਲਾ ਕਰਦਿਆਂ ਉਨ੍ਹਾਂ ਨੂੰ ‘ਰਾਖੀ ਸਾਵੰਤ’ ਕਿਹਾ। ਜ਼ਿਕਰਯੋਗ ਹੈ ਕਿ ਸਿੱਧੂ ਨੇ ਬੁੱਧਵਾਰ ਨੂੰ ਵੀ ਬਾਦਲਾਂ ’ਤੇ ਹਮਲਾ ਕਰਦਿਆਂ, ਉਨ੍ਹਾਂ ’ਤੇ ਕੇਂਦਰ ਦੇ ਖੇਤੀ ਕਾਨੂੰਨਾਂ ਦੀ ਨੀਂਹ ਰੱਖਣ ਦਾ ਦੋਸ਼ ਲਗਾਇਆ ਸੀ, ਜਿਸ ਦਾ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਕਾਨੂੰਨਾਂ ਦੇ ਪਾਸ ਹੋਣ ਦੀ ਪਹਿਲੀ ਵਰ੍ਹੇਗੰਢ ਮੌਕੇ ਉੱਤੇ ਕਾਨੂੰਨਾਂ ਵਿਰੁੱਧ ਰੋਸ ਮਾਰਚ ਕੱਢਿਆ, ਜਿਸ ’ਤੇ ਪੁਲੀਸ ਨੇ ਦੋਵਾਂ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਅਕਾਲੀ ਦਲ ’ਤੇ ਹਮਲਾ ਕਰਦਿਆਂ ਸਿੱਧੂ ਨੇ ਮੁੜ ਦੋਸ਼ ਲਾਇਆ ਕਿ ਉਹ ‘ਕਾਲੇ ਕਾਨੂੰਨਾਂ’ ਦੇ ‘ਸਿਰਜਣਹਾਰ’ ਅਤੇ ‘ਰਖਵਾਲੇ’ ਸਨ। ਸਿੱਧੂ ਨੇ ਟਵੀਟ ਕੀਤਾ, ‘ਕਾਲੇ ਕਾਨੂੰਨਾਂ ਦੇ ਨਿਰਮਾਤਾ ਅਤੇ ਰਖਵਾਲੇ ਅੱਜ ਮਗਰਮੱਛ ਦੇ ਹੰਝੂ ਵਹਾ ਰਹੇ ਹਨ !!

ਸਿੱਧੂ ਨੇ ਆਮ ਆਦਮੀ ਪਾਰਟੀ ’ਤੇ ਵੀ ਨਿਸ਼ਾਨਾ ਸੇਧਦਿਆਂ ਦੋਸ਼ ਲਾਇਆ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਪਿਛਲੇ ਸਾਲ ਉਦੋਂ ਖੇਤੀਬਾੜੀ ਕਾਨੂੰਨਾਂ ਵਿੱਚੋਂ ਇੱਕ ਨੂੰ ਨੋਟੀਫਾਈ ਕੀਤਾ ਸੀ, ਜਦੋਂ ਕਿਸਾਨ ਕੌਮੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਆਪਣੇ ਟਵਿੱਟਰ ਹੈਂਡਲ ‘ਤੇ ਇੱਕ ਵੀਡੀਓ ਸੰਦੇਸ਼ ਵਿੱਚ ਸਿੱਧੂ ਨੇ ਕਿਹਾ ਕਿ ‘ਆਪ’ ਨੇ ਦਿੱਲੀ ਵਿਧਾਨ ਸਭਾ ਵਿੱਚ ਕੇਂਦਰੀ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜਨ ਦਾ ਡਰਾਮਾ ਕੀਤਾ।

ਸਿੱਧੂ ਨੇ ਇੱਕ ਹੋਰ ਟਵੀਟ ਵਿੱਚ ਕਿਹਾ, ‘ਕਿਸਾਨਾਂ ਦੀ ਲੁੱਟ ਅਤੇ ਫਸਲਾਂ ਦੇ ਭਾਅ ਘਟਣ ’ਤੇ ਵੀ ਐੱਮਐੱਸਪੀ ਦਾ ਐਲਾਨ ਕੀਤਾ ਗਿਆ ਹੈ, ਅਰਵਿੰਦ ਕੇਜਰੀਵਾਲ ਜੀ ਤੁਸੀਂ ਪ੍ਰਾਈਵੇਟ ਮੰਡੀ ਦੇ ਕੇਂਦਰੀ ਕਾਲੇ ਕਾਨੂੰਨ ਨੂੰ ਨੋਟੀਫਾਈ ਕੀਤਾ ਹੈ! ਕੀ ਇਸ ਨੂੰ ਡੀ-ਨੋਟੀਫਾਈ ਕੀਤਾ ਗਿਆ ਹੈ ..?’ ਦੂਜੇ ਪਾਸੇ ‘ਆਪ’ ਦੇ ਨੇਤਾ ਰਾਘਵ ਚੱਢਾ ਨੇ ਕਿਹਾ, ‘ਪੰਜਾਬ ਦੀ ਰਾਜਨੀਤੀ ਦੇ ‘ਰਾਖੀ ਸਾਵੰਤ’ ਨਵਜੋਤ ਸਿੰਘ ਸਿੱਧੂ-ਨੂੰ ਕਾਂਗਰਸ ਹਾਈਕਮਾਂਡ ਵੱਲੋਂ ਕੈਪਟਨ (ਅਮਰਿੰਦਰ) ਵਿਰੁੱਧ ਨਾ ਰੁਕਣ ਵਾਲੀ ਬਿਆਨਬਾਜ਼ੀ ਲਈ ਝਿੜਕਿਆ ਗਿਆ ਹੈ।’

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਕਾਲੀ ਦਲ ਦਾ ਪ੍ਰਦਰਸ਼ਨ ਮਗਰਮੱਛ ਦੇ ਹੰਝੂ ਵਹਾਉਣ ਵਰਗਾ: ਕਿਸਾਨ
Next articleਕਾਂਗੜ ਦਾ ਕਰੋੜਪਤੀ ਜਵਾਈ ਇੰਜ ਬਣਿਆ ‘ਇੰਸਪੈਕਟਰ’