ਅੰਮ੍ਰਿਤਸਰ, (ਸਮਾਜ ਵੀਕਲੀ): ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿੱਖ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਬਾਰੇ ਕਿਹਾ ਕਿ ਇਹ ਬਹੁਤ ਨਾਜ਼ੁਕ ਮਾਮਲਾ ਹੈ। ਪਹਿਲਾਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਸੀ ਪਰ ਹੁਣ ਉਨ੍ਹਾਂ ਤੁਰੰਤ ਦਿੱਲੀ ਸਰਕਾਰ ਦੇ ਗ੍ਰਹਿ ਮੰਤਰਾਲੇ ਨੂੰ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਸੱਦਣ ਲਈ ਕਿਹਾ ਹੈ, ਜਿਸ ਵਿੱਚ ਪ੍ਰੋ. ਭੁੱਲਰ ਦਾ ਕੇਸ ਵੀ ਏਜੰਡੇ ਵਿਚ ਸ਼ਾਮਲ ਕਰਨ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਵਿਚ ਉਨ੍ਹਾਂ ਦੀ ਰਿਹਾਈ ਸਬੰਧੀ ਸਾਰੇ ਪੱਖ ਵਿਚਾਰਨ ਤੋਂ ਬਾਅਦ ਇਸ ਸਬੰਧੀ ਫਾਈਲ ਦਿੱਲੀ ਦੇ ਐਲਜੀ ਨੂੰ ਭੇਜ ਦਿੱਤੀ ਜਾਵੇਗੀ, ਜੋ ਇਸ ਬਾਰੇ ਅੰਤਿਮ ਫੈ਼ਸਲਾ ਲੈਣਗੇ। ਪੰਜਾਬ ਵਿਚ ਇਸ ਮਾਮਲੇ ਸਬੰਧੀ ‘ਆਪ’ ਦੇ ਹੋ ਰਹੇ ਵਿਰੋਧ ਬਾਰੇ ਉਨ੍ਹਾਂ ਕਿਹਾ ਕਿ ਇਸ ਪਿੱਛੇ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੀ ਥਾਂ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲੱਗਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਦੇ ਰਾਹਾਂ ’ਤੇ ਚੱਲ ਕੇ ਉਨ੍ਹਾਂ ਦੇ ਸੁਫ਼ਨੇ ਪੂਰੇ ਕੀਤੇ ਜਾਣਗੇ। ਭਗਵੰਤ ਮਾਨ ਨੂੰ ‘ਕੱਟੜ ਇਮਾਨਦਾਰ’ ਦੱਸਣ ਦੀ ਪਰਿਭਾਸ਼ਾ ਦਾ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਭਾਵ ਹੈ ਕਿ ਬਾਕੀ ਸਿਆਸੀ ਪਾਰਟੀਆਂ ਦੇ ਲੋਕ ‘ਕੱਟੜ ਭ੍ਰਿਸ਼ਟ’ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਚੰਗੇ ਵੀ ਹਨ ਅਤੇ ਅਜਿਹੇ ਚੰਗੇ ਲੋਕਾਂ ਨੂੰ ‘ਆਪ’ ਵਿਚ ਸ਼ਾਮਲ ਹੋ ਕੇ ਲੋਕ ਸੇਵਾ ਕਰਨ ਦਾ ਖੁੱਲ੍ਹਾ ਸੱਦਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਕੇਜਰੀਵਾਲ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਖੁਦ ਸ਼ਹੀਦ ਭਗਤ ਸਿੰਘ ਦੇ ਵੱਡੇ ਸਮਰਥਕ ਹਨ।
‘ਦੂਸ਼ਣਬਾਜ਼ੀ ਵਿੱਚ ਦੱਬੇ ਜਾ ਰਹੇ ਨੇ ਲੋਕ ਮੁੱਦੇ’
ਅੰਮ੍ਰਿਤਸਰ ਦੇ ਪੂਰਬੀ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਵਿਚਾਲੇ ਚੋਣ ਜਿੱਤਣ ਲਈ ਚੱਲ ਰਹੀ ਆਪਸੀ ਦੂਸ਼ਣਬਾਜ਼ੀ ਬਾਰੇ ਉਨ੍ਹਾਂ ਕਿਹਾ ਕਿ ਇਸ ਦੂਸ਼ਣਬਾਜ਼ੀ ਨਾਲ ਲੋਕ ਮੁੱਦੇ ਦੱਬੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸੀ ਹਾਥੀ ਲੋਕਾਂ ਨੂੰ ਕੁਚਲ ਦੇਣਗੇ ਪਰ ‘ਆਪ’ ਦੀ ਉਮੀਦਵਾਰ ਜੀਵਨਜੋਤ ਕੌਰ ਲੋਕਾਂ ਦੇ ਸੁੱਖ-ਦੁੱਖ ਵਿਚ ਸਾਥ ਦੇਵੇਗੀ। ਜਬਰੀ ਧਰਮ ਤਬਦੀਲੀ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਨਵਾਂ ਕਾਨੂੰਨ ਬਣਾਉਣ ਦੀ ਲੋੜ ਨਹੀਂ ਹੈ। ਮੌਜੂਦਾ ਕਾਨੂੰਨ ਵਿਚ ਹੀ ਇਸ ਨੂੰ ਰੋਕਣ ਲਈ ਸਖ਼ਤ ਧਾਰਾਵਾਂ ਸ਼ਾਮਲ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly