ਅੰਮ੍ਰਿਤਸਰ: ਜੱਲ੍ਹਿਆਂਵਾਲਾ ਬਾਗ਼ ਯਾਦਗਾਰ ਦਾ ਮੋਦੀ ਵੱਲੋਂ ਉਦਘਾਟਨ ਕਰਨ ਖ਼ਿਲਾਫ਼ ਪ੍ਰਦਰਸ਼ਨ

ਅੰਮ੍ਰਿਤਸਰ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੱਲ੍ਹਿਆਂਵਾਲਾ ਬਾਗ਼ ਯਾਦਗਾਰ ਦੇ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਕੀਤੇ ਜਾ ਰਹੇ ਉਦਘਾਟਨ ਤੋਂ ਪਹਿਲਾਂ ਨੌਜਵਾਨ ਜਥੇਬੰਦੀਆਂ ਵੱਲੋਂ ਵਿਰੋਧ ਵਿਚ ਬਾਗ਼ ਦੇ ਬਾਹਰ ਧਰਨਾ ਦਿੱਤਾ ਗਿਆ। ਧਰਨਾ ਦੇਣ ਵਾਲੀਆਂ ਜਥੇਬੰਦੀਆਂ ਵਿੱਚ ਨੌਜਵਾਨ ਭਾਰਤ ਸਭਾ, ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਤੇ ਕਿਸਾਨ ਜਥੇਬੰਦੀ ਦੇ ਕਾਰਕੁਨ ਸ਼ਾਮਲ ਹੋਏ। ਵਰਚੁਅਲ ਪ੍ਰੋਗਰਾਮ ਰਾਹੀਂ ਉਦਘਾਟਨ ਕਰਨ ਦਾ ਵਿਰੋਧ ਕਰ ਰਹੇ ਨੌਜਵਾਨ ਭਾਰਤ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਕਈ ਕਾਰਕੁਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਹ ਕਾਰਕੁਨ ਸ਼ਾਮ ਵੇਲੇ ਮੁੜ ਇਕੱਠੇ ਹੋ ਕੇ ਜਲ੍ਹਿਆਂਵਾਲਾ ਬਾਗ਼ ਵੱਲ ਨੂੰ ਵਧ ਰਹੇ ਸਨ ਕਿ ਪੁਲੀਸ ਨੇ ਇਨ੍ਹਾਂ ਨੂੰ ਰਸਤੇ ਵਿਚ ਰੋਕ ਦਿੱਤਾ।

ਨੌਜਵਾਨ ਆਗੂ ਮੰਗਾ ਆਜ਼ਾਦ ਨੇ ਦੱਸਿਆ ਕਿ ਪੁਲੀਸ ਵੱਲੋਂ ਨੌਜਵਾਨਾਂ ਨੂੰ ਰੋਕਣ ਲਈ ਹਲਕੇ ਬਲ ਦਾ ਵੀ ਪ੍ਰਯੋਗ ਕੀਤਾ ਗਿਆ ਹੈ ਅਤੇ ਇਸ ਵਿੱਚ ਕੁੱਝ ਕਾਰਕੁਨ ਜ਼ਖ਼ਮੀ ਵੀ ਹੋਏ ਹਨ। ਉਸ ਨੇ ਦਾਅਵਾ ਕੀਤਾ ਕਿ ਲਗਪਗ ਸੌ ਕਾਰਕੁਨਾਂ ਨੂੰ ਪੁਲੀਸ ਹਿਰਾਸਤ ਵਿੱਚ ਲੈਣ ਮਗਰੋਂ ਅਣਦੱਸੀ ਥਾਂ ਵਲ ਲੈ ਗਈ ਹੈ। ਇਸ ਤੋਂ ਪਹਿਲਾਂ ਦੁਪਹਿਰ ਵੇਲੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਦੇ ਇਕ ਪੰਜ ਮੈਂਬਰੀ ਵਫ਼ਦ ਨੂੰ ਜਲ੍ਹਿਆਂਵਾਲਾ ਬਾਗ਼ ਦੇ ਅੰਦਰ ਜਾਇਜ਼ਾ ਲੈਣ ਲਈ ਭੇਜਿਆ ਗਿਆ ਸੀ। ਇਨ੍ਹਾਂ ਵੱਲੋਂ ਦੋਸ਼ ਲਾਇਆ ਜਾ ਰਿਹਾ ਸੀ ਕਿ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਦੇ ਸੁੰਦਰੀਕਰਨ ਦੇ ਨਾਂ ਹੇਠ ਇਸ ਦੇ ਇਤਿਹਾਸ ਨਾਲ ਛੇੜਛਾੜ ਕੀਤੀ ਗਈ ਹੈ।

ਨੌਜਵਾਨ ਭਾਰਤ ਸਭਾ ਦੇ ਰੁਪਿੰਦਰ ਸਿੰਘ, ਮੰਗਾ ਆਜ਼ਾਦ ਤੇ ਹੋਰਨਾਂ ਨੇ ਦੱਸਿਆ ਕਿ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਫ਼ੈਸਲਾ ਕੀਤਾ ਗਿਆ ਸੀ ਕਿ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਿਧਰੇ ਵੀ ਬੋਲਣ ਨਹੀਂ ਦਿੱਤਾ ਜਾਵੇਗਾ। ਇਸੇ ਤਹਿਤ ਅੱਜ ਵੀ ਪ੍ਰਧਾਨਮੰਤਰੀ ਦੇ ਵਰਚੁਅਲ ਪ੍ਰੋਗਰਾਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਭਾਜਪਾ ਆਗੂ ਨੂੰ ਵਰਚੁਅਲ ਤੌਰ ’ਤੇ ਬੋਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਸੁੰਦਰੀਕਰਨ ਦੇ ਨਾਂ ’ਤੇ ਇਥੇ ਸ਼ਹੀਦੀ ਯਾਦਗਾਰ ਦੇ ਇਤਹਾਸ ਨਾਲ ਛੇੜਛਾੜ ਕਰ ਰਹੀ ਹੈ। ਇਸ ਦੇ ਇਤਿਹਾਸ ਨੂੰ ਹਿੰਦੂਵਾਦ ਦੇ ਨਜ਼ਰੀਏ ਤੋਂ ਦਰਸਾਉਣਾ ਚਾਹੁੰਦੀ ਹੈ, ਜਿਸ ’ਤੇ ਨੌਜਵਾਨ ਜਥੇਬੰਦੀਆਂ ਨੂੰ ਸਖ਼ਤ ਇਤਰਾਜ਼ ਹੈ। ਇਸੇ ਲਈ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰਨਾਲ ’ਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਵਿਰੋਧ ਕਰਨ ਵਾਲੇ ਕਿਸਾਨਾਂ ’ਤੇ ਭਾਰੀ ਲਾਠੀਚਾਰਜ, 10 ਜ਼ਖ਼ਮੀ
Next articleਸਿੱਧੂ ਬਾਰੇ ਹਾਈ ਕਮਾਨ ਦੀ ਚੁੱਪ ਤੋਂ ਹੈਰਾਨ-ਪ੍ਰੇਸ਼ਾਨ ਤਿਵਾੜੀ