ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਹਦਾਇਤਾਂ ਜਾਰੀ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਸਾਰੇ ਮੈਂਬਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਕੂਲੀ ਬੱਚਿਆਂ ਵਿਚ ਅਨੀਮੀਆ ਕਾਰਨ ਸਰੀਰ ਵਿਚ ਖ਼ੂਨ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸਰੀਰਕ ਤੰਦਰੁਸਤੀ ਤੇ ਵਾਧੇ ‘ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਇਸ ਸੱਮਸਿਆ ਨਾਲ ਨਜਿੱਠਣ ਲਈ ਹਰੇਕ ਪੱਧਰ ‘ਤੇ ਨਿਰੰਤਰ ਉਪਰਾਲੇ ਯਕੀਨੀ ਬਣਾਉਣੇ ਜ਼ਰੂਰੀ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਫ਼ਤਾਵਰੀ ਆਇਰਨ ਫੋਲਿਕ ਐਸਿਡ ਸਪਲੀਮੈਂਟ ਤਹਿਤ ਸਕੂਲੀ ਬੱਚਿਆਂ ਵਿਚ ਖ਼ੂਨ ਦੀ ਕਮੀ ਨਾਲ ਨਜਿੱਠਣ ਲਈ ਆਈਰਨ ਤੇ ਫੋਲਿਕ ਐਸਿਡ ਦੀਆਂ ਗੋਲੀਆਂ ਖਵਾ ਕੇ ਪੋਸ਼ਕ ਤੱਤਾਂ ਦੀ ਪੂਰਤੀ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਕੂਲੀ ਬੱਚਿਆਂ ਵਿਚ ਪੌਸ਼ਟਿਕ ਭੋਜਨ ਖਾਣ ਦੀ ਆਦਤ ਨੂੰ ਪ੍ਰਫੁਲਿਤ ਕਰਨ ਲਈ ਉਨ੍ਹਾਂ ਦੇ ਮਾਪਿਆਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵਿਦਿਆਰਥੀ ਤੰਦਰੁਸਤ ਰਹਿਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਸਿਹਤ ਸੇਵਾਵਾਂ ‘ਚ ਹੋਰ ਸੁਧਾਰ ਲਿਆਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦਿੱਤਾ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਟੀਚੇ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਆਮ ਲੋਕਾਂ ਨੂੰ ਬਿਹਤਰ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj