ਬਲਾਚੌਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜ਼ਾਬ ਅਧੀਨ ਬਲਾਕ ਬਲਾਚੋਰ ਦੇ ਸਰਕਲ ਮਜਾਰੀ ਦੇ ਸਮੂਹ ਆਂਗਨਵਾੜੀ ਵਰਕਰਾਂ ਨੂੰ ਅੱਜ ਸਰਕਲ ਮੀਟਿੰਗ ਦੌਰਾਨ ਬਾਲ ਵਿਆਹ ਰੋਕੂ ਕਾਨੂੰਨ 2006 ਅਤੇ ਵੁਮੈਨ ਹੈਲਪ ਲਾਈਨ 181 ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਸੜੋਆ ਪੂਰਨ ਪੰਕਜ਼ ਸ਼ਰਮਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਹਾਜ਼ਰ ਸਮੂਹ ਆਂਗਨਵਾੜੀ ਵਰਕਰਾ ਨੂੰ ਐਕਟ ਬਾਰੇ ਟ੍ਰੇਨਿੰਗ ਕਰਵਾਈ ਗਈ ਹੈ, ਜਿਸ ਦਾ ਮੁੱਖ ਉਦੇਸ਼ ਬਾਲ ਵਿਆਹ ਸਬੰਧੀ ਸਮਾਜਿਕ ਬੁਰਾਈ ‘ਤੇ ਰੋਕ ਲਗਾਉਣਾ ਹੈ। ਉਨ੍ਹਾਂ ਦੱਸਿਆ ਕਿ ਬਾਲ ਵਿਆਹ ਰੋਕੂ ਕਾਨੂੰਨ 2006 ਅਨੁਸਾਰ ਵਿਆਹ ਸਮੇਂ ਲੜਕੀ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਲੜਕੇ ਲਈ 21 ਸਾਲ ਨਿਰਧਾਰਿਤ ਕੀਤੀ ਗਈ ਹੈ। ਨਿਰਧਾਰਿਤ ਉਮਰ ਤੋਂ ਘੱਟ ਉਮਰ ਵਿਚ ਵਿਆਹ ਕਰਨ ‘ਤੇ ਅਜਿਹੇ ਵਿਆਹ ਨੂੰ ਕਾਨੂੰਨੀ ਤੌਰ ‘ਤੇ ਮਾਨਤਾ ਨਹੀ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖ਼ਤ ਕਾਨੂੰਨੀ ਸਜ਼ਾਵਾਂ ਅਤੇ ਜ਼ੁਰਮਾਨੇ ਦਾ ਪ੍ਰਾਵਧਾਨ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਅਧੀਨ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਅਤੇ ਸਰਕਾਰੀ ਸੀਨੀਅਰ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਚਾਈਲਡ ਮੈਰਿਜ ਪ੍ਰੋਹਿਬਸ਼ਨ ਅਫ਼ਸਰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਆਂਗਨਵਾੜੀ ਵਰਕਰਾਂ ਰਾਹੀਂ ਪਿੰਡਾਂ ਵਿਚ ਕਾਨੂੰਨ ਬਾਰੇ ਆਮ ਜਨਤਾ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਇਹ ਸੁਨੇਹਾ ਘਰ-ਘਰ ਪਹੁੰਚਾਇਆ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਇਸ ਸਮਾਜਿਕ ਬੁਰਾਈ ਨੂੰ ਰੋਕਣ ਲਈ ਜਾਗਰੂਕ ਹੋ ਕੇ ਸਾਂਝੇ ਯਤਨ ਕੀਤੇ ਜਾਣ। ਇਸ ਮੌਕੇ ਸੁਪਰਵਾਈਜ਼ਰ ਅਮਨਦੀਪ ਕੌਰ ਅਤੇ ਸਮੂਹ ਆਂਗਨਵਾੜੀ ਵਰਕਰਾਂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj