ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਪੈਰਾ ਲੀਗਲ ਵਲੰਟੀਅਰ ਬਲਦੇਵ ਭਾਰਤੀ ਨੇ ਕਰੀਬੀ ਪਿੰਡ ਮੋਂਰੋ ਵਿਖੇ ਇੱਕ ਮੀਟਿੰਗ ਦੌਰਾਨ ਦੱਸਿਆ ਕਿ ਭਾਰਤ ਸਰਕਾਰ ਵਲੋਂ ‘ਇਨਸਾਫ ਸਭਨਾਂ ਲਈ’ ਦੇ ਉਦੇਸ਼ ਨੂੰ ਲੈ ਕੇ ‘ਲੀਗਲ ਸਰਵਿਸਿਜ਼ ਅਥਾਰਟੀ ਐਕਟ-1987’ ਮਿਤੀ 09-11-1965 ਨੂੰ ਦੇਸ਼ ਭਰ ਵਿੱਚ ਲਾਗੂ ਕੀਤਾ ਗਿਆ ਸੀ। ਇਸ ਲਈ ਇਸ ਦਿਨ ਨੂੰ ਕਾਨੂੰਨੀ ਸੇਵਾਵਾਂ ਦਿਵਸ ਵਜੋਂ ਮਨਾਇਆ ਜਾਂਦਾ ਹੈ। ਭਾਰਤੀ ਸੰਵਿਧਾਨ ਦੇ ਅਨੁਛੇਦ-39 ਏ ਦੇ ਉਪਬੰਧ ਅਨੁਸਾਰ ਸਰਕਾਰਾਂ ਗਰੀਬ ਅਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਇਸ ਵਿਚਾਰ ਨਾਲ ਕਾਨੂੰਨੀ ਸਹਾਇਤਾ ਦੇਣਗੀਆਂ ਕਿ ਨਿਆਂ ਪ੍ਰਣਾਲੀ ਉਨ੍ਹਾਂ ਦੀ ਪਹੁੰਚ ਦੇ ਅੰਦਰ ਹੋਵੇ। ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਆਰਥਿਕ ਕਾਰਨਾਂ ਜਾਂ ਅਜਿਹੀ ਕਿਸੇ ਹੋਰ ਘਾਟ ਦੇ ਕਾਰਨ ਕੋਈ ਨਾਗਰਿਕ ਨਿਆਂ ਪ੍ਰਾਪਤ ਕਰਨ ਤੋਂ ਵਾਂਝਾ ਨਾ ਰਹਿ ਜਾਵੇ। ਇਸ ਐਕਟ ਅਧੀਨ ਮਿਤੀ 04-10-1996 ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਗਠਨ ਕੀਤਾ ਗਿਆ। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਇਸ ਅਥਾਰਟੀ ਦੇ ਪੈਟਰਨ-ਇਨ-ਚੀਫ ਹਨ। ਸਮੁੱਚੇ ਪ੍ਰੋਗਰਾਮ ਨੂੰ ਹੇਠਲੇ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਅਤੇ ਉਪ ਮੰਡਲ ਪੱਧਰ ਤੇ ਵੀ ਅਥਾਰਿਟੀ ਦੀਆਂ ਇਕਾਈਆਂ ਦਾ ਗਠਨ ਕੀਤਾ ਗਿਆ ਹੈ। ਅਥਾਰਟੀ ਵਲੋਂ ਸਮਾਜ ਦੇ ਗਰੀਬ ਅਤੇ ਕਮਜੋਰ ਵਰਗਾਂ ਦੇ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਲਈ ਉਹਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।
*ਕੌਣ ਲੋਕ ਹਨ ਮੁਫ਼ਤ ਕਾਨੂੰਨੀ ਸਹਾਇਤਾ ਦੇ ਹੱਕਦਾਰ ?
ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦੇ ਮੈਂਬਰ,ਵੱਡੀ ਮੁਸੀਬਤ/ਕੁਦਰਤੀ ਆਫਤਾਂ ਦੇ ਪੀੜਤ, ਬੰਧੂਆ ਮਜ਼ਦੂਰੀ ਦਾ ਸ਼ਿਕਾਰ, ਉਦਯੋਗਿਕ ਕਾਮੇ, ਔਰਤਾਂ/ਬੱਚੇ, ਹਵਾਲਾਤੀ, ਮਾਨਸਿਕ ਰੋਗੀ/ਅਪੰਗ ਅਤੇ ਜਿਸ ਵਿਅਕਤੀ ਦੇ ਪਰਿਵਾਰ ਦੀ ਸਾਲਾਨਾ ਆਮਦਨ 3,00,000/- ਰੁਪਏ ਤੋਂ ਘੱਟ ਹੋਵੇ ਮੁਫਤ ਕਾਨੂੰਨੀ ਸੇਵਾ ਲੈਣ ਦੇ ਹੱਕਦਾਰ ਹਨ।
*ਕਿਵੇਂ ਮਿਲਦੀ ਹੈ ਮੁਫਤ ਕਾਨੂੰਨੀ ਸਹਾਇਤਾ ?
ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਅਥਾਰਟੀ ਵੱਲੋਂ ਮੁਫਤ ਜਾਰੀ ਕੀਤੇ ਜਾਂਦੇ ਨਿਰਧਾਰਿਤ ਪ੍ਰੋਫਾਰਮਾ ਭਰ ਕੇ ਸਬੰਧਿਤ ਮਾਣਯੋਗ ਅਦਾਲਤ, ਅਥਾਰਟੀ ਦੇ ਫਰੰਟ ਅਫਿਸ, ਲੀਗਲ ਏਡ ਕਲੀਨਿਕ, ਲੀਗਲ ਲਿਟਰੈਸੀ ਕੱਲਬ ਪਾਸ ਪੇਸ਼ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਟੋਲ ਫਰੀ ਨੰਬਰ 1968 ਵੀ ਜਾਰੀ ਕੀਤਾ ਗਿਆ ਹੈ।
*ਮੁਫਤ ਕਾਨੂੰਨੀ ਸਹਾਇਤਾ ਵਿੱਚ ਕੀ ਮਿਲਦਾ ਹੈ ?
ਮੁਫਤ ਕਾਨੂੰਨੀ ਸਹਾਇਤਾ ਵਿੱਚ ਕੇਸ ਲੜਨ ਜਾਂ ਕਾਨੂੰਨੀ ਸਲਾਹ ਲਈ ਵਕੀਲਾਂ ਦੀਆਂ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆ ਹਨ। ਵਕੀਲਾਂ ਦੀਆਂ ਸੇਵਾਵਾਂ ਦੀ ਫੀਸ, ਕੋਰਟ ਫੀਸ, ਤਲਬਾਨਾ ਫੀਸ, ਗਵਾਹਾਂ ਦੇ ਖਰਚੇ ਅਤੇ ਹੋਰ ਸਬੰਧਿਤ ਫੁਟਕਲ ਖਰਚਿਆਂ ਦੀ ਅਦਾਇਗੀ ਅਥਾਰਟੀ ਵੱਲੋਂ ਕੀਤੀ ਜਾਂਦੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly