ਚੰਡੀਗੜ੍ਹ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਪੰਜਾਬ ‘ਚ ਰਾਜਨੀਤਕ, ਸਮਾਜਿਕ, ਆਰਥਿਕ ਤੇ ਨਿਆਂਇਕ ਮੁੱਦਿਆਂ ਬਾਰੇ ਜਾਗਰੂਕ ਮੁਹਿੰਮ ਚਲਾਉਣ ਵਾਲਾ ਅਰਸ ਉਮਰੀਆਣਾ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ। ਪਾਰਟੀ ਦੇ ਯੂਥ ਵਿੰਗ ਦੀ ਸੂਬਾਈ ਉਪ ਪ੍ਰਧਾਨ ਅਨਮੋਲ ਗਗਨ ਮਾਨ ਨੇ ਅਰਸ ਉਮਰੀਆਣਾ ਨੂੰ ਆਪ ਵਿਚ ਰਸਮੀ ਤੌਰ ‘ਤੇ ਸ਼ਾਮਲ ਕੀਤਾ।
ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਰੱਖੇ ਇਕ ਸਾਦਾ ਸਮਾਗਮ ਦੌਰਾਨ ਅਰਸ ਉਮਰੀਆਣਾ ਦਾ ਪਾਰਟੀ ‘ਚ ਸਵਾਗਤ ਕਰਦਿਆਂ ਉਪ ਪ੍ਰਧਾਨ ਅਨਮੋਲ ਗਗਨ ਮਾਨ ਨੇ ਕਿਹਾ ਅੱਜ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਸ ਉਮਰੀਆਣਾ, ਜੋ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਹਨ ਨੇ ਸਾਈਕਲ ‘ਤੇ ਸਵਾਰ ਹੋ ਕੇ ਪੰਜਾਬ ਦੇ ਲੋਕਾਂ ਨੂੰ ਰਿਵਾਇਤੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ। ਅਨਮੋਲ ਗਗਨ ਮਾਨ ਨੇ ਕਿਹਾ ਕਿ ਅਰਸ ਹੁਣ ਤਕ ਪੰਜਾਬ ਦੇ ਇਕ ਹਜ਼ਾਰ ਤੋਂ ਜ਼ਿਆਦਾ ਪਿੰਡਾਂ ਵਿਚ ਆਪਣੀਆਂ ਮੀਟਿੰਗਾਂ ਕਰ ਚੁੱਕੇ ਹਨ। ਪੰਜਾਬ ਵਾਸੀ ਅਰਸ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਰਸ ਉਮਰੀਆਣਾ ਦਾ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ ਹੋਣ ਦਾ ਫੈਸਲਾ ਪ੍ਰਸੰਸਾਯੋਗ ਹੈ।
ਇਸ ਸਮੇਂ ਅਰਸ ਉਮਰੀਆਣਾ ਨੇ ਕਿਹਾ ਕਿ ਪੰਜਾਬ ਦੀਆਂ ਸੱਤਾ ‘ਤੇ ਕਾਬਜ ਰਹੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਵਾਸੀਆਂ ਨੂੰ ਲੁੱਟਿਆ ਅਤੇ ਕੁੱਟਿਆ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਸਿੱਖਾਂ ਦੇ ਕਤਲ ਅਤੇ ਭ੍ਰਿਸ਼ਟਾਚਾਰ ਲਈ ਜ਼ਿੰਮੇਵਾਰ ਪਾਰਟੀਆਂ ਲੋਕਾਂ ਨੂੰ ਇਨਸਾਫ ਨਹੀਂ ਦੇ ਸਕਦੀਆਂ ਤੇ ਕੇਂਦਰ ਵਿਚਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਗਾਤਾਰ ਕਿਸਾਨਾਂ ਤੇ ਮਜ਼ਦੂਰਾਂ ‘ਤੇ ਅੱਤਿਆਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਦਿੱਲੀ ਦੀ ਅਰਵਿੰਦਰ ਕੇਜਰੀਵਾਲ ਸਰਕਾਰ ਨੇ ਜਿੱਥੇ ਦਿੱਲੀ ਬੈਠੇ ਕਿਸਾਨਾਂ ਦਾ ਸਾਥ ਦਿੱਤਾ ਹੈ ਉਥੇ ਹੀ ਦਿੱਲੀ ਵਿਚ ਲੋਕਾਂ ਪੱਖੀ ਨੀਤੀਆਂ ਲਾਗੂ ਕਰਕੇ ਸਹੀ ਅਰਥਾਂ ‘ਚ ਲੋਕਤੰਤਰ ਸਥਾਪਤ ਕੀਤਾ ਹੈ।
ਅਰਸ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਕਾਂਗਰਸ, ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਤੇ ਸੂਬੇ ਵਿਚ ਸੱਤਾ ਪ੍ਰੀਵਰਤਨ ਲਈ ਤਤਪਰ ਹਨ। ਇਸ ਸਮੇਂ ਇਕਬਾਲ ਸਿੰਘ ਮੋਹਾਲੀ, ਸਰਵਣ ਸਿੰਘ ਤੇ ਗੁਰਪ੍ਰੀਤ ਸਿੰਘ ਬੁਘੀਪੁਰਾ ਆਦਿ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly