ਹਥਿਆਰਬੰਦ ਸੈਨਾ ਝੰਡਾ ਦਿਵਸ ’ਤੇ ਜ਼ਿਲ੍ਹਾ ਵਾਸੀਆਂ ਨੂੰ ਫਰਾਖਦਿਲੀ ਨਾਲ ਵਿੱਤੀ ਮਦਦ ਕਰਨ ਦੀ ਕੀਤੀ ਅਪੀਲ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਅਤੇ ਮਜ਼ਬੂਤ ਰੱਖਣ ਲਈ ਪੂਰਾ ਇਨ੍ਹਾਂ ਸੈਨਾਵਾਂ ਦਾ ਹਮੇਸ਼ਾ ਰਿਣੀ ਰਹੇਗਾ ਜੋ ਕਿ ਦੇਸ਼ ਵਾਸੀਆਂ ਦੀ ਰੱਖਿਆ ਲਈ ਹਮੇਸ਼ਾ ਤਿਆਰ-ਬਰ-ਤਿਆਰ ਰਹਿੰਦੀਆਂ ਹਨ। ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਝੰਡਾ ਦਿਵਸ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਅਤੇ ਸਿੱਖਿਅਤ ਕਰਨ ਅਤੇ ਝੰਡੇ ਦੇ ਸਨਮਾਨ ਵਿਚ ਵਿੱਤੀ ਅੰਸ਼ਦਾਨ ਇਕੱਠਾ ਕਰਨ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਟੈਕਨਾਲੋਜੀ ਦੇ ਵਿਦਿਆਰਥੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ 7 ਦਸੰਬਰ ਨੂੰ ਪੂਰੇ ਦੇਸ਼ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ ਪਰ 6 ਅਤੇ 7 ਦਸੰਬਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਇਸ ਵਾਰ ਝੰਡਾ ਦਿਵਸ 5 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਬਹਾਦਰ ਸੈਨਿਕਾਂ ’ਤੇ ਮਾਣ ਹੋਣਾ ਚਾਹੀਦਾ ਹੈ ਜੋ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਿਵਾਸੀ ਹੋਣ ਦੇ ਨਾਲ-ਨਾਲ ਵੱਖ-ਵੱਖ ਭਾਸ਼ਾਵਾਂ ਬੋਲਦ ਦੇ ਬਾਵਜੂਦ ਇਕੱਠੇ ਹੋ ਕੇ ਦੇਸ਼ ਦੀ ਰੱਖਿਆ ਲਈ ਮਰ ਮਿਟਣ ਨੂੰ ਤਿਅਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਦਿਨ ਸਾਰੇ ਸੁਰੱਖਿਆ ਸੈਨਿਕਾਂ ਨਾਲ ਆਪਣੀ ਸਾਂਝ ਦਾ ਪ੍ਰਗਟਾਵਾਂ ਕਰਦੇ ਹਾਂ ਅਤੇ ਆਪਣੇ ਕਾਲਰ ’ਤੇ ਝੰਡੇ ਦਾ ਪ੍ਰਤੀਕ ਲਾ ਕੇ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਪੇਸ਼ ਕਰਦੇ ਹਾਂ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਝੰਡਾ ਦਿਵਸ ਫੰਡ ਲਈ ਦਿਲ ਖੋਲ੍ਹ ਕੇ ਆਰਥਿਕ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਜ਼ਰੂਰਤ ਦੇ ਸਮੇਂ ਫੌਜੀਆਂ, ਸਾਬਕਾ ਫੌਜੀਆਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵੱਧ ਤੋਂ ਵੱਧ ਆਰਥਿਕ ਮਦਦ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੇ ਲਈ ਮਾਣ ਦਾ ਵਿਸ਼ਾ ਹੈ ਕਿ ਹੁਸ਼ਿਆਰਪੁਰ ਜ਼ਿਲ੍ਹਾ ਪੂਰੇ ਦੇਸ਼ ਵਿਚ ਕੁਰਬਾਨੀਆਂ ਦੇਣ ਵਿਚ ਮੋਹਰੀ ਹੈ। ਇਸ ਮੌਕੇ ਸੈਨਿਕ ਸੇਵਾਵਾ ਭਲਾਈ ਅਫ਼ਸਰ ਵਿੰਗ ਕਮਾਂਡਰ (ਰਿਟਾ:) ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਕੱਠੀ ਕੀਤੀ ਗਈ ਰਾਸ਼ੀ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਭਲਾਈ ਸਕੀਮਾਂ ਅਤੇ ਸੇਵਾ ਕਰ ਰਹੇ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ, ਦਿਵਿਆਂਗ ਸੈਨਿਕਾਂ ਲਈ ਖਰਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਦੇ ਮੁਤਾਬਿਕ ਹਥਿਆਰਬੰਦ ਸੈਨਾ ਝੰਡਾ ਦਿਵਸ ਲਈ ਦਾਨ ਕੀਤੀ ਗਈ ਰਾਸ਼ੀ ਟੈਕਸ ਤੋਂ ਮੁਕਤ ਹੈ। ਇਸ ਮੌਕੇ ਸੁਪਰਡੈਂਟ ਬਲਜੀਤ ਕੌਰ, ਸਤੀਸ਼ ਸਿੰਘ ਬੱਗਾ, ਬਲਦੇਵ ਸਿੰਘ, ਨਰੇਸ਼ ਕੁਮਾਰ ਅਤੇ ਸੈਨਿਕ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਦੇ ਸਿਖਿਆਰਥੀ ਵੀ ਸ਼ਾਮਿਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly