ਕਾਦੀਆਂ (ਸਮਾਜ ਵੀਕਲੀ): ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਗੰਨਾ ਕਾਸ਼ਤਕਾਰਾਂ ਦੀਆਂ ਬਕਾਇਆ ਅਦਾਇਗੀਆਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਦਾਇਗੀਆਂ ਨਾ ਹੋਣਾ ਖ਼ਰੀਦ ਅਤੇ ਸਪਲਾਈ ਰੈਗੂਲੇਸ਼ਨ ਐਕਟ 1953 ਅਤੇ ਗੰਨਾ ਕੰਟਰੋਲ ਆਰਡਰ 1966 ਦੀ ਧਾਰਾ 15 ਦੇ ਉਪਬੰਧਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ 2021-22 ਦਾ ਪਿੜਾਈ ਸੀਜ਼ਨ ਲਗਪਗ ਖ਼ਤਮ ਹੋ ਗਿਆ ਹੈ ਅਤੇ ਜ਼ਿਆਦਾਤਰ ਖੰਡ ਮਿੱਲਾਂ ਬੰਦ ਹੋ ਗਈਆਂ ਹਨ।
ਜੋ ਹਾਲੇ ਚੱਲ ਰਹੀਆਂ ਹਨ, ਉਨ੍ਹਾਂ ਵੱਲੋਂ ਅਗਲੇ 10-15 ਦਿਨਾਂ ਅੰਦਰ ਪਿੜਾਈ ਦਾ ਕੰਮ ਪੂਰਾ ਕਰਨ ਦੀ ਸੰਭਾਵਨਾ ਹੈ। ਸਹਿਕਾਰੀ ਖੰਡ ਮਿੱਲਾਂ ਹੁਣ ਤੱਕ ਕਿਸਾਨਾਂ ਦੇ ਕੁੱਲ ਭੁਗਤਾਨ ਦਾ 50 ਫ਼ੀਸਦੀ ਵੀ ਜਾਰੀ ਕਰਨ ’ਚ ਅਸਮਰਥ ਰਹੀਆਂ ਹਨ। ਉਨ੍ਹਾਂ ਚਿੱਠੀ ’ਚ ਲਿਖਿਆ ਕਿ ਪੰਜਾਬ ਸਰਕਾਰ ਨੇ 2021-22 ਸੀਜ਼ਨ ਲਈ ਗੰਨੇ ਦੀ ਖ਼ਰੀਦ ਕੀਮਤ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕੀਤੀ ਸੀ ਜੋ ਪਿਛਲੇ ਸੀਜ਼ਨ ’ਚ 310 ਰੁਪਏ ਪ੍ਰਤਿ ਕੁਇੰਟਲ ਸੀ। ਇਸ ਵਾਧੇ ’ਚੋਂ ਨਿੱਜੀ ਖੰਡ ਮਿੱਲਾਂ ਨੂੰ 35 ਰੁਪਏ ਪ੍ਰਤੀ ਕੁਇੰਟਲ ਅਦਾ ਕਰਨ ਦੀ ਸਹਿਮਤੀ ਦਿੱਤੀ ਗਈ ਸੀ ਪਰ ਅਧਿਕਾਰੀਆਂ ਵੱਲੋਂ ਗੰਨਾਂ ਕਾਸ਼ਤਕਾਰਾਂ ਦੇ ਆਧਾਰ ਨੰਬਰ ਅਤੇ ਬੈਂਕ ਖਾਤਾ ਨੰਬਰ ਅਪਡੇਟ ਨਾ ਹੋਣ ਕਾਰਨ ਇਹ ਅਦਾਇਗੀਆਂ ਨਹੀਂ ਕੀਤੀਆਂ ਗਈਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly