ਲੁਧਿਆਣਾ (ਸਮਾਜ ਵੀਕਲੀ): ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਜ਼ਿਲ੍ਹੇ ਦੇ ਆਤਮ ਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਇੱਕ ਹੋਰ ਵਿਵਾਦ ’ਚ ਫਸ ਗਏ ਹਨ। ਜਬਰ-ਜਨਾਹ ਮਾਮਲੇ ਤੋਂ ਬਾਅਦ ਹੁਣ ਅਦਾਲਤ ਨੇ ਸਵਾ ਸਾਲ ਪੁਰਾਣੇ ਕਰੋਨਾ ਹਦਾਇਤਾਂ ਦੇ ਉਲੰਘਣ ਮਾਮਲੇ ’ਚ ਉਨ੍ਹਾਂ ਖਿਲ਼ਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਵਿਧਾਇਕ ਬੈਂਸ ਨੇ 11 ਅਗਸਤ 2020 ਨੂੰ ਕਥਿਤ ਕਰੋਨਾ ਨੇਮਾਂ ਦੀ ਉਲੰਘਣਾ ਕਰਦਿਆਂ ਪੁਲੀਸ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਸੀ।
ਥਾਣਾ ਡਵੀਜ਼ਨ ਨੰਬਰ 5 ਦੀ ਪੁਲੀਸ ਨੇ ਉਦੋਂ 200 ਲੋਕਾਂ ਖਿਲਾਫ਼ ਅਪਰਾਧਿਕ ਕੇਸ ਦਰਜ ਕੀਤਾ ਸੀ। ਇਹ ਮਾਮਲਾ ਜੱਜ ਹਰਸਿਮਰਜੀਤ ਸਿੰਘ ਦੀ ਅਦਾਲਤ ’ਚ ਵਿਚਾਰ ਅਧੀਨ ਹੈ। ਵਿਧਾਇਕ ਬੈਂਸ ਦੇ ਅਦਾਲਤੀ ਕਾਰਵਾਈ ਵਿੱਚ ਸ਼ਾਮਲ ਨਾ ਹੋਣ ਕਰਕੇ ਉਨ੍ਹਾਂ ਖਿਲਾਫ਼ 28 ਜਨਵਰੀ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਉਧਰ ਵਿਧਾਇਕ ਸਿਮਰਜੀਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਕੋਈ ਵਾਰੰਟ ਨਹੀਂ ਮਿਲਿਆ ਹੈ, ਉਹ ਅਦਾਲਤ ਦੇ ਹੁਕਮਾਂ ਦਾ ਸਨਮਾਨ ਕਰਦੇ ਹਨ ਤੇ ਕਾਨੂੰਨੀ ਪ੍ਰਕਿਰਿਆ ਤਹਿਤ ਆਪਣੀ ਗੱਲ ਰੱਖਣਗੇ। ਚੇਤੇ ਰਹੇ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲ਼ਾਫ਼ ਪਹਿਲਾਂ ਵੀ ਜਬਰ ਜਨਾਹ ਦਾ ਕੇਸ ਦਰਜ ਹੈ। ਉਨ੍ਹਾਂ ਸਣੇ 7 ਜਣਿਆਂ ਖਿਲਾਫ਼ ਸਾਜ਼ਿਸ਼ ਤਹਿਤ ਜਬਰ-ਜਨਾਹ ਕਰਨ, ਛੇੜਛਾੜ ਤੇ ਧਮਕਾਉਣ ਦੇ ਦੋਸ਼ ’ਚ ਕੇਸ ਦਰਜ ਕੀਤਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly