ਅਟਾਰੀ ਖੇਡ ਸਟੇਡੀਅਮ ਦਾ ਨਾਂ ‘ਉਲੰਪੀਅਨ ਸ਼ਮਸ਼ੇਰ ਸਿੰਘ ਸਟੇਡੀਅਮ’ ਰੱਖਣ ਦਾ ਐਲਾਨ

ਅਟਾਰੀ  (ਸਮਾਜ ਵੀਕਲੀ): ਹਾਕੀ ਖਿਡਾਰੀ ਸ਼ਮਸ਼ੇਰ ਸਿੰਘ ਦੇ ਜੱਦੀ ਪਿੰਡ ਅਟਾਰੀ ਵਿੱਚ ਪਿੰਡ ਵਾਸੀਆਂ ਅਤੇ ਖੇਡ ਪ੍ਰੇਮੀਆਂ ਨੇ ਭੰਗੜੇ ਪਾਏ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ। ਸ਼ਮਸ਼ੇਰ ਸਿੰਘ ਦਾ ਪਰਿਵਾਰ ਅੱਜ ਇਨ੍ਹਾਂ ਜਸ਼ਨਾਂ ਵਿੱਚ ਸ਼ਿਰਕਤ ਨਹੀਂ ਕਰ ਸਕਿਆ ਕਿਉਂਕਿ ਬੀਤੀ ਰਾਤ ਉਨ੍ਹਾਂ ਦੇ ਪਰਿਵਾਰ ’ਚ ਮੌਤ ਹੋ ਗਈ ਸੀ। ਸ਼ਮਸ਼ੇਰ ਸਿੰਘ ਦੇ ਪਿਤਾ ਹਰਦੇਵ ਸਿੰਘ ਨੇ ਕਿਹਾ ਕਿ ਟੋਕੀਓ ਉਲੰਪਿਕ ਦੀ ਸ਼ੁਰੂਆਤ ਤੋਂ ਹੀ ਉਨ੍ਹਾਂ ਨੂੰ ਆਸ ਸੀ ਕਿ ਇਸ ਵਾਰ ਭਾਰਤੀ ਹਾਕੀ ਟੀਮ ਤਗ਼ਮਾ ਜਿੱਤ ਕੇ ਪਰਤੇਗੀ।

ਉਨ੍ਹਾਂ ਕਿਹਾ ਕਿ ਸ਼ਮਸ਼ੇਰ ਨਵੇਂ ਖਿਡਾਰੀਆਂ ਲਈ ਪ੍ਰੇਰਨਾ ਸ੍ਰੋਤ ਬਣੇਗਾ। ਅਟਾਰੀ ਸਕੂਲ ਦੇ ਖੇਡ ਦੇ ਮੈਦਾਨ ਵਿੱਚ ਭਾਰਤੀ ਹਾਕੀ ਟੀਮ ਦੇ ਜਿੱਤ ਦੀ ਖੁਸ਼ੀ ਵਿੱਚ ਹਾਕੀ ਖਿਡਾਰੀਆਂ ਵੱਲੋਂ ਮਨਾਏ ਗਏ ਜਸ਼ਨਾਂ ਵਿੱਚ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਸ਼ਮੂਲੀਅਤ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਹੀ ਦੇਸ਼ ਦਾ ਨਾਂ ਰੌਸ਼ਨ ਕੀਤਾ। ਹਾਕੀ ਕੋਚ ਨਵਜੀਤ ਸਿੰਘ ਨੇ ਕਿਹਾ ਕਿ ਹਾਕੀ ਟੀਮ ਦੀ ਜਿੱਤ ਨਾਲ ਹਾਕੀ ਹੋਰ ਵੀ ਪ੍ਰਫੁੱਲਤ ਹੋਈ ਹੈ। ਖਿਡਾਰੀ ਅਮਰਜੀਤ ਸਿੰਘ ਸ਼ਿੰਦਾ ਨੇ ਕਿਹਾ ਕਿ ਸ਼ਮਸ਼ੇਰ ਸਿੰਘ ਨੇ ਭਾਰਤੀ ਹਾਕੀ ਟੀਮ ਦਾ ਹਿੱਸਾ ਬਣ ਕੇ ਮਾਪਿਆਂ ਅਤੇ ਪਿੰਡ ਦਾ ਨਾਂ ਰੌਸ਼ਨ ਕੀਤਾ ਹੈ।

ਕਰਨਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਪਿੰਡ ਅਟਾਰੀ ਦੇ ਖੇਡ ਸਟੇਡੀਅਮ ਨੂੰ ਹੋਰ ਦਸ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸ਼ਮਸ਼ੇਰ ਸਿੰਘ ਦੀ ਇਸ ਉਪਲੱਬਧੀ ਨੂੰ ਮੱਦੇਨਜ਼ਰ ਰੱਖਦਿਆਂ ਵਿਧਾਇਕ ਤਰਸੇਮ ਸਿੰਘ ਡੀਸੀ ਅਤੇ ਦਿਲਸ਼ੇਰ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਨੇ ਐਲਾਨ ਕੀਤਾ ਕਿ ਅਟਾਰੀ ਵਿੱਚ ਬਣ ਰਹੇ ਖੇਡ ਸਟੇਡੀਅਮ ਦਾ ਨਾਂ ਓਲੰਪੀਅਨ ਸ਼ਮਸ਼ੇਰ ਸਿੰਘ ਦੇ ਨਾਂ ’ਤੇ ‘ਉਲੰਪੀਅਨ ਸ਼ਮਸ਼ੇਰ ਸਿੰਘ ਸਟੇਡੀਅਮ’ ਰੱਖਿਆ ਜਾਵੇਗਾ। ਇਸ ਮੌਕੇ ਵਿਧਾਇਕ ਡੀਸੀ ਨੇ ਸਟੇਡੀਅਮ ਲਈ 10 ਲੱਖ ਦੀ ਗਰਾਂਟ ਦੇਣ ਦਾ ਐਲਾਨ ਕੀਤਾ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੋ ਗੋਲ ਕਰਨ ਵਾਲੇ ਸਿਮਰਨਜੀਤ ਸਿੰਘ ਦੇ ਪਿੰਡ ਚਾਹਲ ਕਲਾਂ ’ਚ ਜਸ਼ਨ
Next articleਮੁਹਾਲੀ: ਮੈਰੀਟੋਰੀਅਸ ਸਕੂਲ ’ਚ ਵਿਦਿਆਰਥੀ ਕਤਲ ਦਾ ਮਾਮਲਾ ਹਾਈ ਕੋਰਟ ਪੁੱਜਾ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ