ਅੰਮ੍ਰਿਤਸਰ (ਸਮਾਜ ਵੀਕਲੀ): ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ ਦੀ ਸਰਹੱਦ ’ਤੇ ਕੰਡਿਆਲੀ ਤਾਰ ਪਾਰਲੀ ਜ਼ਮੀਨ ਦਾ ਪਿਛਲੇ ਚਾਰ ਸਾਲਾਂ ਤੋਂ ਮੁਆਵਜ਼ਾ ਨਾ ਮਿਲਣ ਦਾ ਮਾਮਲਾ ਉਠਾਇਆ। ਉਨ੍ਹਾਂ ਕਿਹਾ ਕਿ ਮੁਆਵਜ਼ਾ ਰਾਸ਼ੀ ਦੇ ਕਰੋੜਾਂ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ ਹਨ।
ਸ੍ਰੀ ਔਜਲਾ ਨੇ ਸੰਸਦ ਵਿੱਚ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਦੇ ਨਾਲ ਕਰੀਬ 425 ਕਿਲੋਮੀਟਰ ਲੰਬੀ ਸਰਹੱਦ ਲੱਗਦੀ ਹੈ। ਇਸ ਵਿੱਚ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੀ ਜ਼ਮੀਨ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਅਟਾਰੀ, ਲੋਪੋਕੇ ਅਤੇ ਤਹਿਸੀਲ ਅਜਨਾਲਾ ਦੀ ਲਗਪਗ 3801 ਏਕੜ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ, ਜਿਸ ਦਾ ਪ੍ਰਤੀ ਸਾਲ ਮੁਆਵਜ਼ਾ ਲਗਪਗ 3,80,12,438 ਰੁਪਏ ਬਣਦਾ ਹੈ। 2018 ਤੋਂ ਲੈ ਕੇ ਹੁਣ ਤੱਕ ਦੀ ਮੁਆਵਜ਼ਾ ਰਾਸ਼ੀ ਕਿਸਾਨਾਂ ਨੂੰ ਨਹੀਂ ਮਿਲੀ ਹੈ। ਅੰਮ੍ਰਿਤਸਰ ਤੋਂ ਇਲਾਵਾ ਪੰਜਾਬ ਦੇ ਬਾਕੀ ਸਰਹੱਦੀ ਕਿਸਾਨਾਂ ਦੇ ਬਣਦੇ ਕਰੋੜਾਂ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ ਹਨ। ਉਨ੍ਹਾਂ ਦੱਸਿਆ ਕਿ 2012 ਤੋਂ 2017 ਤੱਕ ਦਾ ਇਹ ਮੁਆਵਜ਼ਾ ਵੀ ਵੱਡੀ ਜੱਦੋ-ਜਹਿਦ ਮਗਰੋਂ ਪ੍ਰਾਪਤ ਕੀਤਾ ਗਿਆ ਸੀ। ਉਸ ਤੋਂ ਬਾਅਦ ਸਿਰਫ਼ ਇਕ ਵਾਰ ਹੀ ਮੁਆਵਜ਼ਾ ਮਿਲਿਆ ਹੈ ਜਦਕਿ ਬਾਕੀ ਚਾਰ ਸਾਲਾਂ ਦਾ ਮੁਆਵਜ਼ਾ ਬਕਾਇਆ ਹੈ। ਸੰਸਦ ਮੈਂਬਰ ਨੇ ਦੱਸਿਆ ਕਿ ਕੰਡਿਆਲੀ ਤਾਰ ਪਾਰਲੀ ਜ਼ਮੀਨ ’ਤੇ ਖੇਤੀਬਾੜੀ ਲਈ ਕਿਸਾਨਾਂ ਨੂੰ ਰੋਜ਼ਾਨਾ ਸਿਰਫ਼ ਚਾਰ ਤੋਂ ਪੰਜ ਘੰਟੇ ਦਾ ਸਮਾਂ ਮਿਲਦਾ ਹੈ। ਉਨ੍ਹਾਂ ਕਿਸਾਨਾਂ ਦੀਆਂ ਹੋਰ ਮੁਸ਼ਕਲਾਂ ਵੀ ਸੰਸਦ ਸਾਹਮਣੇ ਰੱਖੀਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly