ਅਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਰਾਸ਼ਟਰੀ ਝੰਡਾ, ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂੂਰਬੀਰਾਂ ਨੂੰ ਕੀਤਾ ਯਾਦ

ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਕੀਤਾ ਵਿਸ਼ੇਸ਼ ਜ਼ਿਕਰ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 78ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਪਰੇਡ ਕਮਾਂਡਰ ਇੰਸਪੈਕਟਰ ਅਮਰਜੀਤ ਕੌਰ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ, ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। ਡਿਪਟੀ ਕਮਿਸ਼ਨਰ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਆਏ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ। ਇਸੇ ਤਰ੍ਹਾਂ ਜਿਥੇ ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਮੋਟਰ ਟਰਾਈ ਸਾਈਕਲ ਤੇ ਟਰਾਈ ਸਾਈਕਲ ਸੌਂਪੇ, ਉਥੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੀ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਆਪਣਾ ਦਿਲੋਂ ਸਨਮਾਨ ਭੇਟ ਕੀਤਾ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਾਥੀ ਰਹੇ ਹੁਸ਼ਿਆਰਪੁਰ ਦੇ ਅਜ਼ਾਦੀ ਘੁਲਾਟੀਏ ਪੰਡਿਤ ਕਿਸ਼ੋਰੀ ਲਾਲ ਤੇ ਗਦਰ ਲਹਿਰ ਦੇ ਬਾਬੂ ਮੰਗੂ ਰਾਮ ਮੁਗੋਵਾਲੀਆ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, 300 ਯੂਨਿਟ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ, ਸਰਕਾਰ ਤੁਹਾਡੇ ਦੁਆਰ, ਸੀ. ਐਮ ਵਿੰਡੋ, ਮੁੱਖ ਮੰਤਰੀ ਤੀਰਥ ਯਾਤਰਾ, ਸੜਕ ਸੁਰੱਖਿਆ ਫੋਰਸ, ਫਰਿਸ਼ਤੇ ਸਕੀਮ, ਡੋਰ ਸਟੈਪ ਸੇਵਾਵਾਂ ਅਤੇ ਹੋਰ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਇਤਿਹਾਸਕ ਪਿੰਡ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ 148 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ ਦੀ ਉਸਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ 5 ਕਰੋੜ 29 ਲੱਖ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ ਵਿਖੇ ਨਵੇਂ ਐਸ. ਡੀ. ਐਮ ਦਫ਼ਤਰ, ਤਹਿਸੀਲ ਦਫ਼ਤਰ ਅਤੇ ਫਰਦ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਨੌਜਵਾਨਾਂ ਵਿਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਲਈ ਹੁਸ਼ਿਆਰਪੁਰ ਸ਼ਹਿਰ ਦੇ ਦੋ ਮੁੱਖ ਪੁਆਇੰਟਾਂ ਪ੍ਰਭਾਤ ਚੌਕ ਅਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ 101 ਫੁੱਟ ਉੱਚੇ ਤਿਰੰਗੇ ਝੰਡੇ ਸਥਾਪਿਤ ਕੀਤੇ ਗਏ ਹਨ। ਕਰੀਬ 30 ਕਰੋੜ ਦੀ ਲਾਗਤ ਨਾਲ ਪਿੰਡ ਬਜਵਾੜਾ ਅਤੇ ਕਿਲਾ ਬਰੂਨ ਵਿਖੇ ਸੀਵਰੇਜ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਹੁਸ਼ਿਆਰਪੁਰ ਵਿਖੇ ਡੰਪ ਨੂੰ ਹਟਾ ਕੇ ਉਥੇ ਬਹੁਤ ਹੀ ਵਧੀਆ ਫੂਡ ਸਟਰੀਟ ਦਾ ਨਿਰਮਾਣ ਕੀਤਾ ਗਿਆ ਹੈ, ਜਿਥੇ ਸ਼ਹਿਰ ਵਾਸੀ ਹੁਣ ਲਜ਼ੀਜ਼ ਪਕਵਾਨਾਂ ਦਾ ਅਨੰਦ ਮਾਣ ਰਹੇ ਹਨ। ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਪੰਜਾਬ ਦੀ ਪਹਿਲੀ ਡਿਜੀਟਲ ਲਾਇਬ੍ਰੇਰੀ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੀ ਗਈ ਹੈ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਵਿਲੱਖਣ ਪ੍ਰੋਜੈਕਟਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ‘ਵਿੰਗਜ਼’ ਪ੍ਰੋਜੈਕਟ ਤਹਿਤ ਸਪੈਸ਼ਲ ਅਤੇ ਬੌਧਿਕ ਤੌਰ ’ਤੇ ਕਮਜ਼ੋਰ ਬੱਚਿਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ 5 ਵੱਖ-ਵੱਖ ਸਰਕਾਰੀ ਅਦਾਰਿਆਂ ਵਿਚ ਕੰਟੀਨਾਂ ਖੋਲ੍ਹ ਕੇ ਦਿੱਤੀਆਂ ਗਈਆਂ ਹਨ। ਸੁਸਾਇਟੀ ਵੱਲੋਂ ਚਲਾਈ ਜਾ ਰਹੀ ਸਾਂਝੀ ਰਸੋਈ ਵਿਚ ਕੇਵਲ 10 ਰੁਪਏ ਵਿਚ ਲੋਕਾਂ ਨੂੰ ਦੁਪਹਿਰ ਦਾ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਡਾਕਟਰ ਸੁੱਖੀ ਦੇ ਆਉਣ ਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਹੋਇਆ -ਮੈਡਮ ਲੋਹਟੀਆ
Next articleਰੈਡ ਕਰਾਸ ਵਲੋਂ “ਨਸ਼ਾ ਮੁਕਤ ਭਾਰਤ” ਅਭਿਆਨ ਤਹਿਤ ਲੰਗੜੋਆ ਸ ਸ ਸ ਸਕੂਲ ਵਿਖੇ ਸੁਤੰਤਰਤਾ ਦਿਵਸ ਮੌਕੇ ਬੂਟੇ ਲਗਾਏ