
ਕਪੂਰਥਲਾ , (ਸਮਾਜ ਵੀਕਲੀ) ( ਕੌੜਾ )- ਪੂਰਨ ਬ੍ਰਹਮ ਗਿਆਨੀ ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਸਮੁੱਚੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 13 ਅਗਸਤ ਤੋਂ 15 ਅਗਸਤ ਤੱਕ ਤਿੰਨ ਰੋਜਾ ਸਮਾਗਮ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ ਜਿਸ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ। ਧੰਨ ਧੰਨ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਨੂੰ ਲੈ ਕੇ ਦੇਸ਼ ਵਿਦੇਸ਼ ਅਤੇ ਇਲਾਕੇ ਭਰ ਦੀਆਂ ਸੰਗਤਾਂ ਵਿੱਚ ਭਾਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਕਾਰ ਸੇਵਾ ਵਾਲਿਆ ਨੇ ਦੱਸਿਆ ਕਿ 13 ਅਗਸਤ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਹੋਣਗੇ ਜਿਨਾਂ ਦੇ ਭੋਗ 15 ਅਗਸਤ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਉਨਾਂ ਦੱਸਿਆ ਕਿ ਉਪਰੰਤ ਧਾਰਮਿਕ ਸੁੰਦਰ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਸੰਤ ਮਹਾਂਪੁਰਸ਼, ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਸੰਗਤਾਂ ਨਾਲ ਗੁਰਬਾਣੀ ਅਤੇ ਗੁਰ ਇਤਿਹਾਸ ਦੀ ਸਾਂਝ ਪਾਉਣਗੇ। ਉਹਨਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਤੇ ਚੱਲ ਰਹੀਆਂ ਹਨ ਜਿਸ ਲਈ ਸੇਵਾਦਾਰ ਤੇ ਸੰਗਤਾਂ ਨਿਸ਼ਕਾਮ ਸੇਵਾ ਨਿਰੰਤਰ ਦਿਨ ਰਾਤ ਕਰ ਰਹੀਆਂ ਹਨ। ਉਹਨਾਂ ਦੱਸਿਆ ਕਿ ਦਰਬਾਰ ਸਾਹਿਬ ਨੂੰ ਸਜਾਉਣ ਅਤੇ ਸੁੰਦਰ ਪੰਡਾਲ ਲਈ ਵੀ ਤਿਆਰੀਆਂ ਚੱਲ ਰਹੀਆਂ ਹਨ। ਮੁੱਖ ਦੁਆਰ ਦਰਸ਼ਨੀ ਡਿਊੜੀ ਅਤੇ ਸਮੁੱਚੇ ਰਸਤੇ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਜਾ ਰਿਹਾ ਹੈ। ਬਾਬਾ ਹਰਜੀਤ ਸਿੰਘ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਧੰਨ ਧੰਨ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਤਿੰਨ ਰੋਜ਼ਾ ਸਮਾਗਮਾਂ ਵਿੱਚ ਵੱਧ ਤੋਂ ਵੱਧ ਗੁਰੂ ਘਰ ਨਤਮਸਤਕ ਹੋ ਕੇ ਨਿਸ਼ਕਾਮ ਸੇਵਾ ਕਰਦਿਆਂ ਲਾਹਾ ਪ੍ਰਾਪਤ ਕਰਨ।

