ਫ਼ਰੀਦਕੋਟ (ਸਮਾਜ ਵੀਕਲੀ) (ਸ਼ਿਵਨਾਥ) ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (BFUHS), ਫ਼ਰੀਦਕੋਟ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ (GGSMCH), ਫ਼ਰੀਦਕੋਟ ਵਿਖੇ ਸਿਹਤ ਸੇਵਾਵਾਂ, ਮੈਡੀਕਲ ਸਿੱਖਿਆ ਅਤੇ ਸੰਸਥਾਗਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦਾ ਸਮਾਗਮ ਆਯੋਜਿਤ ਕੀਤਾ ਗਿਆ। ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਪ੍ਰੋ. (ਡਾ.) ਰਾਜੀਵ ਸੂਦ, ਵਾਈਸ ਚਾਂਸਲਰ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲੋਂ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ, ਫ਼ਰੀਦਕੋਟ ਅਤੇ ਮੈਂਬਰ, ਬੋਰਡ ਆਫ਼ ਮੈਨੇਜਮੈਂਟ, BFUHS ਡਾ. ਸੰਜੀਵ ਗੋਇਲ , ਆਈ.ਐਮ.ਏ. ਦੀ ਹਾਜ਼ਰੀ ਵਿੱਚ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀ, ਫੈਕਲਟੀ ਮੈਂਬਰ ਅਤੇ ਕਰਮਚਾਰੀ ਵੀ ਮੌਜੂਦ ਸਨ।ਇਸ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਵਿਖੇ ਮੈਡੀਸਨ-II ਵਾਰਡ ਅਤੇ ਡਾਇਲਸਿਸ ਯੂਨਿਟ ਦੇ ਅਪਗ੍ਰੇਡੇਸ਼ਨ, ਫਾਰਮੇਸੀ ਬਿਲਡਿੰਗ ਦੇ ਨਿਰਮਾਣ, ਸਿਵਲ ਹਸਪਤਾਲ, ਬਾਦਲ ਵਿਖੇ ਐਫਲੂਐਂਟ ਟ੍ਰੀਟਮੈਂਟ ਪਲਾਂਟ (ETP), ਨਰਸਿੰਗ ਕਾਲਜ, ਗੋਇੰਦਵਾਲ ਵਿਖੇ ਸੀਵੇਜ ਟ੍ਰੀਟਮੈਂਟ ਪਲਾਂਟ (STP), ਟਰਸ਼ਰੀ ਕੈਂਸਰ ਕੇਅਰ ਸੈਂਟਰ, ਫਾਜ਼ਿਲਕਾ ਵਿਖੇ ਐਫਲੂਐਂਟ ਟ੍ਰੀਟਮੈਂਟ ਪਲਾਂਟ (ETP) ਅਤੇ ਐਡਵਾਂਸਡ ਕੈਂਸਰ ਇੰਸਟੀਚਿਊਟ (ACI), ਬਠਿੰਡਾ ਵਿਖੇ ਰਿਹਾਇਸ਼ੀ ਕੰਪਲੈਕਸ ਦੀ ਸਥਾਪਨਾ ਲਈ ਨੀਂਹ ਪੱਥਰ ਰੱਖੇ ਗਏ। ਇਸ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਦੇ ਨਿਊਕਲੀਅਰ ਮੈਡੀਸਨ ਵਿਭਾਗ ਦੇ ਵਾਧੂ ਬਲਾਕ ਦਾ ਵੀ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਜਾਣਕਾਰੀ ਦਿੱਤੀ ਗਈ ਕਿ ਨਿਊਕਲੀਅਰ ਮੈਡੀਸਨ ਵਿਭਾਗ ਵਿੱਚ ਨਵੀਂ PET Scan ਮਸ਼ੀਨ ਸਥਾਪਿਤ ਕਰ ਦਿੱਤੀ ਗਈ ਹੈ, ਜੋ ਕਿ ਐਟਾਮਿਕ ਐਨਰਜੀ ਰੈਗੂਲੇਟਰੀ ਬੋਰਡ (AERB) ਤੋਂ ਲੋੜੀਂਦੀਆਂ ਮਨਜ਼ੂਰੀਆਂ ਪ੍ਰਾਪਤ ਹੋਣ ਉਪਰੰਤ ਮਰੀਜ਼ਾਂ ਲਈ ਸੇਵਾਵਾਂ ਸ਼ੁਰੂ ਕਰ ਦੇਵੇਗੀ। ਇਸ ਨਾਲ ਸੰਸਥਾ ਵਿੱਚ ਅਤਿ-ਆਧੁਨਿਕ ਜਾਂਚ ਸਹੂਲਤਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਦਘਾਟਨ ਕੀਤੇ ਗਏ ਪ੍ਰੋਜੈਕਟਾਂ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਵਿਖੇ ਨਵੀਂ MRI ਮਸ਼ੀਨ, ਐਡਵਾਂਸਡ ਕੈਂਸਰ ਇੰਸਟੀਚਿਊਟ (ACI), ਬਠਿੰਡਾ ਵਿਖੇ ਐਫਲੂਐਂਟ ਟ੍ਰੀਟਮੈਂਟ ਪਲਾਂਟ (ETP) ਅਤੇ ਸਟੇਟ ਇੰਸਟੀਚਿਊਟ ਆਫ਼ ਨਰਸਿੰਗ ਐਂਡ ਪੈਰਾਮੈਡੀਕਲ ਮੈਡੀਕਲ ਸਾਇੰਸਿਜ਼ (SINPMS), ਬਾਦਲ ਵਿਖੇ ਸੀਵੇਜ ਟ੍ਰੀਟਮੈਂਟ ਪਲਾਂਟ (STP) ਸ਼ਾਮਲ ਹਨ, ਜੋ ਵਾਤਾਵਰਣ ਸੁਰੱਖਿਆ ਅਤੇ ਉੱਚ ਪੱਧਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋਣਗੇ। ਇਸ ਮੌਕੇ ਚਾਰ ਨਵੀਆਂ ਸੱਤ-ਸੀਟਰ ਗੱਡੀਆਂ ਅਤੇ ਇੱਕ ਨਵੀਂ 52-ਸੀਟਰ ਬੱਸ ਨੂੰ ਵੀ ਪ੍ਰੋ. (ਡਾ.) ਰਾਜੀਵ ਸੂਦ ਅਤੇ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜਿਸ ਨਾਲ ਯੂਨੀਵਰਸਿਟੀ ਅਤੇ ਹਸਪਤਾਲ ਦੀਆਂ ਆਵਾਜਾਈ ਸੇਵਾਵਾਂ ਹੋਰ ਸੁਚਾਰੂ ਬਣਨਗੀਆਂ। ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਨਵੀਂ ਸੀਵਰ ਜੈਟਿੰਗ-ਕਮ-ਸਕਸ਼ਨ ਮਸ਼ੀਨ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਆਧੁਨਿਕ ਮਸ਼ੀਨ ਸੀਵਰਾਂ ਦੀ ਸਫ਼ਾਈ ਅਤੇ ਰੱਖ-ਰਖਾਅ ਨੂੰ ਵਧੇਰੇ ਸੁਰੱਖਿਅਤ, ਪ੍ਰਭਾਵਸ਼ਾਲੀ ਅਤੇ ਮੈਨੂਅਲ ਦਖ਼ਲ ਤੋਂ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. (ਡਾ.) ਰਾਜੀਵ ਸੂਦ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਪੰਜਾਬ ਸਰਕਾਰ ਦੇ ਵਿਜ਼ਨ ਅਨੁਸਾਰ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਆਧੁਨਿਕ ਜਾਂਚ ਸਹੂਲਤਾਂ ਮਿਲਣ ਦੇ ਨਾਲ-ਨਾਲ ਮੈਡੀਕਲ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਣ ਦੇ ਮੌਕੇ ਪ੍ਰਾਪਤ ਹੋਣਗੇ ਅਤੇ ਸਿਹਤ ਕਰਮਚਾਰੀਆਂ ਲਈ ਹੋਰ ਸੁਰੱਖਿਅਤ ਅਤੇ ਸੁਚਾਰੂ ਕਾਰਜ-ਵਾਤਾਵਰਣ ਯਕੀਨੀ ਬਣੇਗਾ। ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ, ਫ਼ਰੀਦਕੋਟ ਨੇ ਵਾਇਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਜੀ ਵੱਲੋਂ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨਵੇਂ ਪ੍ਰੋਜੈਕਟ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਅਤੇ ਗੁਣਵੱਤਾ ਭਰਪੂਰ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






