ਸੂਬਾ ਪੱਧਰੀ ਮੀਟਿੰਗ ’ਚ ਡਾ. ਅਵਤਾਰ ਸਿੰਘ ਕਰੀਮਪੁਰੀ ਤੇ ਵਿਪੁਲ ਕੁਮਾਰ ਨੇ ਸੰਗਠਨ ਦੇ ਕੰਮਕਾਜ ਦੀ ਸਮੀਖਿਆ ਕੀਤੀ
ਜਲੰਧਰ (ਸਮਾਜ ਵੀਕਲੀ) ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਬਸਪਾ ਵਰਕਰ ਪਰਿਨਿਰਵਾਣ ਦਿਵਸ ਦੇ ਮੌਕੇ ’ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਾਰੇ ਵਰਕਰਾਂ ਨੂੰ ਪਿੰਡ-ਪਿੰਡ ਇਸ ਸਬੰਧੀ ਸ਼ਰਧਾਂਜਲੀ ਸਮਾਗਮ ਕਰਨ ਲਈ ਕਿਹਾ ਗਿਆ ਹੈ, ਤਾਂ ਕਿ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸਮਾਨਤਾ, ਭਾਈਚਾਰੇ ਤੇ ਸੁਤੰਤਰਤਾ ਸਬੰਧੀ ਵਿਚਾਰਾਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਲੋਕਤੰਤਰਿਕ ਵਿਵਸਥਾ ਲਈ ਭਾਈਚਾਰੇ ’ਤੇ ਜ਼ੋਰ ਦਿੱਤਾ, ਜਿਸਦੀ ਅੱਜ ਵੀ ਬਹੁਤ ਲੋੜ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਨਵੇਂ ਭਾਰਤ ਦੇ ਨਿਰਮਾਣ ਲਈ ਵੀ ਵਿਚਾਰ ਦਿੱਤੇ ਹਨ, ਜਿਸ ’ਤੇ ਸਾਰਿਆਂ ਨੂੰ ਚੱਲਣ ਦੀ ਲੋੜ ਹੈ। ਬਸਪਾ ਸੂਬਾ ਇੰਚਾਰਜ ਵਿਪੁਲ ਕੁਮਾਰ ਤੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੱਜ 5 ਦਸੰਬਰ ਨੂੰ ਪਾਰਟੀ ਦੇ ਜਲੰਧਰ ਵਿਖੇ ਸੂਬਾ ਦਫਤਰ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਸਬੰਧੀ ਇਹ ਵਿਚਾਰ ਪਾਰਟੀ ਕੇਡਰ ਸਾਹਮਣੇ ਰੱਖੇ ਤੇ ਸਾਰੇ ਜ਼ਿਲ੍ਹਿਆਂ ਦੇ ਸੰਗਠਨ ਦੇ ਕੰਮਕਾਜ ਦੀ ਸਮੀਖਿਆ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰੇ ਆਗੂਆਂ ਨੂੰ ਕਿਹਾ ਕਿ ਉਹ ਪਿੰਡ-ਪਿੰਡ ਵਿੱਚ ਬਸਪਾ ਦੇ ਸੰਗਠਨ ਦਾ ਨਿਰਮਾਣ ਕਰਨ, ਤਾਂ ਕਿ ਪਾਰਟੀ ਪੰਜਾਬ ਭਰ ਵਿੱਚ ਤਗੜੀ ਹੋ ਕੇ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਲੜਾਈ ਲੜ ਸਕੇ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਸਪਾ ਵਰਕਰਾਂ ਵਿੱਚ ਬਹੁਤ ਉਤਸ਼ਾਹ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਵੱਲੋਂ ਹੋਰ ਵੀ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ। ਬਸਪਾ ਪੰਜਾਬ ਦੇ ਲੋਕਾਂ ਨੂੰ ਇੱਕ ਚੰਗਾ ਬਦਲ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਉਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਵੀ ਪਾਰਟੀ ਮਜ਼ਬੂਤੀ ਨਾਲ ਹਿੱਸਾ ਲਵੇਗੀ। ਇਸ ਮੌਕੇ ਬਸਪਾ ਦੇ ਸੂਬਾ ਉਪਪ੍ਰਧਾਨ ਅਜੀਤ ਸਿੰਘ ਭੈਣੀ ਤੇ ਹੋਰ ਆਗੂ ਵੀ ਮੌਜ਼ੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly