ਤਲਵੰਡੀ ਸਾਬੋ (ਸਮਾਜ ਵੀਕਲੀ): ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੱਲ੍ਹ ਸ਼ੁਰੂ ਹੋਏ ਚਾਰ ਰੋਜ਼ਾ ਵਿਸਾਖੀ ਮੇਲੇ ਦੇ ਅੱਜ ਦੂਜੇ ਦਿਨ ਵੱਡੀ ਗਿਣਤੀ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕੀਤਾ ਅਤੇ ਗੁਰੂਘਰ ਮੱਥਾ ਟੇਕਿਆ। ਧਾਰਮਿਕ ਸਮਾਗਮਾਂ ਦੌਰਾਨ ਜਿੱਥੇ ਸਿੱਖ ਵਿਦਵਾਨਾਂ ਵੱਲੋਂ ਕਥਾ, ਕੀਰਤਨ ਰਾਹੀਂ ਸੰਗਤ ਨੂੰ ਗੁਰ ਇਤਿਹਾਸ ਬਾਰੇ ਚਾਨਣਾ ਪਾਇਆ ਜਾ ਰਿਹਾ ਹੈ, ਉੱਥੇ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਸਿੱਖ ਇਤਿਹਾਸ ਦੀਆਂ ਵਾਰਾਂ ਗਾਈਆਂ ਜਾ ਰਹੀਆਂ ਹਨ। ਖ਼ੁਫ਼ੀਆ ਤੰਤਰ ਵੱਲੋਂ ਮਾੜੇ ਅਨਸਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸ਼ਹਿਰ ਦੀਆਂ ਵੱਖ-ਵੱਖ ਦਿਸ਼ਾਵਾਂ ਵਿੱਚ ਬਣਾਏ ਗਏ ਆਰਜ਼ੀ ਬੱਸ ਅੱਡੇ ਤਖ਼ਤ ਸਾਹਿਬ ਤੋਂ ਕਾਫ਼ੀ ਦੂਰ ਹੋਣ ਕਰ ਕੇ ਸ਼ਰਧਾਲੂਆਂ ਨੂੰ ਗੁਰਦੁਆਰਿਆਂ ਤੱਕ ਪੁੱਜਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਭਲਕੇ 14 ਅਪਰੈਲ ਨੂੰ ਸ਼੍ਰੋਮਣੀ ਅਕਾਲੀ ਦਲ, ਬਸਪਾ ਅਤੇ ਅਕਾਲੀ ਦਲ (ਅ) ਵੱਲੋਂ ਕੀਤੀਆਂ ਜਾਣ ਵਾਲੀਆਂ ਸਿਆਸੀ ਕਾਨਫਰੰਸਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਾਨਫਰੰਸਾਂ ਨੂੰ ਸੰਬੋਧਨ ਕਰਨ ਲਈ ਇਨ੍ਹਾਂ ਪਾਰਟੀਆਂ ਦੇ ਵੱਡੇ ਆਗੂ ਪਹੁੰਚ ਰਹੇ ਹਨ। ਸੱਤਾਧਾਰੀ ਪਾਰਟੀ ‘ਆਪ’ ਅਤੇ ਵਿਰੋਧੀ ਧਿਰ ਕਾਂਗਰਸ ਨੇ ਮੇਲੇ ਮੌਕੇ ਆਪਣੀਆਂ ਕਾਨਫਰੰਸਾਂ ਕਰਨ ਤੋਂ ਪਾਸਾ ਵੱਟਿਆ ਹੋਇਆ ਹੈ। ਇਸ ਦੌਰਾਨ ਤਰਕਸ਼ੀਲ ਸੁਸਾਇਟੀ ਵੱਲੋਂ ਲੋਕਾਂ ਨੂੰ ਵਹਿਮਾਂ-ਭਰਮਾਂ ਵਿੱਚੋਂ ਨਿਕਲ ਕੇ ਵਿਗਿਆਨਕ ਸੋਚ ਦੇ ਧਾਰਨੀ ਬਣਨ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਚੰਡੋਲ, ਝੂਲੇ ਅਤੇ ਹੋਰ ਮਨੋਰੰਜਕ ਸਾਧਨ ਮੇਲੀਆਂ ਦੀ ਖਿੱਚ ਦਾ ਕੇਂਦਰ ਬਣੇ ਹੋਏ ਹਨ। ਮੇਲੇ ਦੇ ਮੁੱਖ ਸਮਾਗਮ ਭਲਕੇ 14 ਅਪਰੈਲ ਨੂੰ ਹੋਣਗੇ। ਮੇਲੇ ਦੀ ਸਮਾਪਤੀ 15 ਅਪਰੈਲ ਦੀ ਸ਼ਾਮ ਨੂੰ ਬੁੱਢਾ ਦਲ ਦੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਣ ਨਾਲ ਹੋਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly