ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਕੁੱਕੜਸੂਹਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਕੀਤੀ ਗਈ ‘ਲੋਕ ਮਿਲਣੀ’ ਦੌਰਾਨ ਕਈ ਪਰਿਵਾਰ ਵਿਰੋਧੀ ਧਿਰਾਂ ਨੂੰ ਛੱਡ ਕੇ ‘ਆਪ’ ਪਰਿਵਾਰ ਵਿੱਚ ਸ਼ਾਮਿਲ ਹੋ ਗਏ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਨਵੇਂ ਸਾਥੀਆਂ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦੇਣ ਦਾ ਪੂਰਾ ਭਰੋਸਾ ਦਿਵਾਇਆ। ਪਿੰਡ ਕੁੱਕੜਸੂਹਾ ਵਿਖੇ ਹੋਏ ਇਸ ਪ੍ਰਭਾਵਸ਼ਾਲੀ ਇਕੱਠ ਦੌਰਾਨ ਵਿਰੋਧੀ ਧਿਰਾਂ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਪੱਲਾ ਫੜਨ ਵਾਲੇ ਪ੍ਰਮੁੱਖ ਆਗੂਆਂ ਵਿੱਚ ਬੋਬੀ ਭੂੰਬਲਾ, ਨਿਤਿਨ ਭੂੰਬਲਾ, ਸੁਰੇਸ਼ ਕੁਮਾਰ ਰਾਣਾ, ਸੁਦੇਸ਼ ਕੁਮਾਰ, ਸੰਦੀਪ ਕੁਮਾਰ ਖੇਪੜ, ਰਾਜ ਕੁਮਾਰ ਰਾਜੀ, ਭੀਮ ਲਾਲ, ਰਿੰਕੂ ਕੁਮਾਰ, ਸੁਭਾਸ਼ ਲੰਬੜਦਾਰ, ਹੇਮ ਰਾਜ ਕਾਕਾ ਸ਼ਾਮਿਲ ਹਨ। ਇਨ੍ਹਾਂ ਸਾਰੇ ਆਗੂਆਂ ਦੇ ਨਾਲ ਉਨ੍ਹਾਂ ਦੇ ਦਰਜਨਾਂ ਸਾਥੀ ਵੀ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ, “ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਲੋਕ-ਹਿੱਤੂ ਨੀਤੀਆਂ ਸਦਕਾ ਅੱਜ ਪੰਜਾਬ ਦਾ ਹਰ ਵਰਗ ਸਰਕਾਰ ਦੇ ਕੰਮਾਂ ਤੋਂ ਬੇਹੱਦ ਖ਼ੁਸ਼ ਹੈ। ‘ਆਪ’ ਪਰਿਵਾਰ ਵਿੱਚ ਸ਼ਾਮਿਲ ਹੋਏ ਸਾਰੇ ਨਵੇਂ ਸਾਥੀਆਂ ਦਾ ਮੈਂ ਦਿਲੋਂ ਸਵਾਗਤ ਕਰਦੀ ਹਾਂ। ਮੈਨੂੰ ਪੂਰੀ ਉਮੀਦ ਹੈ ਕਿ ਇਨ੍ਹਾਂ ਸਾਰੇ ਸਾਥੀਆਂ ਦੇ ਸਹਿਯੋਗ ਨਾਲ ਹਲਕੇ ਅੰਦਰ ਲੋਕ ਸੇਵਾ ਅਤੇ ਵਿਕਾਸ ਦਾ ਇਹ ਸਫ਼ਰ ਹੋਰ ਵੀ ਜ਼ਿਆਦਾ ਮਜ਼ਬੂਤ ਹੋਵੇਗਾ।” ਇਸ ਦੌਰਾਨ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਵੀ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ, “ਹਲਕਾ ਬਲਾਚੌਰ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨਾ ਸਾਡੀ ਮੁੱਖ ਤਰਜੀਹ ਹੈ। ਅੱਜ ਪਿੰਡ ਕੁੱਕੜਸੂਹਾ ਦੇ ਮੋਹਤਬਰਾਂ ਵੱਲੋਂ ਪਾਰਟੀ ‘ਤੇ ਜਿਤਾਇਆ ਗਿਆ ਇਹ ਭਰੋਸਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਹਲਕੇ ਵਿੱਚ ਹੋ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਦੇ ਨਾਲ ਖੜ੍ਹੇ ਹਨ।” ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦੀ ਨਿਰਪੱਖ ਕਾਰਜਸ਼ੈਲੀ ਅਤੇ ਇਲਾਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਪ੍ਰੋਗਰਾਮ ਦੌਰਾਨ ਪਿੰਡ ਦੇ ਹੋਰ ਵੀ ਕਈ ਪਤਵੰਤੇ ਸੱਜਣ, ਪਾਰਟੀ ਵਰਕਰ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



