ਕੋਚੀ— ਕੇਰਲ ਦੀ ਇਕ ਮਾਰਕੀਟਿੰਗ ਫਰਮ ‘ਤੇ ਆਪਣੇ ਕਰਮਚਾਰੀਆਂ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਲੱਗਾ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ 12 ਸੈਕਿੰਡ ਦੀ ਵੀਡੀਓ ‘ਚ ਇਕ ਕਰਮਚਾਰੀ ਗਲੇ ‘ਤੇ ਪੱਟੀ ਬੰਨ੍ਹ ਕੇ ਗੋਡਿਆਂ ਅਤੇ ਹੱਥਾਂ ‘ਤੇ ਤੁਰਦਾ ਦਿਖਾਈ ਦੇ ਰਿਹਾ ਹੈ। ਇਸ ਤੋਂ ਬਾਅਦ ਉਸ ਨੂੰ ਪਲੇਟ ‘ਚ ਰੱਖੇ ਸਿੱਕੇ ਨੂੰ ਚੱਟਣ ਲਈ ਮਜਬੂਰ ਕੀਤਾ ਜਾਂਦਾ ਹੈ। ਦੋਸ਼ ਹੈ ਕਿ ਇਹ ਸਜ਼ਾ ਉਨ੍ਹਾਂ ਮੁਲਾਜ਼ਮਾਂ ਨੂੰ ਦਿੱਤੀ ਗਈ ਜੋ ਆਪਣੇ ਟੀਚੇ ਪੂਰੇ ਨਹੀਂ ਕਰ ਸਕੇ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕੇਰਲ ਸਰਕਾਰ ਨੇ ਇਸ ਮਾਮਲੇ ‘ਚ ਸਖਤ ਰੁਖ ਅਪਣਾਇਆ ਹੈ। ਕਿਰਤ ਮੰਤਰੀ ਵੀ. ਸਿਵਨਕੁੱਟੀ ਨੇ ਇਸ ਘਟਨਾ ਨੂੰ “ਹੈਰਾਨ ਕਰਨ ਵਾਲਾ ਅਤੇ ਪਰੇਸ਼ਾਨ ਕਰਨ ਵਾਲਾ” ਦੱਸਿਆ ਅਤੇ ਜ਼ਿਲ੍ਹਾ ਕਿਰਤ ਅਧਿਕਾਰੀ ਨੂੰ ਤੁਰੰਤ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੇਰਲਾ ਵਰਗੇ ਸੂਬੇ ਵਿੱਚ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕੀਤਾ ਜਾਵੇਗਾ।
ਘਟਨਾ ਪੇਰੁੰਬਾਵੂਰ ਸਥਿਤ ਇੱਕ ਫਰਮ ਵਿੱਚ ਵਾਪਰੀ ਦੱਸੀ ਜਾਂਦੀ ਹੈ, ਜਦੋਂ ਕਿ ਇਹ ਕਲੂਰ ਵਿੱਚ ਇੱਕ ਮਾਰਕੀਟਿੰਗ ਕੰਪਨੀ ਨਾਲ ਜੁੜੀ ਹੋਈ ਹੈ। ਪੁਲਿਸ ਅਨੁਸਾਰ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਅਧਿਕਾਰਤ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ ਪਰ ਜਾਂਚ ਜਾਰੀ ਹੈ।
ਉਧਰ, ਰਾਜ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਕੇਰਲ ਰਾਜ ਯੁਵਾ ਕਮਿਸ਼ਨ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਹੈ। ਹਾਈਕੋਰਟ ਦੇ ਵਕੀਲ ਕੁਲਥੂਰ ਜੈਸਿੰਘ ਦੀ ਸ਼ਿਕਾਇਤ ‘ਤੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਯੂਥ ਕਮਿਸ਼ਨ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਰਿਪੋਰਟ ਤਲਬ ਕੀਤੀ ਹੈ। ਕਮਿਸ਼ਨ ਦੇ ਚੇਅਰਮੈਨ ਐਮ. ਸ਼ਾਜਰ ਨੇ ਕਿਹਾ ਕਿ ਜਮਹੂਰੀ ਸਮਾਜ ਵਿੱਚ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly