ਫ਼ਰੀਦਕੋਟ, (ਸਮਾਜ ਵੀਕਲੀ) :ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਬਰਗਾੜੀ ਬੇਅਦਬੀ ਕਾਂਡ ਵਿੱਚ ਅੱਜ ਅੱਠ ਡੇਰਾ ਪ੍ਰੇਮੀਆਂ ਖਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ। ਡੇਰਾ ਪ੍ਰੇਮੀਆਂ ਉੱਪਰ ਦੋਸ਼ ਹੈ ਕਿ ਉਹਨਾਂ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਚੋਰੀ ਕਰ ਕੇ 24 ਸਤੰਬਰ 2015 ਨੂੰ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਏ ਸਨ, ਜਿਨ੍ਹਾਂ ਵਿੱਚ ਗੁਰੂ ਗ੍ਰੰਥ ਸਾਹਿਬ ਬਾਰੇ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਸੀ। ਜਾਂਚ ਟੀਮ ਨੇ ਅੱਜ ਡੇਰਾ ਪ੍ਰੇਮੀ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਹਰਸ਼ ਧੁਰੀ, ਸੰਦੀਪ ਬਰੇਟਾ ਅਤੇ ਪ੍ਰਦੀਪ ਕਲੇਰ ਖ਼ਿਲਾਫ਼ ਚਲਾਨ ਪੇਸ਼ ਕੀਤਾ।
ਜਾਂਚ ਟੀਮ ਨੇ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਆਗੂ ਮਹਿੰਦਰਪਾਲ ਬਿੱਟੂ ਖ਼ਿਲਾਫ਼ ਵੀ ਚਲਾਨ ਪੇਸ਼ ਕੀਤਾ ਹੈ। ਹਾਲਾਂਕਿ ਬਿੱਟੂ ਦਾ ਤਿੰਨ ਸਾਲ ਪਹਿਲਾਂ ਨਾਭਾ ਜੇਲ੍ਹ ਵਿੱਚ ਕਤਲ ਹੋ ਗਿਆ ਸੀ। ਡੇਰੇ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪ੍ਰਦੀਪ ਕਲੇਰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤੇ ਜਾ ਸਕੇ ਅਤੇ ਇਹਨਾਂ ਖਿਲਾਫ਼ ਅਦਾਲਤ ਨੇ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕੀਤੀ ਹੋਈ ਹੈ। ਇੱਕ ਦਿਨ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੋਸਟਰ ਦੀ ਲਿਖਾਈ ਦੇ ਮਿਲਾਣ ਸਬੰਧੀ ਪਟੀਸ਼ਨ ਰੱਦ ਕੀਤੀ ਸੀ। ਚਲਾਨ ਪੇਸ਼ ਹੋਣ ਤੋਂ ਬਾਅਦ ਜੁਡੀਸ਼ਲ ਮੈਜਿਸਟਰੇਟ ਮਿਸ ਤ੍ਰਜਨੀ ਨੇ ਇਸ ਮਾਮਲੇ ਦੀ ਸੁਣਵਾਈ 3 ਅਗਸਤ ’ਤੇ ਪਾ ਦਿੱਤੀ ਹੈ। ਉਨ੍ਹਾਂ ਨਾਲ ਹੀ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਸਾਰੇ ਮੁਲਜ਼ਮਾਂ ਨੂੰ ਇਸ ਦਿਨ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਅੱਜ ਪੇਸ਼ ਕੀਤੇ ਚਲਾਨ ਵਿੱਚ ਜਾਂਚ ਟੀਮ ਨੇ ਵਿਵਾਦਤ ਪੋਸਟਰ ਅਦਾਲਤ ਵਿੱਚ ਪੇਸ਼ ਨਹੀ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly