ਬਠਿੰਡਾ (ਸਮਾਜ ਵੀਕਲੀ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਲਈ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਸਥਿਤ ਦਫ਼ਤਰ ਸਾਹਮਣੇ ਦੋ-ਰੋਜ਼ਾ ਧਰਨਾ ਸ਼ੁਰੂ ਕੀਤਾ ਗਿਆ ਹੈ। ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂ, ਵਰਿੰਦਰ ਸਿੰਘ ਬੀਬੀਵਾਲਾ, ਜਗਸੀਰ ਸਿੰਘ ਭੰਗੂ, ਸੇਵਕ ਸਿੰਘ ਦੰਦੀਵਾਲ, ਰਾਜੇਸ਼ ਕੁਮਾਰ ਤੇ ਖੁਸ਼ਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸੱਤਾ ਹਾਸਲ ਕਰਨ ਤੋਂ ਪਹਿਲਾਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ।
ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਮੰਤਰੀਆਂ, ਵਿਧਾਇਕਾਂ ਦੇ ਬੱਚਿਆਂ ਨੂੰ ਤਾਂ ਪੱਕੀ ਨੌਕਰੀ ਦੇ ਦਿੱਤੀ ਹੈ ਪਰ ਕਰੀਬ 20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ ਰਹੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ। ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ। ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਬੰਦ ਕੀਤੀਆਂ ਜਾਣ।
ਨਵੇਂ ਖੇਤੀ ਅਤੇ ਕਿਰਤ ਕਾਨੂੰਨਾਂ ਸਮੇਤ ਸਮੂਹ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਇਸ ਸਮੇਂ ਹਾਜ਼ਰ ਬੀਕੇਯੂ (ਉਗਰਾਹਾਂ) ਤੋਂ ਜਗਦੇਵ ਸਿੰਘ ਜੋਗੇਵਾਲਾ ਅਤੇ ਜਸਵੀਰ ਸਿੰਘ ਸੇਮਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬਲਵਿੰਦਰ ਸਿੰਘ, ਟੀਐੱਸਯੂ (ਭੰਗਲ) ਤੋਂ ਨਰਿੰਦਰ ਕੁਮਾਰ ਅਤੇ ਹੇਮਰਾਜ ਨੇ ਠੇਕਾ ਮੁਲਾਜ਼ਮਾਂ ਦੇ ਹੱਕ ਵਿੱਚ ਆਪਣਾ ਸਮਰਥਨ ਦਿੱਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly