ਬਠਿੰਡਾ – ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਹੇਠ ਭਾਰਤ ਸਰਕਾਰ ਦੇ ਵੀਰ ਗਾਥਾ ਪ੍ਰੋਜੈਕਟ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਰਹਿਨੁਮਾਈ ਹੇਠ ਬਠਿੰਡਾ ਜ਼ਿਲ੍ਹੇ ਦੇ ਸਰਕਾਰੀ, ਗੈਰ ਸਰਕਾਰੀ ਸਕੂਲਾਂ ਵਿੱਚ ਸਫਲਤਾ ਪੂਰਵਕ ਚਲਾਇਆ ਗਿਆ।
ਇਸ ਮੌਕੇ ਬੋਲਦਿਆਂ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਮਨਿਸਟਰੀ ਆਫ ਐਜੂਕੇਸ਼ਨ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਹਥਿਆਰਬੰਦ ਬਲਾਂ,ਅਧਿਕਾਰੀਆਂ, ਕਰਮਚਾਰੀਆਂ ਦੀ ਬਹਾਦਰੀ ਅਤੇ ਕੁਰਬਾਨੀ ਦੇ ਕੰਮਾ ਨੂੰ ਫੈਲਾਉਣ ਅਤੇ ਉਹਨਾਂ ਦੇ ਸਨਮਾਨ ਲਈ ਵੀਰ ਗਾਥਾ ਪ੍ਰੋਜੈਕਟ ਚਲਾਇਆ ਗਿਆ।
ਜਿਸ ਵਿੱਚ ਭਾਰਤ ਸਰਕਾਰ ਵੱਲੋਂ ਜੋ ਰਿਪੋਰਟ ਪ੍ਰਕਾਸ਼ਿਤ ਕੀਤੀ ਗਈ ਹੈ, ਉਸ ਵਿੱਚ ਪੂਰੇ ਪੰਜਾਬ ਵਿੱਚੋਂ ਬਠਿੰਡਾ ਜ਼ਿਲ੍ਹੇ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਬਠਿੰਡਾ ਜ਼ਿਲ੍ਹੇ ਦੀਆਂ 230364 ਭਾਗੀਦਾਰੀਆਂ ਹੋਈਆਂ। ਇਸ ਮੌਕੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਬੇਹੱਦ ਖੁਸ਼ੀ ਇਸ ਗੱਲ ਦੀ ਹੈ ਕਿ ਜਿੱਥੇ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਕਵਿਤਾ, ਪੈਰਾ, ਵੀਡੀਓ ਅਤੇ ਡਰਾਇੰਗ ਮੁਕਾਬਲਿਆਂ ਰਾਹੀਂ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ ਉੱਥੇ ਹੀ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਬਠਿੰਡਾ ਜ਼ਿਲ੍ਹੇ ਨੂੰ ਪੂਰੇ ਪੰਜਾਬ ਵਿੱਚੋਂ ਪਹਿਲੇ ਸਥਾਨ ਤੇ ਲਿਆਉਣ ਵਿੱਚ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸਪੂਤਾਂ ਦੀ ਸ਼ਹਾਦਤ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਇਸ ਪ੍ਰੋਜੈਕਟ ਨੂੰ ਸਫਲ ਬਣਾਉਣ ਲਈ ਅਹਿਮ ਯੋਗਦਾਨ ਪਾਉਣ ਵਾਲੇ ਵੀਰ ਗਾਥਾ ਪ੍ਰੋਜੈਕਟ ਦੇ ਨੋਡਲ ਅਫ਼ਸਰ ਸੁਖਪਾਲ ਸਿੰਘ ਸਿੱਧੂ ਅਤੇ ਜਤਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਨੂੰ ਪਹਿਲੇ ਨੰਬਰ ਤੇ ਲੈ ਕੇ ਆਉਣ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਰਸ਼ਨ ਸਿੰਘ ਜੀਦਾ, ਲਖਵਿੰਦਰ ਸਿੰਘ, ਭਰਪੂਰ ਸਿੰਘ, ਸੈਂਟਰ ਮੁਖੀਆਂ, ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੂਰੇ ਜਜ਼ਬੇ ਨਾਲ ਮਿਹਨਤ ਕੀਤੀ ਗਈ। ਜਿਸ ਸਦਕਾ ਹੀ ਵਿਦਿਆਰਥੀਆਂ ਨੂੰ ਸਾਡੇ ਗੌਰਵਮਈ ਇਤਿਹਾਸ ਬਾਰੇ ਜਾਣੂ ਕਰਵਾਉਣ ਵਾਲੇ ਭਾਰਤ ਸਰਕਾਰ ਦੇ ਪ੍ਰੋਜੈਕਟ ਵੀਰ ਗਾਥਾ ਵਿੱਚ ਬਠਿੰਡਾ ਜ਼ਿਲ੍ਹੇ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly