ਸਾਲ 2016 ਤੋਂ ਚੱਲ ਰਹੀ ਮੁਹਿੰਮ ਤਹਿਤ 16 ਤੋਂ 30 ਸਤੰਬਰ ਤੱਕ ਸਫਾਈ ਅਤੇ ਜਾਗਰੂਕਤਾ ਗਤੀਵਿਧੀਆਂ ਜਾਰੀ
ਬਠਿੰਡਾ (ਸਮਾਜ ਵੀਕਲੀ) ਜ਼ਿਲ੍ਹਾ ਬਠਿੰਡਾ ਵਿੱਚ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਸਬੰਧੀ ਮਨਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਬਠਿੰਡਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ‘ਸਵੱਛਤਾ ਪਖਵਾੜਾ’ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਹ ਪਖਵਾੜਾ 16 ਸਤੰਬਰ ਤੋਂ ਸ਼ੁਰੂ ਹੋ ਕੇ 30 ਸਤੰਬਰ ਤੱਕ ਚੱਲੇਗਾ।ਉਹਨਾਂ ਦੱਸਿਆ ਕਿ ਸਵੱਛਤਾ ਪਖਵਾੜਾ ਸਾਲ 2016 ਤੋਂ ਹਰ ਸਾਲ ਸਮੂਹ ਸਕੂਲਾਂ ਵਿੱਚ ਲਗਾਤਾਰ ਮਨਾਇਆ ਜਾਂਦਾ ਹੈ। ਇਸਦਾ ਮੁੱਖ ਉਦੇਸ਼ ਸਿਰਫ਼ ਕੁਝ ਦਿਨਾਂ ਲਈ ਸਫਾਈ ਕਰਨਾ ਨਹੀਂ, ਸਗੋਂ ਸਕੂਲਾਂ ਵਿੱਚ ਸਫਾਈ ਅਤੇ ਸਵੱਛਤਾ ਦੇ ਮਾਹੌਲ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣਾ ਅਤੇ ਬੱਚਿਆਂ ਨੂੰ ਸਫ਼ਾਈ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ‘ਸਵੱਛਤਾ ਪਖਵਾੜਾ’ ਦੇ ਜ਼ਿਲ੍ਹਾ ਨੋਡਲ ਅਫ਼ਸਰ, ਜਤਿੰਦਰ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਮੂਹ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵੱਡੇ ਪੱਧਰ ‘ਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਹ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸਵੱਛਤਾ ਪ੍ਰਤੀ ਚੇਤਨਾ ਪੈਦਾ ਕਰਨ ਲਈ ਅਤਿ ਜ਼ਰੂਰੀ ਹਨ। ਉਹਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਸਫ਼ਾਈ ਅਪਨਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੀ ਸਹੁੰ ਚੁਕਾਈ ,ਬੱਚਿਆਂ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਸਹੀ ਤਰੀਕੇ ਨਾਲ ਹੱਥ ਧੋਣ ਦੇ ਮਹੱਤਵ ਅਤੇ ਪ੍ਰਕਿਰਿਆ ਬਾਰੇ ਪ੍ਰੈਕਟੀਕਲ ਤਰੀਕੇ ਨਾਲ ਦੱਸਿਆ ,ਨਿੱਜੀ ਸਵੱਛਤਾ, ਸਕੂਲ ਅਤੇ ਕਲਾਸਰੂਮ ਦੀ ਸਫ਼ਾਈ, ਸਵੱਛਤਾ ‘ਤੇ ਭਾਸ਼ਣ,ਚਿੱਤਰਕਲਾ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਇਸ ਮੌਕੇ ਨਿਰਭੈ ਸਿੰਘ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਅਤੇ ਗੁਰਪ੍ਰੀਤ ਸਿੰਘ ਬਰਾੜ ਜ਼ਿਲ੍ਹਾ ਖੇਡ ਇੰਚਾਰਜ ਨੇ ਕਿਹਾ ਕਿ ਪਖਵਾੜੇ ਦਾ ਮੁੱਖ ਮੰਤਵ ਸਿਰਫ਼ ਸਫ਼ਾਈ ਕਰਵਾਉਣਾ ਨਹੀਂ, ਬਲਕਿ ਬੱਚਿਆਂ ਨੂੰ ਇਹ ਸਿੱਖਿਆ ਦੇਣਾ ਹੈ ਕਿ ਸਵੱਛਤਾ ਇੱਕ ਆਦਤ ਹੈ, ਜਿਸ ਨੂੰ ਲੰਬੇ ਸਮੇਂ ਤੱਕ ਬਣਾਈ ਰੱਖਣ ਦੀ ਲੋੜ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



