ਬਹਿਬਲ ਕਲਾਂ ਗੋਲੀ ਕਾਂਡ: ਸਿਟ ਨੇ ਸੁਖਬੀਰ ਬਾਦਲ ਤੋਂ ਕੀਤੀ ਤਿੰਨ ਘੰਟੇ ਪੁੱਛ-ਪੜਤਾਲ

ਚੰਡੀਗੜ੍ਹ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਪੰਜਾਬ ਪੁਲੀਸ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਦੂਜੀ ਵਾਰ ਪੇਸ਼ ਹੋਏ। ਆਈਜੀ ਰੈਂਕ ਦੇ ਪੁਲੀਸ ਅਧਿਕਾਰੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸ੍ਰੀ ਬਾਦਲ ਤੋਂ ਤਿੰਨ ਘੰਟੇ ਪੁੱਛ ਪੜਤਾਲ ਕੀਤੀ। ਅਕਾਲੀ ਦਲ ਅਤੇ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੇ ਇਸ ਗੋਲੀ ਕਾਂਡ ਵਿੱਚ ਦੋ ਵਿਅਕਤੀਆਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ ਸਰਾਵਾਂ ਦੀ ਪੁਲੀਸ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ ਤੇ ਪੁਲੀਸ ਨੇ ‘ਅਣਪਛਾਤੇ ਪੁਲੀਸ ਕਰਮਚਾਰੀਆਂ’ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਸ੍ਰੀ ਬਾਦਲ ਉਸ ਸਮੇਂ ਗ੍ਰਹਿ ਮੰਤਰੀ ਸਨ। ਪੁਲੀਸ ਨੇ ਉਨ੍ਹਾਂ ਤੋਂ ਸਮੁੱਚੀ ਪ੍ਰਕਿਰਿਆ ਅਤੇ ਘਟਨਾ ਨਾਲ ਸਬੰਧਤ ਸਵਾਲ ਪੁੱਛੇ ਹਨ।

ਸਿਟ ਵੱਲੋਂ ਇਹ ਵੀ ਪੁੱਛਿਆ ਗਿਆ ਕਿ ਗ੍ਰਹਿ ਮੰਤਰੀ ਵਜੋਂ ਉਨ੍ਹਾਂ ਨੂੰ ਇਸ ਗੋਲੀ ਕਾਂਡ ਦੀ ਜਾਣਕਾਰੀ ਕਦੋਂ ਕਿਵੇਂ ਅਤੇ ਕਿਸ ਰਾਹੀਂ ਲੱਗੀ। ਪੁਲੀਸ ਅਧਿਕਾਰੀਆਂ ਨੇ ਪੁੱਛਿਆ ਕਿ ਜਦੋਂ ਗ੍ਰਹਿ ਮੰਤਰੀ ਹੁੰਦਿਆਂ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਤਾਂ ਉਸ ਤੋਂ ਬਾਅਦ ਕਿਸ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਪੁਲੀਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਸਿਟ ਵੱਲੋਂ ਕੀਤੇ ਜਿਨ੍ਹਾਂ ਸਵਾਲਾਂ ਦਾ ਜਵਾਬ ਦਿੱਤਾ ਹੈ, ਉਨ੍ਹਾਂ ਦੀ ਪ੍ਰਮਾਣਿਕਤਾ ਦੇਖੀ ਜਾਵੇਗੀ ਤੇ ਪੁਲੀਸ ਦਾ ਰਿਕਾਰਡ ਵੀ ਘੋਖਿਆ ਜਾਵੇਗਾ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਚੱਲ ਰਹੀ ਹੈ। ਇਸ ਲਈ ਜਦੋਂ ਤੱਕ ਇਹ ਜਾਂਚ ਸਿਰੇ ਨਹੀਂ ਲੱਗ ਜਾਂਦੀ ਤਾਂ ਸਬੰਧਤ ਵਿਅਕਤੀਆਂ ਨੂੰ ਇੱਕ ਤੋਂ ਵੱਧ ਵਾਰ ਬੁਲਾਇਆ ਜਾਣਾ ਸੰਭਵ ਹੈ। ਇਸੇ ਲਈ ਸੁਖਬੀਰ ਸਿੰਘ ਬਾਦਲ ਨੂੰ ਅੱਜ ਦੂਜੀ ਵਾਰੀ ਬੁਲਾਇਆ ਗਿਆ ਸੀ।

ਸਿਟ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵਾਂਗਾ: ਸੁਖਬੀਰ

ਪੰਜਾਬ ਪੁਲੀਸ ਦੀ ਸਿਟ ਦੇ ਮੂਹਰੇ ‘ਪੇਸ਼ੀ ਭੁਗਤਣ’ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਪੰਥ ਅਤੇ ਪੰਜਾਬ ਨਾਲ ਜੁੜਿਆ ਮਸਲਾ ਹੈ। ਇਸ ਮੁੱਦੇ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਸੰਵੇਦਨਸ਼ੀਲ ਮੁੱਦੇ ’ਤੇ ਪਹਿਲਾਂ ਵੀ ਜਾਂਚ ਟੀਮ ਨੂੰ ਹਮੇਸ਼ਾ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਟ ਵੱਲੋਂ ਜੋ ਵੀ ਜਾਣਕਾਰੀ ਮੰਗੀ ਗਈ ਸੀ, ਉਹ ਪੂਰੀ ਤਰ੍ਹਾਂ ਮੁਹੱਈਆ ਕਰਵਾ ਦਿੱਤੀ ਗਈ ਹੈ। ਸ੍ਰੀ ਬਾਦਲ ਨੇ ਕਿਹਾ ਕਿ ਜੇਕਰ ਜਾਂਚ ਟੀਮ ਨੂੰ ਫ਼ਿਰ ਲੋੜ ਹੋਵੇ ਤਾਂ ਫ਼ਿਰ ਹਾਜ਼ਰ ਹੋ ਜਾਵਾਂਗਾ।

ਬਰਗਾੜੀ ਕਾਂਡ ਦੀ ਬਰਸੀ ਨੂੰ ਲੈ ਕੇ ਸਰਕਾਰ ਚੌਕਸ

ਬਰਗਾੜੀ ਵਿੱਚ 14 ਅਕਤੂਬਰ ਹੋਣ ਵਾਲੇ ਇਕੱਠ ਤੋਂ ਪਹਿਲਾਂ ਸਰਕਾਰ ਹਰਕਤ ਵਿੱਚ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸੀਨੀਅਰ ਸਿਵਲ ਤੇ ਪੁਲੀਸ ਅਧਿਕਾਰੀਆਂ ਸਮੇਤ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ। ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿੱਚ 14 ਅਕਤੂਬਰ 2015 ਨੂੰ ਵਾਪਰੀ ਇਸ ਘਟਨਾ ਦੀ ਭਲਕੇ ਬਰਸੀ ਹੈ ਤੇ ਪਿੰਡ ਬਰਗਾੜੀ ਵਿੱਚ ਭਲਕੇ ਭਾਰੀ ਇਕੱਠ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਡੀਜੀਪੀ ਗੌਰਵ ਯਾਦਵ ਸਮੇਤ ਸੀਨੀਅਰ ਪੁਲੀਸ ਤੇ ਸਿਵਲ ਅਧਿਕਾਰੀਆਂ ਵੱਲੋਂ ਵੀ ਭਲਕੇ ਬਰਗਾੜੀ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਲੋਕਾਂ ਨੂੰ ਸ਼ਾਂਤ ਕਰਨ ਲਈ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਵਿਸ਼ੇਸ਼ ਤੌਰ ’ਤੇ ਡਿਊਟੀ ਲਾਈ ਗਈ ਹੈ ਤੇ ਸ੍ਰੀ ਸੰਧਵਾਂ ਨੇ ਇਸ ਮੁੱਦੇ ’ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਵੀ ਕੀਤੀ। ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਵੀ ਮੀਟਿੰਗਾਂ ਕੀਤੀਆਂ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articlePak has dismal record on minorities’ condition: Meenakshi Lekhi
Next articleWorld Sight Day: WHO stresses on quality, affordable eye health care