ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰ ਰਹੇ ਨੇ ਭਗਵੰਤ ਮਾਨ: ਸੁਖਬੀਰ

ਚੰਡੀਗੜ੍ਹ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਖਿਆ ਕਿ ਉਹ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰਨ ਨਾਲੋਂ ਆਮ ਲੋਕਾਂ ਦੀਆਂ ਜਾਨਾਂ ਬਚਾਉਣ ਨੂੰ ਤਰਜੀਹ ਦੇਣ ਅਤੇ ਪ੍ਰਦੂਸ਼ਿਤ ਹੋ ਰਹੇ ਜ਼ਮੀਨ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਜੰਗੀ ਪੱਧਰ ’ਤੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਾਲਬਰੋਜ਼ ਸ਼ਰਾਬ ਫੈਕਟਰੀ ਖ਼ਿਲਾਫ਼ ਧਰਨੇ ਨੂੰ 150 ਤੋਂ ਵੱਧ ਦਿਨ ਹੋ ਗਏ ਹਨ ਅਤੇ ਮਨੁੱਖੀ ਜਾਨਾਂ ਦੀ ਚਿੰਤਾ ਨੂੰ ਦੇਖਦਿਆਂ ਇਹ ਧਰਨਾ ਪੂਰੀ ਤਰ੍ਹਾਂ ਵਾਜਬ ਹੈ।

ਉਨ੍ਹਾਂ ਆਖਿਆ ਕਿ ਅਕਾਲੀ ਦਲ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਬਣਾਏ ਗਏ ਸਾਂਝੇ ਫਰੰਟ ਦੀ ਹਮਾਇਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦਾ ਦਾਅਵਾ ਹੈ ਕਿ ਧਰਤੀ ਹੇਠਲਾ ਪਾਣੀ 650 ਫੁੱਟ ਤੱਕ ਪ੍ਰਦੂਸ਼ਿਤ ਹੋ ਚੁੱਕਾ ਹੈ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀ ਆਵਾਜ਼ ਸੁਣਨ ਦੀ ਥਾਂ ਕਥਿਤ ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਾਈ ਕੋਰਟ ਵਿੱਚ ਲੋਕਾਂ ਦੇ ਪੱਖ ਦੀ ਨੁਮਾਇੰਦਗੀ ਨਹੀਂ ਕਰ ਰਹੀ। ਉਨ੍ਹਾਂ ਆਖਿਆ ਮੁੱਖ ਮੰਤਰੀ ਪੀੜਤਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਲੋਕਾਂ ਨਾਲ ਕੀਤੇ ਵਾਅਦੇ ਤੋਂ ਪਿੱਛੇ ਕਿਉਂ ਹਟੇ ਹਨ ਤੇ ਕਿਉਂ ਪਿੰਡਾਂ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਨਹੀਂ ਕੀਤੀ ਜਾ ਰਹੀ? ਉਨ੍ਹਾਂ ਆਖਿਆ ਕਿ ਸਰਕਾਰ ਨੂੰ ਜਬਰ ਤੇ ਧੱਕੇਸ਼ਾਹੀ ਦੀ ਬਜਾਏ ਗੱਲਬਾਤ ਰਾਹੀਂ ਮਸਲਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਖ਼ਿਲਾਫ਼ ਪੁਲੀਸ ਬਲ ਦੀ ਵਰਤੋਂ ਦੀ ਨਿਖੇਧੀ ਕਰਦਾ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਹਮਦਰਦੀ ਨਾਲ ਸੁਣਨ ਦਾ ਦਾਅਵਾ
Next articleਲਤੀਫਪੁਰਾ ਉਜਾੜਾ: ਕੌਮੀ ਐੱਸਸੀ ਕਮਿਸ਼ਨ ਵੱਲੋਂ ਮੁੱਖ ਸਕੱਤਰ ਤੇ ਡੀਸੀ ਤਲਬ