ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਐਲਾਨ ਤੋਂ ਬਾਅਦ ਸਿੱਖਿਆ ਅਤੇ ਸਿਹਤ ਵਿੱਚ ਸੁਧਾਰ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਲਈ ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਅਤੇ ਦੋ ਹੋਰ ਮੰਤਰੀ 18 ਅਪਰੈਲ ਨੂੰ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕ ਦਾ ਦੌਰਾ ਕਰਨਗੇ। ਇਸ ਮੌਕੇ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਸਿਹਤ ਵਿਭਾਗ ਦੇ ਸਕੱਤਰ ਵੀ ਨਾਲ ਹਾਜ਼ਰ ਰਹਿਣਗੇ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਉਸ ਤੋਂ ਬਾਅਦ ਵਿਰੋਧੀ ਧਿਰ ਨੇ ਆਪ ਸਰਕਾਰ ਨੂੰ ਘੇਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ। ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੀ ਖੁਸ਼ਹਾਲੀ ਲਈ ਕਿਸੇ ਵੀ ਥਾਂ ਤੋਂ ਕੁਝ ਸਿੱਖਣ ਨੂੰ ਮਿਲੇਗਾ ਤਾਂ ਉਹ ਜ਼ਰੂਰ ਸਿੱਖਣਗੇ। ਇਸੇ ਤਰਜ਼ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਦੋ ਮੰਤਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕ ਨੂੰ ਦੇਖਣ ਲਈ ਜਾ ਰਹੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly