(ਸਮਾਜ ਵੀਕਲੀ): ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਮੌਜੂਦਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਜ਼ਿੰਮੇਵਾਰੀ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫਾ ਦੇਣਾ ਚਾਹੀਦਾ ਹੈ।
ਬੇਅਦਬੀ ਦੀ ਘਟਨਾ ਦਾ ਪਤਾ ਲੱਗਣ ਮਗਰੋਂ ਅੱਜ ਤਖ਼ਤ ਕੇਸਗੜ੍ਹ ਸਾਹਿਬ ਪਹੁੰਚੇ ਸਰਨਾ ਨੇ ਆਪਣੇ ਸਾਥੀਆਂ ਨਾਲ ਪਹਿਲਾਂ ਮੱਥਾ ਟੇਕਿਆ ਤੇ ਮਗਰੋਂ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਬੇਅਦਬੀ ਦੀ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਰਨਾ ਨੇ ਕਿਹਾ ਕਿ ਜੇ ਬਰਗਾੜੀ ਕਾਂਡ ਦੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਤਾਂ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਦੇ ਹੌਸਲੇ ਬੁਲੰਦ ਨਾ ਹੁੰਦੇ।