ਕੇਂਦਰ ਦੀ ਸ਼ਹਿ ’ਤੇ ਪਾਰਟੀ ਦਾ ਨੁਕਸਾਨ ਨਾ ਕਰਨ ਬੀਬੀ ਜਗੀਰ ਕੌਰ: ਸੁਖਬੀਰ

ਪਟਿਆਲਾ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਬੀਬੀ ਜਗੀਰ ਕੌਰ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਚੱਲ ਰਹੇ ਹਨ ਜਦਕਿ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਲੰਬਾ ਸਮਾਂ ਸੇਵਾ ਕੀਤੀ ਹੈ। ਉਨ੍ਹਾਂ ਆਖਿਆ ਕਿ ਉਹ ਬੀਬੀ ਜਗੀਰ ਨੂੰ ਦੱਸਣਾ ਚਾਹੁੰਦੇ ਹਨ ਕਿ ਉਹ ਕੇਂਦਰ ਸਰਕਾਰ ਦੀ ਸ਼ਹਿ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਨਾ ਕਰਨ।

ਸੁਖਬੀਰ ਨੇ ਆਖਿਆ ਕਿ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਉਮੀਦਵਾਰ ਐਲਾਨ ਦਿੱਤਾ ਹੈ ਤੇ ਜਗੀਰ ਕੌਰ ਉਮੀਦਵਾਰ ਦੀ ਮਦਦ ਕਰਨ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਐਨਾ ਕੁਝ ਦਿੱਤਾ ਹੈ, ਜਿੰਨਾ ਪਾਰਟੀ ਦੇ ਹੋਰ ਆਗੂਆਂ ਦੇ ਹਿੱਸੇ ਨਹੀਂ ਆਇਆ ਪਰ ਫਿਰ ਵੀ ਉਹ ਅਕਾਲੀ ਦਲ ਦਾ ਨੁਕਸਾਨ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਖ਼ਤਮ ਹੋ ਚੁੱਕੀ ਹੈ। ਪੰਜਾਬ ਵਿੱਚ ਅਮਨ ਦੀ ਹਾਲਤ ਬਹੁਤ ਮਾੜੀ ਹੈ ਤੇ ਸਾਡੇ ਮੁੱਖ ਮੰਤਰੀ, ਗੁਜਰਾਤ ਤੇ ਹਿਮਾਚਲ ਵਿੱਚ ਲੋਕਾਂ ਨੂੰ ਗੁਮਰਾਹ ਕਰਨ ਲੱਗੇ ਹਨ। ਉਨ੍ਹਾਂ ਆਖਿਆ ਕਿ ਕੇਜਰੀਵਾਲ ਪੰਜਾਬ ਦੇ ਖ਼ਜ਼ਾਨੇ ਨੂੰ ਵਰਤ ਕੇ ਆਪਣੀ ਪਾਰਟੀ ਨੂੰ ਤਕੜਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜਦੋਂ ‘ਆਪ’ ਦੇ ਮੰਤਰੀਆਂ ਤੇ ਵਿਧਾਇਕਾਂ ’ਤੇ ਦੋਸ਼ ਲੱਗਦੇ ਹਨ ਤਾਂ ਇਹ ਜਾਂਚ ਕਰਨ ਦਾ ਡਰਾਮਾ ਕਰਦੇ ਹਨ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਸਰਾਰੀ ਦੀ ਭ੍ਰਿਸ਼ਟਾਚਾਰ ਦੀ ਆਡੀਓ ਸਾਹਮਣੇ ਆ ਗਈ ਹੈ ਪਰ ਉਸ ਖ਼ਿਲਾਫ਼ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ।

ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ, ਇੰਦਰਮੋਹਨ ਸਿੰਘ ਬਜਾਜ, ਹਰਿੰਦਰ ਸਿੰਘ ਚੰਦੂਮਾਜਰਾ, ਕਰਨੈਲ ਸਿੰਘ  ਪੰਜੋਲੀ, ਐਸਜੀਪੀਸੀ ਮੈਂਬਰ ਸਭਰਵਾਲ ਆਦਿ ਆਗੂ ਮੌਜੂਦ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਦੇ ਸਾਬਕਾ ਮੰਤਰੀ ਬਲਬੀਰ ਸਿੱਧੂ ਤੇ ਮੁਹਾਲੀ ਦੇ ਮੇਅਰ ਜੀਤੀ ਸਿੱਧੂ ਦੀ ਮਾਤਾ ਦਾ ਦੇਹਾਂਤ
Next articleਬੀਬੀ ਜਗੀਰ ਕੌਰ ਨੇ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੂੰ ਘੇਰਿਆ