ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਤੋਂ ਗਰਮਾ-ਗਰਮੀ ਦਾ ਮਾਹੌਲ ਬਣ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਬਲਾਚੌਰ ਤੋਂ ਇੰਚਾਰਜ ਸੰਦੀਪ ਚੋਧਰੀ (ਹਨੀ ਟੌਂਸਾ) ਨੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਸਿਆਸੀ ਬਦਲਾਖੋਰੀ ਦੇ ਗੰਭੀਰ ਦੋਸ਼ ਲਗਾਏ ਹਨ। ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਤੋਂ ਝੂਠੇ ਕੇਸ ਵਿੱਚ ਉਲਝਾ ਕੇ ਮੁੜ ਗ੍ਰਿਫ਼ਤਾਰ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ, ਜਿਸ ਦੀ ਉਹ ਅਤੇ ਉਨ੍ਹਾਂ ਦੀ ਪਾਰਟੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ। ਹਨੀ ਟੌਂਸਾ ਨੇ ਮੌਜੂਦਾ ਸਿਆਸੀ ਸਥਿਤੀ ‘ਤੇ ਤੰਜ਼ ਕੱਸਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਲੀਡਰਸ਼ਿਪ ਨੂੰ ਹੁਣ ਸਾਫ਼ ਤੌਰ ‘ਤੇ ਨਜ਼ਰ ਆ ਰਿਹਾ ਹੈ ਕਿ ਪੰਜਾਬ ਦੀ ਸੱਤਾ ਅਤੇ ਲੋਕਾਂ ਦਾ ਵਿਸ਼ਵਾਸ ਉਨ੍ਹਾਂ ਦੇ ਹੱਥੋਂ ਖਿਸਕਦਾ ਜਾ ਰਿਹਾ ਹੈ। ਆਪਣੀ ਖਿਸਕਦੀ ਸਿਆਸੀ ਜ਼ਮੀਨ ਅਤੇ ਨਾਕਾਮੀਆਂ ਨੂੰ ਲੁਕਾਉਣ ਲਈ ਹੀ ਦਿੱਲੀ ਦੇ ਇਸ਼ਾਰੇ ‘ਤੇ ਪੰਜਾਬ ਦੀ ਲੀਡਰਸ਼ਿਪ ਵੱਲੋਂ ਇਹ ਵਿਉਂਤਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਵਿਰੋਧੀ ਧਿਰਾਂ ਦੀ ਆਵਾਜ਼ ਨੂੰ ਦਬਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੀਆਂ ਸਿਆਸੀ ਸਾਜ਼ਿਸ਼ਾਂ ਅਤੇ ਡਰਾਵੇ ਅਕਾਲੀ ਦਲ ਦੇ ਹੌਸਲਿਆਂ ਨੂੰ ਪਸਤ ਨਹੀਂ ਕਰ ਸਕਦੇ। ਅਕਾਲੀ ਆਗੂ ਨੇ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੰਦਿਆਂ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਦਾ ਹਰ ਇੱਕ ਵਰਕਰ ਚੱਟਾਨ ਵਾਂਗ ਬਿਕਰਮ ਸਿੰਘ ਮਜੀਠੀਆ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਸਰਕਾਰ ਦੀਆਂ ਇਨ੍ਹਾਂ ਧੱਕੇਸ਼ਾਹੀਆਂ ਅਤੇ ਸਾਜ਼ਿਸ਼ਾਂ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ ਅਤੇ ਪਾਰਟੀ ਲੀਡਰਸ਼ਿਪ ਕਿਸੇ ਵੀ ਤਰ੍ਹਾਂ ਦੇ ਸਿਆਸੀ ਜਬਰ ਅੱਗੇ ਝੁਕਣ ਵਾਲੀ ਨਹੀਂ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



