ਲੁਧਿਆਣਾ(ਸਮਾਜ ਵੀਕਲੀ) :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਦਾ ਐਲਾਨ ਕਰਨ ਮਗਰੋਂ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ’ਤੇ ਪਲਟਵਾਰ ਕੀਤਾ ਹੈ। ਬਿੱਟੂ ਨੇ ਕਿਹਾ ਕਿ ਕੈਪਟਨ ਸਤਿਕਾਰਯੋਗ ਆਗੂ ਹਨ, ਪਰ ਕਾਂਗਰਸ ਖਿਲਾਫ਼ ਉਹ ਕੁਝ ਆਖਣਗੇ ਤਾਂ ਉਹ ਜ਼ਰੂਰ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਕੈਪਟਨ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਹੈ, ਪਰ ਉਨ੍ਹਾਂ ਨੂੰ ਕਾਂਗਰਸ ਦੇ ਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ।
ਬਿੱਟੂ ਨੇ ਕਿਹਾ,‘‘ਤ੍ਰਿਣਮੂਲ ਕਾਂਗਰਸ ਪਾਰਟੀ ਨਾਲ ਉਨ੍ਹਾਂ ਦਾ ਮੁਕਾਬਲਾ ਨਹੀਂ ਹੋ ਸਕਦਾ ਹੈ ਕਿਉਂਕਿ ਜਿਸ ਸਮੇਂ ਤ੍ਰਿਣਮੂਲ ਬਣੀ ਸੀ, ਉਸ ਸਮੇਂ ਮਮਤਾ ਬੈਨਰਜੀ ਮੁੱਖ ਮੰਤਰੀ ਨਹੀਂ ਸਨ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ 19 ਸਾਲ ਪ੍ਰਧਾਨ ਅਤੇ ਸਾਢੇ 9 ਸਾਲ ਮੁੱਖ ਮੰਤਰੀ ਰਹੇ ਹਨ। ਇਸ ਉਮਰ ’ਚ ਉਨ੍ਹਾਂ ਨੂੰ ਨਵੀਂ ਪਾਰਟੀ ਬਣਾਉਣ ਦੀ ਲੋੜ ਨਹੀਂ ਸੀ।’’ ਲੋਕ ਸਭਾ ਮੈਂਬਰ ਨੇ ਕਿਹਾ ਕਿ ਜੇਕਰ ਕੈਪਟਨ ਮੁੱਖ ਮੰਤਰੀ ਚੰਨੀ ਨੂੰ ਆਪਣੀ ਅਗਵਾਈ ਦਿੰਦੇ ਅਤੇ ਆਪਣੇ ਵੱਲੋਂ ਛੱਡੇ ਗਏ ਅਧੂਰੇ ਕੰਮਾਂ ਨੂੰ ਪੂਰਾ ਕਰਵਾਉਂਦੇ ਤਾਂ ਸ਼ਾਇਦ ਸੂਬੇ ਦੇ ਲੋਕਾਂ ’ਚ ਉਨ੍ਹਾਂ ਦਾ ਚੰਗਾ ਅਕਸ ਬਣ ਜਾਂਦਾ। ‘ਉਹ ਉਸ ਅਕਸ ਨੂੰ ਦੁਬਾਰਾ ਬਣਾਉਣ ਦੀ ਕੋਸ਼ਿਸ਼ ’ਚ ਹਨ, ਜੋ ਹੁਣ ਸੰਭਵ ਨਹੀਂ ਹੈ।’ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ’ਤੇ ਨਾਜਾਇਜ਼ ਮਾਈਨਿੰਗ ਨਾਲ ਜੁੜੇ ਹੋਣ ਦੇ ਲਾਏ ਗਏ ਦੋਸ਼ਾਂ ਦੇ ਸਵਾਲ ’ਤੇ ਬਿੱਟੂ ਨੇ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly