ਨਵੀਂ ਦਿੱਲੀ (ਸਮਾਜ ਵੀਕਲੀ): ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਜਾਣ-ਬੁੱਝਕੇ ਨਜ਼ਰਅੰਦਾਜ਼ ਕਰਨ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਸਵਾਲ ਕੀਤਾ ਹੈ ਕਿ ਵਿਰੋਧੀ ਧਿਰ (ਕਾਂਗਰਸ) ’ਚ ਅਜਿਹਾ ਕੌਣ ਹੈ ਜਿਸ ਨੇ ਸੁਰੱਖਿਆ ’ਚ ਸੰਨ੍ਹ ਤੋਂ ਫਾਇਦਾ ਲੈਣ ਦੀ ਕੋਸ਼ਿਸ਼ ਕੀਤੀ ਹੈ। ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਸਮ੍ਰਿਤੀ ਇਰਾਨੀ ਨੇ ਇਕ ਨਿਊਜ਼ ਚੈਨਲ ਵੱਲੋਂ ਕੀਤੇ ਗਏ ‘ਸਟਿੰਗ’ ਦਾ ਹਵਾਲਾ ਦਿੱਤਾ ਜਿਸ ’ਚ ਪੰਜਾਬ ਪੁਲੀਸ ਦੇ ਕੁਝ ਅਧਿਕਾਰੀ ਆਖਦੇ ਸੁਣਾਈ ਦੇ ਰਹੇ ਹਨ ਕਿ ਉਨ੍ਹਾਂ ਮੋਦੀ ਦੇ ਕਾਫ਼ਲੇ ਵਾਲੇ ਰੂਟ ’ਤੇ ਪ੍ਰਦਰਸ਼ਨਕਾਰੀਆਂ ਵੱਲੋਂ ਲਾਏ ਗਏ ਧਰਨੇ ਬਾਰੇ ਆਪਣੇ ਸੀਨੀਅਰ ਅਫ਼ਸਰਾਂ ਨੂੰ ਜਾਣਕਾਰੀ ਦੇ ਦਿੱਤੀ ਸੀ ਪਰ ਕਥਿਤ ਤੌਰ ’ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਮ੍ਰਿਤੀ ਨੇ ਕਿਹਾ, ‘‘ਸਭ ਤੋਂ ਜ਼ਿਆਦਾ ਪ੍ਰੇਸ਼ਾਨ ਕਰਨ ਵਾਲੀ ਗੱਲ ਇਹ ਹੈ ਕਿ ਪੰਜਾਬ ਪੁਲੀਸ ਦੇ ਅਧਿਕਾਰੀਆਂ ਨੇ ਕਾਂਗਰਸ ਸਰਕਾਰ ਅਤੇ ਪੰਜਾਬ ਦੇ ਪ੍ਰਸ਼ਾਸਨ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਖ਼ਤਰੇ ਬਾਰੇ ਲਗਾਤਾਰ ਜਾਣਕਾਰੀ ਦਿੱਤੀ ਜਾ ਰਹੀ ਸੀ। ਪੰਜਾਬ ’ਚ ਕਾਂਗਰਸ ਦੀ ਅਗਵਾਈ ਹੇਠਲੀ ਸਰਕਾਰ ’ਚ ਉਹ ਕੌਣ ਸੀ ਜਿਸ ਨੇ ਜਾਣ-ਬੁੱਝ ਕੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਖ਼ਤਰੇ ਬਾਰੇ ਮਿਲ ਰਹੀ ਜਾਣਕਾਰੀ ਨੂੰ ਅਣਗੌਲਿਆ ਕੀਤਾ?’’ ਉਨ੍ਹਾਂ ਸਵਾਲ ਕੀਤਾ ਕਿ ਮੋਦੀ ਦੀ ਸੁਰੱਖਿਆ ’ਚ ਸੰਨ੍ਹ ਨਾਲ ਕਾਂਗਰਸ ’ਚ ਕਿਸ ਨੇ ਫਾਇਦਾ ਲੈਣ ਦੀ ਕੋਸ਼ਿਸ਼ ਕੀਤੀ ਹੈ। ਇਰਾਨੀ ਨੇ ਕਿਹਾ ਕਿ ਪੰਜਾਬ ਦੇ ਤਤਕਾਲੀ ਡੀਜੀਪੀ ਨੇ ਮੋਦੀ ਦੀ ਸੁਰੱਖਿਆ ਟੀਮ ਨੂੰ ਸਭ ਠੀਕ ਹੋਣ ਦਾ ਸੁਨੇਹਾ ਦਿੱਤਾ ਸੀ। ਉਨ੍ਹਾਂ ਹੈਰਾਨੀ ਜਤਾਈ ਕਿ ਡੀਜੀਪੀ ਨੇ ਅਜਿਹਾ ਕਿਉਂ ਕੀਤਾ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਸ ਬਿਆਨ ’ਤੇ ਕਾਂਗਰਸ ਨੂੰ ਘੇਰਿਆ ਜਿਸ ’ਚ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮਾਮਲੇ ਬਾਰੇ ਪਾਰਟੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਵੀ ਜਾਣਕਾਰੀ ਦਿੱਤੀ ਸੀ। ਭਾਜਪਾ ਆਗੂ ਨੇ ਕਿਹਾ ਕਿ ਕਾਂਗਰਸ ਦੀ ਜਨਰਲ ਸਕੱਤਰ ਇਕ ਆਮ ਨਾਗਰਿਕ ਹੈ ਅਤੇ ਉਨ੍ਹਾਂ ਦੀ ਇਸ ’ਚ ਦਿਲਚਸਪੀ ਕਿਉਂ ਸੀ। ਉਨ੍ਹਾਂ ਕਾਂਗਰਸ ਆਗੂਆਂ ਵੱਲੋਂ ਇਸ ਗੰਭੀਰ ਮਾਮਲੇ ਨੂੰ ਨਿਗੂਣਾ ਬਣਾਉਣ ਦੀ ਵੀ ਨਿਖੇਧੀ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly