ਭਾਜਪਾ ਤੇ ਢੀਂਡਸਾ ਧੜੇ ਨਾਲ ਮਿਲ ਕੇ ਪੰਜਾਬ ’ਚ ਸਰਕਾਰ ਬਣਾਵਾਂਗੇ: ਕੈਪਟਨ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦਿਆਂ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਕੈਪਟਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਚੰਡੀਗੜ੍ਹ ਵਿਖੇ ਅਚਨਚੇਤ ਮੁਲਾਕਾਤ ਕੀਤੀ। ਇਸ ਮਿਲਣੀ ਉਪਰੰਤ ਕੈਪਟਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖ ਹੋ ਚੁੱਕੇ ਧੜੇ (ਸੁਖਦੇਵ ਸਿੰਘ ਢੀਂਡਸਾ) ਨਾਲ ਮਿਲ ਕੇ ਸੂਬੇ ਵਿੱਚ ਅਗਲੀ ਸਰਕਾਰ ਬਣਾਏਗੀ। ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਲਈ ਉਹ ਅਗਲੇ ਦਿਨੀਂ ਦਿੱਲੀ    ਜਾਣਗੇ, ਜਿੱਥੇ ਟਿਕਟਾਂ ਦੀ ਵੰਡ ਸਬੰਧੀ ਗੱਲਬਾਤ ਹੋਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਆਪਣੀ ਮੁਲਾਕਾਤ ਨੂੰ ਸ਼ਿਸ਼ਟਾਚਾਰ ਵਜੋਂ ਕੀਤੀ ਮੁਲਾਕਾਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਸ੍ਰੀ ਖੱਟਰ ਨਾਲ ਮੁਲਾਕਾਤ ਲਈ ਸਮਾਂ ਮੰਗ ਰਹੇ ਸਨ ਤੇ ਅੱਜ ਉਸੇ ਤਹਿਤ ਚਾਹ ਪੀਣ ਲਈ ਆਏ ਹਨ। ਕੈਪਟਨ ਨੇ ਕਿਹਾ ਕਿ ‘ਪੰਜਾਬ ਲੋਕ ਕਾਂਗਰਸ’ ਵਿੱਚ ਅਗਲੇ ਦਿਨਾਂ ਵਿੱਚ ਕਈ ਵੱਡੇ ਚਿਹਰੇ ਸ਼ਾਮਲ ਹੋਣਗੇ, ਜਿਸ ਬਾਰੇ ਖੁਲਾਸਾ ਸਮਾਂ ਆਉਣ ’ਤੇ ਕੀਤਾ ਜਾਵੇਗਾ। ਮੌਜੂਦਾ ਸਮੇਂ ਪੰਜਾਬ ਲੋਕ ਕਾਂਗਰਸ ਨਾਲ ਵੱਡੀ ਗਿਣਤੀ ਲੋਕ ਜੁੜ ਰਹੇ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹੋਰਨਾਂ ਸਿਆਸੀ ਪਾਰਟੀਆਂ  ਨਾਲ ਮਿਲ ਕੇ ਸਰਕਾਰ ਬਣਾਏਗੀ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਹਨ, ਜਿਨ੍ਹਾਂ ਨੂੰ ਰੱਦ ਕਰਨ ਬਾਰੇ ਅੱਜ ਸੰਸਦ ਨੇ ਵੀ ਬਿੱਲ ਪਾਸ ਕਰ ਦਿੱਤਾ ਹੈ। ਇਸ ਤੋਂ ਇਲਾਵਾ ਵੀ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਕਈ ਹੋਰ ਮੰਗਾਂ ਮੰਨ ਲਈਆਂ ਹਨ, ਲਿਹਾਜ਼ਾ ਹੁਣ ਹੋਰ ਕੋਈ ਮੁੱਦਾ ਨਹੀਂ ਰਿਹਾ ਹੈ। ਸੰਸਦ ਵੱਲੋਂ ਅੱਜ ਖੇਤੀ ਕਾਨੂੰਨ ਰੱਦ ਕੀਤੇ ਜਾਣ ਮਗਰੋਂ ਉਨ੍ਹਾਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਜਰੀਵਾਲ ਨੇ ਬਿੱਲ ਪਾਸ ਹੋਣ ’ਤੇ ਕਿਸਾਨਾਂ ਨੂੰ ਦਿੱਤੀ ਵਧਾਈ
Next articleਸਰਕਾਰ ਸੰਸਦ ’ਚ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ: ਮੋਦੀ