‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਲਈ ਭਾਜਪਾ, ਬਾਦਲ ਅਤੇ ਕੈਪਟਨ ਇਕਜੁੱਟ ਹੋਏ: ਭਗਵੰਤ ਮਾਨ

ਚੰਡੀਗੜ੍ਹ (ਸਮਾਜ ਵੀਕਲੀ):  ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਵਾਸੀਆਂ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ‘ਆਪ’ ਨੂੰ ਰੋਕਣ ਲਈ ਇਹ ਮੁੜ ਤੋਂ ਗੱਠਜੋੜ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਸੂਬੇ ਦੇ ਵੋਟਰਾਂ ਨੇ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਮੁੱਢ ਤੋਂ ਨਕਾਰ ਦਿੱਤਾ ਹੈ। ਇਸੇ ਲਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਭਾਰਤੀ ਜਨਤਾ ਪਾਰਟੀ ਦੇ ਆਗੂ ਅਮਿਤ ਸ਼ਾਹ ਤੇ ਹੋਰ ਆਗੂ ਪੰਜਾਬ ’ਚ ਸਰਕਾਰ ਬਣਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ।

ਮਾਨ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ’ਚ ਸਰਕਾਰ ਬਣਾਉਣ ਲਈ ਅਕਾਲੀ ਦਲ (ਬਾਦਲ) ਨਾਲ ਗੱਠਜੋੜ ਹੋਣ ਦੀ ਹਾਮੀ ਭਰਦੇ ਹਨ ਅਤੇ ਉਨ੍ਹਾਂ ਤੋਂ ਪਹਿਲਾਂ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਭਾਜਪਾ ਨਾਲ ਗੱਠਜੋੜ ਹੋਣ ਦਾ ਐਲਾਨ ਕੀਤਾ ਸੀ। ਇਨ੍ਹਾਂ ਆਗੂਆਂ ਵੱਲੋਂ ਕੀਤੇ ਦਾਅਵੇ ਤੋਂ ਸਿੱਧ ਹੋ ਗਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਪੰਜਾਬੀਆਂ ਦੀਆਂ ਵੋਟਾਂ ਲੈਣ ਲਈ ਹੀ ਅਕਾਲੀ ਦਲ (ਬਾਦਲ) ਭਾਜਪਾ ਤੋਂ ਵੱਖ ਹੋਇਆ ਸੀ। ਉਨ੍ਹਾਂ ਕਿਹਾ ਕਿ ਪਰਦੇ ਦੇ ਪਿੱਛੇ ਅਕਾਲੀ ਦਲ ਬਾਦਲ ਦਾ ਭਾਜਪਾ ਨਾਲ ਰਾਜਸੀ ਗੱਠਜੋੜ ਅੱਜ ਵੀ ਕਾਇਮ ਹੈ। ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਵੱਖ ਹੋ ਅਤੇ ਚੋਣਾਂ ਲੜ ਕੇ ਕਿਸਾਨਾਂ ਅਤੇ ਪੰਜਾਬੀਆਂ ਦੇ ਅੱਖਾਂ ’ਚ ਘੱਟਾ ਪਾਉਣ ਦਾ ਯਤਨ ਕੀਤਾ ਹੈ। ‘ਆਪ’ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਭਾਜਪਾ, ਅਕਾਲੀ ਦਲ ਤੇ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਦੇਸ਼ ਦੇ ਕਿਸਾਨਾਂ ਅਤੇ ਪੰਜਾਬੀਆਂ ਨੂੰ ਧੋਖ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਆਉਣ ਵਾਲੇ ਨਤੀਜੇ ਕਿਸਾਨਾਂ ਅਤੇ ਪੰਜਾਬੀਆਂ ਨੂੰ ਧੋਖ਼ਾ ਦੇਣ ਵਾਲਿਆਂ ਦੀਆਂ ਉਮੀਦਾਂ ਖ਼ਿਲਾਫ਼ ਆਉਣਗੇ। ਪੰਜਾਬ ਦੇ ਲੋਕਾਂ ਨੇ ਸੱਤਾ ਬਦਲੀ ਲਈ ਵੋਟਾਂ ਪਾਈਆਂ ਹਨ। ਇਸ ਵਾਰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਕਾਲੀ ਦਲ ਤੇ ਭਾਜਪਾ ਦਰਮਿਆਨ ਮੁੜ ਗੱਠਜੋੜ ਦੇ ਆਸਾਰ
Next articleਵੋਟਾਂ ਪੈਂਦਿਆਂ ਹੀ ਸਿੱਧੂ ਖ਼ਿਲਾਫ਼ ਆਪਣਿਆਂ ਨੇ ਚੁੱਪ ਤੋੜੀ