HOME ਭਾਜਪਾ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਜਬਰਦਸਤੀ, ਪਾਣੀ ਦੀ ਇਕ ਬੂੰਦ...

ਭਾਜਪਾ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਜਬਰਦਸਤੀ, ਪਾਣੀ ਦੀ ਇਕ ਬੂੰਦ ਵੀ ਸਾਂਝੀ ਨਹੀਂ ਕੀਤੀ ਜਾਵੇਗੀ – ਬ੍ਰਹਮ ਸ਼ੰਕਰ ਜਿੰਪਾ

1

ਸਥਾਨਕ ਵਿਧਾਇਕ ਨੇ ਭਾਜਪਾ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ   (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ ’ਤੇ ਬੀ.ਬੀ.ਐਮ.ਬੀ ਵਲੋਂ ਹਰਿਆਣਾ ਨੂੰ ਜਬਰਨ 8500 ਕਿਊਸਿਕ ਵਾਧੂ ਪਾਣੀ ਛੱਡੇ ਜਾਣ ਦੇ ਫੈਸਲੇ ਦੇ ਵਿਰੋਧ ਵਿਚ ਅੱਜ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵੀ ਲੇਬਰ ਸ਼ੈਡ ਤੋਂ ਭਾਜਪਾ ਦਫ਼ਤਰ ਹੁਸ਼ਿਆਰਪੁਰ ਤੱਕ ਜ਼ੋਰਦਾਰ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਜਿੰਪਾ ਨੇ ਕਿਹਾ ਕਿ ਪੰਜਾਬ ਕੋਲ ਕੇਵਲ ਆਪਣੇ ਹਿੱਸੇ ਦਾ ਹੀ ਪਾਣੀ ਹੈ ਜਿਸ ਨੂੰ ਜਬਰਦਸਤੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਵਲੋਂ ਪੰਜਾਬ ਨਾਲ ਕੀਤੀ ਜਾ ਰਹੀ ਜਬਰਦਸਤੀ ਅਤੇ ਅਤਿਆਚਾਰ ਨੂੰ ਤੁਰੰਤ ਰੋਕਿਆ ਜਾਵੇ। ਆਪ ਪਾਰਟੀ ਦੇ ਵਰਕਰਾਂ ਅਤੇ ਵੱਡੀ ਗਿਣਤੀ ਵਿਚ ਮੌਜੂਦ ਨੇਤਾਵਾਂ ਨੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਭਾਜਪਾ ਅਤੇ ਬੀ.ਬੀ.ਐਮ.ਬੀ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕਰਦੇ ਹੋਏ ਵਿਰੋਧ ਪ੍ਰਗਟ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਹਰਿਆਣਾ ਪਹਿਲੇ ਹੀ ਆਪਣੇ ਹਿੱਸੇ ਤੋਂ ਵੱਧ ਪਾਣੀ ਲੈ ਚੁੱਕਾ ਹੈ ਅਤੇ ਹੁਣ 8500 ਕਿਊਸਿਕ ਪਾਣੀ ਜ਼ਬਰਦਸਤੀ ਲੈ ਕੇ ਪੰਜਾਬ ਨਾਲ ਬੇਇਨਸਾਫ਼ੀ ਕਰ ਰਿਹਾ ਹੈ ਜਿਸ ਨੂੰ ਪੰਜਾਬ ਸਰਕਾਰ ਵਲੋਂ ਕਦੇ ਵੀ ਸਹਿਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦੀ ਕੇਂਦਰ ਸਰਕਾਰ ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੀਆਂ ਸਰਕਾਰਾਂ ਨਾਲ ਮਿਲ ਕੇ ਪੰਜਾਬ ਅਤੇ ਪੰਜਾਬੀਆਂ ਖਿਲਾਫ਼ ਗਹਿਰੀ ਸਾਜਿਸ਼ ਰਚੀ ਜਾ ਰਹੀ ਹੈ। ਇਸ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਪੰਜਾਬ ਦਾ ਕਿਸਾਨ ਅਤੇ ਉਦਯੋਗ ਬਿਨਾ ਪਾਣੀ ਦੇ ਬਰਬਾਦ ਹੋ ਜਾਵੇਗਾ ਇਸ ਲਈ ਆਪਣੇ ਹੱਕ ਦੇ ਪਾਣੀ ’ਤੇ ਕਿਸੇ ਵੀ ਸੂਰਤ ਵਿਚ ਡਾਕਾ ਨਹੀਂ ਪੈਣ ਦਿੱਤਾ ਜਾਵੇਗਾ। ਵਿਧਾਇਕ ਨੇ ਦੋਸ਼ ਲਗਾਇਆ ਕਿ ਇਹ ਇਕ ਸੋਚੀ-ਸਮਝੀ ਸਾਜਿਸ਼ ਹੈ ਜਿਸ ਤਹਿਤ ਕੇਂਦਰ ਦੀ ਭਾਜਪਾ ਸਰਕਾਰ, ਹਰਿਆਣਾ ਸਰਕਾਰ ਅਤੇ ਬੀ.ਬੀ.ਐਮ.ਬੀ. ਮਿਲ ਕੇ ਪੰਜਾਬ ਦਾ ਪਾਣੀ ਖੋਹਣਾ ਚਾਹੁੰਦੇ ਹਨ ਪਰੰਤੂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਇਸ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ।ਅਖੀਰ ਵਿਚ ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਦਾ ਪਾਣੀ ਸਾਡੀ ਅਮਾਨਤ ਹੈ ਇਸ ਨੂੰ ਕਿਸੇ ਨਾਲ ਸਾਂਝਾ ਨਹੀਂ ਕੀਤਾ ਜਾਵੇਗਾ। ਰਾਜ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਮਜ਼ਬੂਤ ਨਾਲ ਖੜ੍ਹੀ ਹੈ ਅਤੇ ਭਾਜਪਾ ਦੀ ਜਬਰਦਸਤੀ ਨੂੰ ਕਦੇ ਸਫ਼ਲ ਨਹੀਂ ਹੋਣ ਦੇਵੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਡੋਨਾਲਡ ਟਰੰਪ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਵਾਲਟਜ਼ ਨੂੰ ਹਟਾਇਆ, ਉਪ ਰਾਸ਼ਟਰਪਤੀ ਨੇ ਕਿਹਾ ਇਹ ਇੱਕ ‘ਤਰੱਕੀ’ ਸੀ
Next articleਪੰਜਾਬ-ਹਰਿਆਣਾ ਪਾਣੀ ਵਿਵਾਦ ‘ਤੇ ਸਰਬ ਪਾਰਟੀ ਮੀਟਿੰਗ, ‘ਆਪ’-ਕਾਂਗਰਸ-ਅਕਾਲੀ ਦਲ ਇਕੱਠੇ ਹੋਏ; ਭਾਜਪਾ ਨੇ ਕਿਹਾ- ਅਜਿਹੀ ਸਥਿਤੀ ਕਿਉਂ ਪੈਦਾ ਹੋਈ