ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਭਾਜਪਾ ‘ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਨੇ ਪਹਿਲਾਂ ਵੋਟਾਂ ਚੋਰੀ ਕੀਤੀਆਂ ਅਤੇ ਹੁਣ ਗ਼ਰੀਬਾਂ ਦਾ ਰਾਸ਼ਨ ਚੋਰੀ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੱਗਭਗ 55 ਲੱਖ ਗਰੀਬ ਪਰਿਵਾਰਾਂ ਦੇ ਹੱਕ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਬੇਇਨਸਾਫ਼ੀ ਵਿਰੁੱਧ ਪੰਜਾਬ ਭਰ ਵਿਚ ਨੁੱਕੜ ਮੀਟਿੰਗਾਂ ਦਾ ਆਯੋਜਨ ਸ਼ੁਰੂ ਕਰ ਦਿੱਤਾ ਹੈ, ਤਾਂ ਜੋ ਲੋਕਾਂ ਨੂੰ ਭਾਜਪਾ ਦੇ ਇਰਾਦਿਆਂ ਅਤੇ ਸਾਜ਼ਿਸ਼ਾਂ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ਸ਼ਾਮ ਚੁਰਾਸੀ ਵਿਚ ਵਰਕਰਾਂ ਦੀ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਖੇ ਖੁੱਲ੍ਹੇ ਪੱਤਰ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਭਰੋਸਾ ਦਿੱਤਾ ਹੈ ਕਿ ਜਦੋਂ ਤੱਕ ਉਹ ਮੁੱਖ ਮੰਤਰੀ ਹਨ, ਕਿਸੇ ਵੀ ਗ਼ਰੀਬ ਪਰਿਵਾਰ ਦਾ ਰਾਸ਼ਨ ਕਾਰਡ ਰੱਦ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਪੱਧਰ ‘ਤੇ ਗਰੀਬਾਂ ਦੇ ਹੱਕਾਂ ਦੀ ਰਾਖੀ ਕਰੇਗੀ ਅਤੇ ਜੇਕਰ ਭਾਜਪਾ ਕਿਸੇ ਵੀ ਗ਼ਰੀਬ ਪਰਿਵਾਰ ਤੋਂ ਰਾਸ਼ਨ ਖੋਹਣ ਦੀ ਕੋਸ਼ਿਸ਼ ਕਰਦੀ ਹੈ ਤਾਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਹ ਲੜਾਈ ਸਿਰਫ਼ ਰਾਸ਼ਨ ਲਈ ਨਹੀਂ ਹੈ, ਸਗੋਂ ਗਰੀਬਾਂ ਦੀ ਇੱਜ਼ਤ ਅਤੇ ਹੱਕਾਂ ਲਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਗਰੀਬਾਂ ਅਤੇ ਆਮ ਲੋਕਾਂ ਲਈ ਲੜਦੀ ਰਹੀ ਹੈ ਅਤੇ ਭਵਿੱਖ ਵਿਚ ਵੀ ਅਜਿਹਾ ਕਰਦੀ ਰਹੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਸੱਚ ਦੱਸਣ ਅਤੇ ਭਾਜਪਾ ਦੇ ਝੂਠੇ ਪ੍ਰਚਾਰ ਦਾ ਪਰਦਾਫਾਸ਼ ਕਰਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



