HOME ਬਲਾਕ ਸੜੋਆ ਦੇ 6 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਅਤੇ ਅਧਿਆਪਕਾਂ...

ਬਲਾਕ ਸੜੋਆ ਦੇ 6 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਕਮੀ ਦਾ ਮੁੱਦਾ ਗਰਮਾਇਆ, ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਸਿੱਖਿਆ ਮੰਤਰੀ ਨੂੰ ਸੌਂਪਿਆ ਪੱਤਰ

3
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ): ਹਲਕਾ ਬਲਾਚੌਰ ਦੇ ਬਲਾਕ ਸੜੋਆ  ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਘਾਟ ਨੂੰ ਲੈ ਕੇ ਹੁਣ ਆਵਾਜ਼ ਬੁਲੰਦ ਹੋਣੀ ਸ਼ੁਰੂ ਹੋ ਗਈ ਹੈ। ਇਸ ਗੰਭੀਰ ਸਮੱਸਿਆ ਦੇ ਹੱਲ ਲਈ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਯੂਥ ਐਂਡ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਐਡਵੋਕੇਟ ਸੰਜੀਵ ਚੌਧਰੀ (ਚੇਚੀ) ਵਲੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਇੱਕ ਵਿਸ਼ੇਸ਼ ਮੰਗ ਪੱਤਰ ਸੌਂਪਿਆ ਗਿਆ ਹੈ। ਚੇਚੀ ਨੇ ਸੜੋਆ ਇਲਾਕੇ ਦੇ ਸਕੂਲਾਂ ਦੀ ਤਰਸਯੋਗ ਹਾਲਤ ਬਾਰੇ ਸਰਕਾਰ ਨੂੰ ਜਾਣੂ ਕਰਵਾਇਆ ਹੈ। ਐਡਵੋਕੇਟ ਸੰਜੀਵ ਚੌਧਰੀ ਨੇ ਆਪਣੇ ਮੰਗ ਪੱਤਰ ਵਿੱਚ ਦੱਸਿਆ ਕਿ ਬਲਾਕ ਸੜੋਆ  (ਬਲਾਚੌਰ) ਦੇ ਛੇ ਪ੍ਰਮੁੱਖ ਸੀਨੀਅਰ ਸੈਕੰਡਰੀ ਸਕੂਲਾਂ, ਜਿਨ੍ਹਾਂ ਵਿੱਚ ਮਾਲੇਵਾਲ, ਸੜੋਆ, ਬਕਾਪੁਰ, ਸਾਹਿਬਾ, ਬਛੋੜੀ ਅਤੇ ਭੱਦੀ ਸ਼ਾਮਲ ਹਨ, ਵਿੱਚੋਂ ਕਿਸੇ ਵੀ ਸਕੂਲ ਅੰਦਰ ਇਸ ਸਮੇਂ ਰੈਗੂਲਰ ਪ੍ਰਿੰਸੀਪਲ ਤਾਇਨਾਤ ਨਹੀਂ ਹੈ। ਇਸ ਤੋਂ ਇਲਾਵਾ ਇਨ੍ਹਾਂ ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਵਰਗੇ ਮਹੱਤਵਪੂਰਨ ਵਿਸ਼ਿਆਂ ਦੇ ਅਧਿਆਪਕਾਂ ਦੀ ਵੀ ਬਹੁਤ ਜ਼ਿਆਦਾ ਕਮੀ ਚੱਲ ਰਹੀ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਇਸ ਘਾਟ ਕਾਰਨ ਗਰੀਬ ਅਤੇ ਮੱਧਮ ਵਰਗ ਦੇ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਸਕੂਲਾਂ ਵਿੱਚ ਸਹੀ ਪ੍ਰਬੰਧ ਨਾ ਹੋਣ ਕਾਰਨ ਮਜਬੂਰਨ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵੱਲ ਰੁਖ਼ ਕਰਨਾ ਪੈ ਰਿਹਾ ਹੈ, ਜਿਸ ਨਾਲ ਆਮ ਪਰਿਵਾਰਾਂ ‘ਤੇ ਟਿਊਸ਼ਨ ਫੀਸਾਂ ਅਤੇ ਹੋਰ ਖ਼ਰਚਿਆਂ ਦਾ ਬੋਝ ਲਗਾਤਾਰ ਵਧ ਰਿਹਾ ਹੈ।ਉਨ੍ਹਾਂ ਨੇ ਸਿੱਖਿਆ ਮੰਤਰੀ ਬੈਂਸ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਸ ਪੱਛੜੇ ਅਤੇ ਕੰਢੀ ਖੇਤਰ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦਿਆਂ, ਇਨ੍ਹਾਂ ਛੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਅਤੇ ਲੋੜੀਂਦੇ ਅਧਿਆਪਕਾਂ ਦੀ ਕਮੀ ਨੂੰ ਪਹਿਲ ਦੇ ਅਧਾਰ ‘ਤੇ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਡਵੋਕੇਟ ਸੰਜੀਵ ਚੌਧਰੀ (ਚੇਚੀ) ਨੂੰ ਭਰੋਸਾ ਦਿਵਾਇਆ ਕਿ ਇੰਨ੍ਹਾਂ ਸਕੂਲਾਂ ਵਿੱਚ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਘਾਟ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਤੇ ਵਿਦਿਆਰਥੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ, ਮੁਕੱਦਮਾ ਦਰਜ ਕਰਕੇ ਭੇਜਿਆ ਜੇਲ੍ਹ
Next articleਗੂਰੂ ਅਰਜਨ ਦੇਵ ਜੀ ਅਤੇ ਜੂਨ 84 ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਮਹਾਨ ਖੂਨਦਾਨ ਕੈਂਪ ਲਾਇਆ