ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਭਾਰਤੀ ਜਨਤਾ ਪਾਰਟੀ ਨੇ ਸੂਬੇ ਵਿੱਚ ਹਰ ਰੋਜ ਹੋ ਰਹੀਆਂ ਸ਼ਰੇਆਮ ਹਤਿਆਵਾਂ,ਗੁੰਡਾਗਰਦੀ,ਲੁੱਟਖੋਹ,ਪੰਜਾਬ ਦੇ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਲਈ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਲੈ ਕੇ ਅੱਜ ਤੱਕ ਕਈ ਦਿੱਗਜ ਲੋਕਾਂ ਦਾ ਸ਼ਰੇਆਮ ਕਤਲ ਹੋ ਚੁੱਕਾ ਹੈ।ਇਨਾ ਗੱਲਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਇਸ ਮੌਕੇ ਉਨ੍ਹਾਂਦੇ ਭਾਜਪਾ ਦੇ ਜ਼ਿਲ੍ਹਾ ਜਰਨਲ ਸਕੱਤਰ ਜਗਦੀਸ਼ ਸ਼ਰਮਾ,ਜ਼ਿਲ੍ਹਾ ਉਪ ਪ੍ਰਧਾਨ ਐਡਵੋਕੇਟ ਪਿਯੂਸ਼ ਮਨਚੰਦਾ,ਜ਼ਿਲ੍ਹਾ ਉਪ ਪ੍ਰਧਾਨ ਅਸ਼ੋਕ ਮਾਹਲਾ,ਜ਼ਿਲ੍ਹਾ ਸਕੱਤਰ ਅਸ਼ਵਨੀ ਤੁਲੀ,ਯੁਵਾ ਮੋਰਚਾ ਦੇ ਜ਼ਿਲ੍ਹਾ ਜਰਨਲ ਸਕੱਤਰ ਵਿਵੇਕ ਸਿੰਘ ਸੰਨੀ ਬੇਂਸ,ਆਈਟੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਵਾਲੀਆ,ਜ਼ਿਲ੍ਹਾ ਮੀਤ ਪ੍ਰਧਾਨ ਧਰਮਪਾਲ ਮਹਾਜਨ ਵੀ ਹਾਜ਼ਰ ਸਨ।
ਉਨ੍ਹਾਂ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਚ ਆਪ ਸਰਕਾਰ ਬਣੀ ਹੈ,ਪੰਜਾਬ ਚ ਕਾਨੂੰਨ-ਵਿਵਸਥਾ ਦਾ ਨਾਮੋ-ਨਿਸ਼ਾਨ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ।ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਦੇਸ਼ ਵਿਰੋਧੀ ਤਾਕਤਾਂ ਦੀਆਂ ਗਤੀਵਿਧੀਆਂ ਵਿੱਚ ਬਹੁਤ ਵਾਧਾ ਹੋਇਆ ਹੈ।ਭਗਵੰਤ ਮਾਨ ਪੰਜਾਬ ਦੀ ਸੱਤਾ ਚਲਾਉਣ ਚ ਅਸਫਲ ਰਹੇ ਹਨ।ਭਗਵੰਤ ਮਾਨ ਅਤੇ ਕੇਜਰੀਵਾਲ ਦੋਵੇਂ ਮਿਲ ਕੇ ਪੰਜਾਬ ਨੂੰ ਕਾਲੇ ਦੌਰ ਵੱਲ ਧੱਕਣ ਤੇ ਤੁਲੇ ਹੋਏ ਹਨ।ਭਗਵੰਤ ਮਾਨ ਸਰਕਾਰ ਦੇ 7 ਮਹੀਨਿਆਂ ਦੇ ਰਾਜ ਦੌਰਾਨ ਪੰਜਾਬ ਵਿੱਚ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਸਰਕਾਰ ਜਾਂ ਪੁਲਿਸ-ਪ੍ਰਸ਼ਾਸਨ ਦਾ ਕੋਈ ਡਰ ਨਹੀਂ ਰਿਹਾ।ਪੁਲਿਸ-ਦੀ ਨੱਕ ਹੇਠ ਗੈਂਗਸਟਰ ਅਤੇ ਅਪਰਾਧੀ ਹਰ ਰੋਜ਼ ਅਮਨ-ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ ਅਤੇ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੇ ਹਨ।ਖੋਜੇਵਾਲ ਨੇ ਫਰੀਦਕੋਟ ਵਿਚ ਇਕ ਵਾਰ ਫਿਰ ਤੋਂ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਦਹਾਲ ਦੱਸਦੇ ਹੋਏ ਦਿਨ ਦਿਹਾੜੇ ਇਕ ਨੌਜਵਾਨ ਦੀ ਹੱਤਿਆ ਨੂੰ ਲੈ ਕੇ ਅੱਜ ਪੰਜਾਬ ਵਿਚ ਭਗਵੰਤ ਮਾਨ ਦੀ ਸਰਕਾਰ ਦੇ ਰਾਜ ਵਿਚ ਇਕ ਵਾਰ ਫਿਰ 1984 ਤੋਂ ਪਹਿਲਾਂ ਵਾਲੀ ਸਥਿਤੀ ਮੁੜ ਵਾਪਰ ਰਹੀ ਹੈ।ਸੂਬੇ ਵਿਚ ਹਰ ਰੋਜ਼ ਕਿਤੇ ਨਾ ਕਿਤੇ ਕਤਲ ਹੋ ਰਹੇ ਹਨ ਅਤੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਨਾਕਾਮਯਾਬ ਸਾਬਤ ਹੋਏ ਹਨ।ਖੋਜੇਵਾਲ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੇ ਨਾਂ ਤੇ ਉਹ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਬਿਆਨ ਦੇ ਰਹੇ ਹਨ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਸੂਬੇ ਚ ਸ਼ਾਂਤੀ ਬਣਾਈ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।ਖੋਜੇਵਾਲ ਨੇ ਸਵਾਲ ਕੀਤਾ ਕਿ ਜੇਕਰ ਭਗਵੰਤ ਮਾਨ ਨੇ ਪੁਲਿਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਤਾਂ ਫਿਰ ਅਪਰਾਧੀ ਵਾਰਦਾਤਾਂ ਨੂੰ ਅੰਜਾਮ ਕਿਵੇਂ ਦੇ ਰਹੇ ਹਨ?ਇਸ ਦਾ ਸਾਫ਼ ਮਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜਨਤਾ ਨਾਲ ਝੂਠ ਬੋਲ ਰਹੇ ਹਨ।ਖੋਜੇਵਾਲ ਨੇ ਕਿਹਾ ਕਿ ਪੰਜਾਬ ਸ਼ਾਂਤੀ ਪਸੰਦ ਸੂਬਾ ਹੈ,ਜਿੱਥੇ ਆਪਸੀ ਭਾਈਚਾਰਾ ਅਤੇ ਲੋਕਾਂ ਦਾ ਆਪਸੀ ਪਿਆਰ ਬਹੁਤ ਮਜ਼ਬੂਤ ਹੈ।ਉਨ੍ਹਾਂ ਕਿਹਾ ਭਾਜਪਾ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।ਇਸ ਦੇ ਲਈ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੇ ਹੋਏ ਸਰਕਾਰ ਦੇ ਕੰਨਾਂ ਤਕ ਆਵਾਜ਼ ਪਹੁੰਚਾਉਣ ਲਈ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ।ਉਨ੍ਹਾਂ ਨੇ ਇਸ ਮੌਕੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ ਬਣਾਈ ਰੱਖਣ ਅਤੇ ਅਮਨ ਕਾਨੂੰਨ ਅਤੇ ਆਪਸੀ ਭਾਈਚਾਰੇ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਤਾਕਤਾਂ ਨੂੰ ਸਫ਼ਲ ਨਾ ਹੋਣ ਦੇਣ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly