ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦਾ ਮਾਮਲਾ ਮੁੜ ਵਿਚਾਰਿਆ ਜਾਵੇ: ਚੰਨੀ

Punjab Chief Minister Charanjit Singh Channi

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਹੱਦ ਨਾਲ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਅਤੇ 11 ਅਕਤੂਬਰ, 2021 ਦੇ ਨੋਟੀਫਿਕੇਸ਼ਨ ਤੋਂ ਪਹਿਲਾਂ ਵਾਲੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਬੀਐੱਸਐੱਫ ਅਤੇ ਪੰਜਾਬ ਪੁਲੀਸ ਮੁਲਕ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਦੇਸ਼ ਵਿਰੋਧੀ ਤਾਕਤਾਂ ਖ਼ਿਲਾਫ਼ ਇੱਕਜੁਟ ਹੋ ਕੇ ਕੰਮ ਕਰ ਸਕਣ। ਚੰਨੀ ਨੇ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ ’ਤੇ ਮੀਟਿੰਗ ਲਈ ਸਮਾਂ ਦੇਣ ਦੀ ਅਪੀਲ ਵੀ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਚੰਨੀ ਨੇ ਕਿਹਾ ਕਿ ਬੀਐੱਸਐੱਫ ਨੂੰ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਕਰਨ ਕਰਨ ਦੀ ਸਿਖਲਾਈ ਮਿਲਦੀ ਹੈ।

ਦੇਸ਼ ਅੰਦਰ ਅਮਨ-ਕਾਨੂੰਨ ਦੀ ਹਿਫਾਜ਼ਤ ਕਰਨ ਦੀ ਡਿਊਟੀ ਅਤੇ ਜ਼ਿੰਮੇਵਾਰੀ ਸੂਬਾਈ ਜਾਂ ਸਥਾਨਕ ਪੁਲੀਸ ਦੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲੀਸ ਅਮਨ-ਕਾਨੂੰਨ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ, ਜਿਸ ਨੇ ਅਤਿਵਾਦ ਨਾਲ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਸੀ। ਇਸ ਸਮੁੱਚੇ ਮਾਮਲੇ ’ਤੇ ਮੁੜ ਗੌਰ ਕਰਨ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਹੁਣ ਮੌਜੂਦਾ ਵਿਵਸਥਾ ਵਿਚ ਆਪਹੁਦਰੇ ਢੰਗ ਨਾਲ ਬਦਲਾਅ ਕਰਨ ਦਾ ਕੋਈ ਨਿਆਂਇਕ ਆਧਾਰ ਨਹੀਂ ਬਣਦਾ। ਉਨ੍ਹਾਂ ਪੱਤਰ ’ਚ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਸੂਬਾ ਸੂਚੀ ਤਹਿਤ ਪੁਲੀਸ ਅਤੇ ਅਮਨ-ਕਾਨੂੰਨ ਸੂਬਾਈ ਵਿਸ਼ੇ ਹਨ ਅਤੇ ਇਨ੍ਹਾਂ ਨੂੰ ਸੂਬਿਆਂ ਵੱਲੋਂ ਦੇਖਿਆ ਜਾ ਰਿਹਾ ਹੈ।

ਪੁਲੀਸ ਅਧਿਕਾਰੀਆਂ ਦੀਆਂ ਵਿਅਕਤੀਆਂ ਦੀ ਭਾਲ, ਜ਼ਬਤੀ ਅਤੇ ਗ੍ਰਿਫ਼ਤਾਰੀ ਦੀਆਂ ਸ਼ਕਤੀਆਂ, ਨਾ ਸਿਰਫ ਵੱਖ-ਵੱਖ ਐਕਟਾਂ ਅਧੀਨ ਸਜ਼ਾਯੋਗ ਅਪਰਾਧਾਂ, ਸਗੋਂ ਰਾਜ ਸਰਕਾਰਾਂ ਨਾਲ ਸਲਾਹ ਕੀਤੇ ਜਾਂ ਉਨ੍ਹਾਂ ਦੀ ਸਹਿਮਤੀ ਲਏ ਬਗ਼ੈਰ ਕਿਸੇ ਹੋਰ ਕੇਂਦਰੀ ਐਕਟ ਅਧੀਨ ਸਜ਼ਾਯੋਗ ਅਪਰਾਧ ਦੀ ਰੋਕਥਾਮ ਲਈ ਬੀਐੱਸਐੱਫ ਅਧਿਕਾਰੀਆਂ ਨੂੰ ਸੌਂਪਣਾ ਕੇਂਦਰ ਵੱਲੋਂ ਸੂਬੇ ਦੀਆਂ ਸ਼ਕਤੀਆਂ ਅਤੇ ਭੂਮਿਕਾ ’ਤੇ ਕਬਜ਼ਾ ਕਰਨ ਦੇ ਤੁੱਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਘਵਾਦ ਦੀ ਭਾਵਨਾ ਨੂੰ ਕਮਜ਼ੋਰ ਕਰਨ ਅਤੇ ਸੰਵਿਧਾਨ ਦੇ ਸੰਘੀ ਢਾਂਚੇ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐੱਨਸੀਬੀ ਮੇਰੀਆਂ ਵਟਸਐਪ ਚੈਟਸ ਦੇ ਗਲਤ ਮਤਲਬ ਕੱਢ ਰਹੀ ਹੈ: ਆਰੀਅਨ
Next articleਪੰਜਾਬੀ ਹੀ ਨਹੀਂ ਸਾਰੀਆਂ ਖੇਤਰੀ ਭਾਸ਼ਾਵਾਂ ਮਾਈਨਰ ਵਿਸ਼ਾ ਵਰਗ ’ਚ ਰੱਖੀਆਂ