ਬੇਗਮਪੁਰਾ ਦਾ ਪ੍ਰਬੰਧ ਬਨਾਉਣ ਦੀ ਲੋੜ
ਬਨਾਰਸ (ਸਮਾਜ ਵੀਕਲੀ) ਡੇਰਾ ਸਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਅਗਵਾਈ ਵਿੱਚ ਬਨਾਰਸ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਲੀਡਰਸ਼ਿਪ ਨਤਮਸਤਕ ਹੋਈ। ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਉਣ ਇੱਥੇ ਪਹੁੰਚਦੀਆਂ ਹਨ ਤੇ ਉਨ੍ਹਾਂ ਵਿੱਚ ਬਹੁਤ ਹੀ ਉਤਸ਼ਾਹ ਦੇਖਣ ਨੂੰ ਮਿਲਦਾ ਹੈ ਤੇ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਨਾਲ ਵੀ ਜੁੜਦੀਆਂ ਹਨ। ਸੰਗਤਾਂ ਨਾਲ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਬਸਪਾ ਲੀਡਰਸ਼ਿਪ ਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੂਬਾ ਪ੍ਰਧਾਨ ਦੇ ਨਾਲ ਬਸਪਾ ਦੇ ਸੂਬਾ ਇੰਚਾਰਜ ਤੇ ਨਵਾਂਸ਼ਹਿਰ ਤੋਂ ਵਿਧਾਇਕ ਡਾ. ਨਛੱਤਰ ਪਾਲ, ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਜ਼ਿਲ੍ਹਾ ਨਵਾਂਸ਼ਹਿਰ ਦੇ ਪ੍ਰਧਾਨ ਸਰਬਜੀਤ ਜਾਫਰਪੁਰ, ਚਰਨਜੀਤ ਮੰਢਾਲੀ, ਬਲਦੇਵ ਸਲਾਲਾ, ਐਨਆਰਆਈ ਸਾਥੀ ਸ਼ਿੰਦਾ ਕੌਲਧਰ, ਦੇਸਰਾਜ ਜਰਮਨੀ ਤੇ ਹੋਰ ਐਨਆਰਆਈ ਸਾਥੀ ਵੀ ਹਾਜ਼ਰ ਸਨ। ਇਸ ਮੌਕੇ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਪੁਰਬ ‘ਤੇ ਸਾਨੂੰ ਗੁਰੂ ਰਵਿਦਾਸ ਜੀ ਮਹਾਰਾਜ ਦੇ ਫਲਸਫੇ ਨੂੰ ਜਾਨਣ ਦੀ ਲੋੜ ਹੈ। ਗੁਰੂ ਰਵਿਦਾਸ ਜੀ ਮਹਾਰਾਜ ਨੇ ਬੇਗਮਪੁਰੇ ਦਾ ਫਲਸਫਾ ਦਿੱਤਾ, ਜਿਸ ਮੁਤਾਬਕ ਇੱਦਾਂ ਦੇ ਪ੍ਰਬੰਧ ਦੀ ਸਥਾਪਨਾ ਹੋਣੀ ਚਾਹੀਦੀ, ਜਿਸ ਵਿੱਚ ਕੋਈ ਵੀ ਦੁਖੀ ਨਹੀਂ ਹੋਣਾ ਚਾਹੀਦਾ ਤੇ ਸਾਰੇ ਬਰਾਬਰ ਵਸਣੇ ਚਾਹੀਦੇ ਹਨ। ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਸੂਬੇ ਤੇ ਦੇਸ਼ ਦਾ ਮੌਜ਼ੂਦਾ ਪ੍ਰਬੰਧ ਇਸ ਫਲਸਫੇ ‘ਤੇ ਖਰਾ ਨਹੀਂ ਉਤਰਦਾ ਤੇ ਲੋਕ ਬਹੁਤ ਪਰੇਸ਼ਾਨ ਹਨ। ਲੋਕਾਂ ਕੋਲ ਜੀਊਣ ਲਈ ਮੁੱਢਲੀਆਂ ਸੁਵਿਧਾਵਾਂ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਸੰਗਤ ਨੂੰ ਇਸ ਤਰ੍ਹਾਂ ਦਾ ਪ੍ਰਬੰਧ ਸਿਰਜਣ ਲਈ ਗਤੀਸ਼ੀਲ ਹੋਣਾ ਚਾਹੀਦਾ ਹੈ ਤੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਡਾ. ਕਰੀਮਪੁਰੀ ਨੇ ਇਹ ਵੀ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤਾਂ ਹਰ ਸਾਲ ਬਨਾਰਸ ਗੁਰਪੁਰਬ ਮਨਾਉਣ ਜਾਂਦੀਆ ਹਨ, ਪਰ ਉਨ੍ਹਾਂ ਲਈ ਯੋਗ ਪ੍ਰਬੰਧਾਂ ਦੀ ਬਹੁਤ ਘਾਟ ਹੁੰਦੀ ਹੈ ਤੇ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਵਾਰ ਵੀ ਸੰਗਤਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਤੇ ਕਈ ਟ੍ਰੇਨਾਂ ਹੀ ਰੱਦ ਹੋ ਗਈਆਂ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਅਜਿਹੀ ਵਿਵਸਥਾ ਵਿੱਚ ਸੁਧਾਰ ਦੀ ਲੋੜ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj