ਜਲੰਧਰ(ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਬਸਪਾ ਨੂੰ ਅਕਾਲੀ ਦਲ ਕੋਲ ਵਿਕਾਊ ਹੋਣ ਦੇ ਦਿੱਤੇ ਗਏ ਬਿਆਨ ਨੂੰ ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਉਨ੍ਹਾਂ ਦੀ ਬੌਖਲਾਹਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਸਪਾ ਦਾ ਹਾਥੀ ਕਾਂਗਰਸ ਦੇ ਪੰਜੇ ਨੂੰ ਕੁਚਲ ਰਿਹਾ ਹੈ। ਇੱਥੇ ਜਾਰੀ ਪ੍ਰੈੱਸ ਬਿਆਨ ’ਚ ਸ੍ਰੀ ਗੜ੍ਹੀ ਨੇ ਮੁੱਖ ਮੰਤਰੀ ਚੰਨੀ ਦੇ ਬਿਆਨ ਨੂੰ ਹਾਸੋਹੀਣਾ ਦੱਸਦਿਆਂ ਕਿਹਾ ਕਿ ਸਾਲ 2016 ਤੋਂ 2021 ਤੱਕ ਕਾਂਗਰਸ ਪਾਰਟੀ ਦੇ ਕੁੱਲ 224 ਸੰਸਦ ਮੈਂਬਰ ਤੇ ਵਿਧਾਇਕ ਕਾਂਗਰਸ ਪਾਰਟੀ ਨੂੰ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਥੇ ਹੀ ਮੱਧ ਪ੍ਰਦੇਸ਼ ਦੇ ਕਾਂਗਰਸ ਦੇ ਵੱਡੇ ਨੇਤਾ ਜਯੋਤਿਰਦਿੱਤਿਆ ਸਿੰਧੀਆ 27 ਵਿਧਾਇਕਾਂ ਨਾਲ ਸਾਲ 2020 ’ਚ ਭਾਜਪਾ ਵਿੱਚ ਸ਼ਾਮਲ ਹੋਏ ਅਤੇ ਸੂਬੇ ਵਿੱਚ ਬਣੀ ਕਾਂਗਰਸ ਦੀ ਸਰਕਾਰ ਨੂੰ ਵੀ ਡੇਗ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵਾਂਸ਼ਹਿਰ ਤੋਂ ਕਾਂਗਰਸ ਵਿਧਾਇਕ ਅੰਗਦ ਸਿੰਘ ਦੀ ਪਤਨੀ ਆਦਿਤੀ ਸਿੰਘ ਜੋ ਕਿ ਉੱਤਰ ਪ੍ਰਦੇਸ਼ ਦੇ ਰਾਇਬਰੇਲੀ ਤੋਂ ਵਿਧਾਇਕ ਹੈ, ਉਹ ਬੀਤੇ ਦਿਨੀਂ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਨਾਲ ਹੱਥ ਮਿਲਾ ਚੁੱਕੇ ਹਨ। ਗੜ੍ਹੀ ਨੇ ਕਿਹਾ ਕਿ ਇਨ੍ਹਾਂ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਕਾਂਗਰਸ ਪਾਰਟੀ ਦੇ ਨੇਤਾ ਹੀ ਭਾਜਪਾ ਦੀ ਬੀ ਟੀਮ ਹੈ। ਸ੍ਰੀ ਗੜ੍ਹੀ ਨੇ ਕਿਹਾ ਕਿ ਕਾਂਗਰਸ ਸਾਜ਼ਿਸ਼ ਤਹਿਤ ਬਸਪਾ ਨੂੰ ਤੋੜਨਾ ਚਾਹੁੰਦੀ ਹੈ ਪਰ ਉਨ੍ਹਾਂ ਦੀ ਕੋਈ ਵੀ ਕੋਸ਼ਿਸ਼ ਕਾਮਯਾਬ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਬਸਪਾ ਨੇ ਹੁਣ ਤੱਕ 17 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly