ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਵੋਟਰਾਂ ਦੀ ਮਹੱਤਵਪੂਰਨ ਭੂਮਿਕਾ – ਡਾ. ਅਕਸ਼ਿਤਾ ਗੁਪਤਾ

ਚੋਣ ਪ੍ਰਕਿਰਿਆ ’ਚ ਵਧੀਆ ਕਾਰਗੁਜ਼ਾਰੀ ਕਰਨ ਵਾਲਿਆਂ ਨੂੰ ਕੀਤਾ ਗਿਆ ਸਨਮਾਨਿਤ

ਨਵਾਂਸ਼ਹਿਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ- ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਦੀਆਂ ਹਦਾਇਤਾਂ ‘ਤੇ ਡੀ. ਏ. ਐਨ ਕਾਲਜ ਆਫ ਐਜੂਕੇਸ਼ਨ ਫਾਰ ਗਰਲਜ਼ ਨਵਾਂਸ਼ਹਿਰ ਵਿਖੇ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਨੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਵਾਸੀਆਂ ਨੂੰ ਰਾਸ਼ਟਰੀ ਵੋਟਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ ਹੈ ਅਤੇ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਵੋਟਰਾਂ ਦੀ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਇਸ ਨੂੰ ਸਫਲ ਬਣਾਉਣ ਵਿਚ ਵੋਟਰਾਂ ਦੀ ਭੂਮਿਕਾ ਅਹਿਮ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਆਪਣੇ ਵੋਟ ਦੀ ਵਰਤੋਂ ਕਰਨ ਦੇ ਨਾਲ-ਨਾਲ ਹੋਰਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ, ਕਿਉਂਕਿ ਵੋਟ ਦਾ ਅਧਿਕਾਰ ਬਹੁਤ ਮਹੱਤਵਪੂਰਨ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬਿਨਾਂ ਕਿਸੇ ਲਾਲਚ ਵਿਚ ਆਏ ਆਪਣੇ ਵਿਵੇਕ ਦੇ ਆਧਾਰ ’ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਵਿਦਿਆਰਥਣਾਂ ਨੇ ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ, ਭਾਸ਼ਣਾਂ, ਕਵਿਤਾਵਾਂ, ਗੀਤਾਂ, ਸਕਿੱਟਾਂ, ਡਾਂਸ ਅਤੇ ਗਿੱਧੇ ਰਾਹੀਂ ਭਾਰਤ ਦੇ ਮਜ਼ਬੂਤ ਲੋਕਤੰਤਰ ਅਤੇ ਵੋਟ ਦੀ ਮਹੱਤਤਾ ਅਤੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਇਸ ਮੌਕੇ ਨਵੇਂ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਦਿੱਤੇ ਗਏ ਅਤੇ ਵੋਟ ਪਾਉਣ ਸਬੰਧੀ ਸਹੁੰ ਵੀ ਚੁਕਾਈ ਗਈ। ਇਸੇ ਤਰ੍ਹਾਂ ਵੋਟਰ ਦਿਵਸ ਸਬੰਧੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਐਸ.ਡੀ.ਐਮ ਬਲਾਚੌਰ ਰਵਿੰਦਰ ਕੁਮਾਰ ਬਾਂਸਲ ਨੂੰ ਸਰਬੋਤਮ ਈ.ਆਰ.ਓ, ਠਾਕਰ ਪ੍ਰਕਾਸ਼ ਸਿੰਘ ਨੂੰ ਸਰਬੋਤਮ ਨੋਡਲ ਅਫ਼ਸਰ ਫਾਰ ਕਾਲਜਿਜ਼ ਅਤੇ ਰੇਸ਼ਮ ਲਾਲ ਨੂੰ ਸਰਬੋਤਮ ਬੀ.ਐਲ.ਓ ਵਜੋਂ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਚੋਣ ਪ੍ਰਕਿਰਿਆ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਹੋਰਨਾਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਬਾਬਾ ਸਾਹਿਬ ਡਾ ਅੰਬੇਡਕਰ ਜੀ ਦੇ ਅਣਥੱਕ ਮਿਹਨਤ ਨਾਲ ਭਾਰਤ ਦੇਸ਼ ਦਾ ਸੰਵਿਧਾਨ ਬਣਿਆ –ਮੈਡਮ ਪਰਮਿੰਦਰ ਕੌਰ ਕੰਗਰੌੜ
Next articleਉੱਤਰਾਖੰਡ ਵਿੱਚ ਅੱਜ ਤੋਂ ਯੂਨੀਫਾਰਮ ਸਿਵਲ ਕੋਡ, ਹਲਾਲਾ ਪ੍ਰਥਾ ਬੰਦ ਹੋਵੇਗੀ; ਜਾਣੋ ਕੀ ਬਦਲਾਅ ਆਉਣਗੇ