ਜਾਅਲੀ ਜਾਤੀ ਸਰਟੀਫਿਕੇਟ ਬਣਾ ਕੇ ਨੌਕਰੀ ਕਰਨ ਵਾਲਿਆਂ ਵਿਰੁੱਧ ਹੋਵੇ ਸਖ਼ਤ ਕਾਰਵਾਈ

ਫੋਟੋ ਕੈਪਸ਼ਨ : ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਣਕਾਰੀ ਦਿੰਦੇ ਚੇਅਰਮੈਨ ਸੋਹਨ ਲਾਲ ਤੇ ਹੋਰ ਟਰੱਸਟੀ.

ਜਲੰਧਰ (ਸਮਾਜ ਵੀਕਲੀ): ਅੰਬੇਡਕਰ ਭਵਨ ਟਰੱਸਟ (ਰਜਿ) ਦੇ ਵਿੱਤ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਟਰੱਸਟ ਦੀ ਸਬ-ਕਮੇਟੀ ਦੀ ਮੀਟਿੰਗ ਅੰਬੇਡਕਰ ਭਵਨ ਜਲੰਧਰ ਵਿਖੇ ਟਰੱਸਟ ਦੇ ਚੇਅਰਮੈਨ ਸੋਹਨ ਲਾਲ ਸਾਬਕਾ ਡੀ.ਪੀ.ਆਈ (ਕਾਲਜਾਂ) ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਰਵਸ਼੍ਰੀ ਲਾਹੌਰੀ ਰਾਮ ਬਾਲੀ, ਡਾਕਟਰ ਜੀ ਸੀ ਕੌਲ, ਬਲਦੇਵ ਰਾਜ ਭਾਰਦਵਾਜ, ਹਰਮੇਸ਼ ਜੱਸਲ ਅਤੇ ਚਰਨਦਾਸ ਸੰਧੂ ਹਾਜ਼ਰ ਸਨ। ਮੀਟਿੰਗ ਵਿੱਚ ਅੰਬੇਡਕਰ ਭਵਨ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਕੁਝ ਨਵੇਂ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਭਾਰਦਵਾਜ ਨੇ ਕਿਹਾ ਕਿ ਟਰੱਸਟ ਵੱਲੋਂ ਮੰਗ ਕੀਤੀ ਗਈ ਕਿ ਅਨੁਸੂਚਿਤ ਜਾਤੀਆਂ ਦੇ ਨਾਂ ‘ਤੇ ਜਾਅਲੀ ਜਾਤੀ ਸਰਟੀਫਿਕੇਟ ਬਣਾ ਕੇ ਉਨ੍ਹਾਂ ਦੀਆਂ ਅਸਾਮੀਆਂ ਹੜੱਪਣ ਵਾਲੇ ਗੈਰ-ਅਨੁਸੂਚਿਤ ਜਾਤੀ ਮੈਂਬਰਾਂ ਵਿਰੁੱਧ ਕਾਨੂੰਨ ਅਨੁਸਾਰ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਇਹ ਵੀ ਮੰਗ ਕੀਤੀ ਗਈ ਕਿ ਸਰਕਾਰ ਝੂਠੇ ਜਾਤੀ ਸਰਟੀਫਿਕੇਟਾਂ ਦੇ ਆਧਾਰ ‘ਤੇ ਨਿਯੁਕਤ ਕੀਤੇ ਗਏ ਗੈਰ-ਅਨੁਸੂਚਿਤ ਜਾਤੀ ਮੈਂਬਰਾਂ ਦੀਆਂ ਤਨਖਾਹਾਂ ਦੀ ਵਸੂਲੀ ਕਰੇ ਅਤੇ ਇਹ ਵਸੂਲੀ ਰਾਸ਼ੀ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ‘ਤੇ ਖਰਚ ਕਰੇ। ਭਾਰਦਵਾਜ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਸ਼ਾਂਤਮਈ ਢੰਗ ਨਾਲ ਅੰਦੋਲਨ ਕਰਕੇ ਮੰਗ ਕਰ ਰਹੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ‘ਤੇ ਕੀਤੇ ਗਏ ਲਾਠੀਚਾਰਜ ਦੀ ਟਰੱਸਟ ਵੱਲੋਂ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ ਅਤੇ ਟਰੱਸਟ ਨੇ ਮੰਗ ਕੀਤੀ ਕਿ ਸਰਕਾਰ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰੇ ਤਾਂ ਜੋ ਇਹ ਗਰੀਬ ਵਿਦਿਆਰਥੀ ਬਿਨਾਂ ਕਿਸੇ ਅੜਚਨ ਤੋਂ ਆਪਣੀ ਸਿੱਖਿਆ ਪ੍ਰਾਪਤ ਕਰ ਸਕਣ | ਭਾਰਦਵਾਜ ਨੇ ਅੱਗੇ ਕਿਹਾ ਕਿ ਟਰੱਸਟ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਓਲੰਪਿਕ ਜੇਤੂ ਖਿਡਾਰੀਆਂ ਨਾਲ ਹੋ ਰਹੀਆਂ ਵਧੀਕੀਆਂ ਨੂੰ ਰੋਕਣ ਲਈ ਕੇਂਦਰ ਸਰਕਾਰ ਤੁਰੰਤ ਹਰਕਤ ਵਿੱਚ ਆਵੇ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਅਮਲੀ ਰੂਪ ਵਿੱਚ ਲਾਗੂ ਕੀਤਾ ਜਾਵੇ।
ਬਲਦੇਵ ਰਾਜ ਭਾਰਦਵਾਜ
ਵਿੱਤ ਸਕੱਤਰ
ਅੰਬੇਡਕਰ ਭਵਨ ਟਰੱਸਟ (ਰਜਿ) ਜਲੰਧਰ

Previous articleਪੇਂਡੂ ਆਵਾਮ ਸਿਹਤ ਸਹੂਲਤਾਂ ਤੋਂ ਬੰਚਿਤ ਕਿਉਂ
Next articleफर्जी जाति प्रमाण पत्र लगाकर नौकरी करने वालों के खिलाफ सख्त कार्रवाई की जाए